-ਫਾਜ਼ਿਲਕਾ ਜ਼ਿਲ੍ਹੇ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ 230 ਅਤੇ ਰਾਜ ਵਿੱਚ 5000 ਵਾਧੂ ਬਿਸਤਰਿਆਂ ਦਾ ਪ੍ਰਬੰਧ ਕੀਤਾ ਜਾਵੇਗਾ-ਸਿਹਤ ਮੰਤਰੀ
•ਨਸ਼ਾ ਪੀੜਤਾਂ ਨੂੰ ਮਿਲੇਗਾ ਇਲਾਜ, ਤਸਕਰਾਂ ਦਾ ਇਕੋ ਟਿਕਾਣਾ ਜ਼ੇਲ੍ਹ
-ਮੌਸਮੀ ਬਿਮਾਰੀਆਂ ਨੂੰ ਰੋਕਣ ਲਈ ਸਿਹਤ ਵਿਭਾਗ ਤਿਆਰ
-
ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਵੱਲੋਂ ਰੰਗਲੇ ਪੰਜਾਬ ਦੇ ਲਏ ਸੰਕਲਪ ਦੀ ਸਿੱਧੀ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਨਸ਼ੇ ਤੋਂ ਮੁਕਤ ਇਕ ਸਿਹਤਮੰਦ ਸਮਾਜ ਬਣਾਉਣ ਲਈ ਆਪਣੀ ਪੂਰੀ ਤਾਕਤ ਝੋਕ ਦਿੱਤੀ ਹੈ। ਇਸ ਲਈ ਸੂਬੇ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਖੁਦ ਰਾਜ ਦੇ ਸਾਰੇ ਜ਼ਿਲ੍ਹਿਆਂ ਦਾ ਦੌਰਾ ਕਰਕੇ ਨਸ਼ੇ ਤੋਂ ਪੀੜਤਾਂ ਦੇ ਇਲਾਜ ਲਈ ਬੁਨਿਆਦੀ ਢਾਂਚੇ ਵਿਚ ਵਾਧੇ ਅਤੇ ਮੌਸਮੀ ਅਤੇ ਹੋਰ ਬਿਮਾਰੀਆਂ ਦੀ ਰੋਕਥਾਮ ਲਈ ਵਿਭਾਗ ਦੀ ਕਾਰਜਕੁਸ਼ਲਤਾ ਵਧਾ ਰਹੇ ਹਨ।
ਇਸ ਲੜੀ ਵਿਚ ਫਾਜ਼ਿਲਕਾ ਆਏ ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਨਸ਼ੇ ਤੋਂ ਪੀੜਤਾਂ ਦਾ ਸਰਕਾਰ ਵੱਲੋਂ ਮੁਫ਼ਤ ਇਲਾਜ ਕੀਤਾ ਜਾਵੇਗਾ ਪਰ ਨਸ਼ੇ ਦੀ ਤਸਕਰੀ ਵਿਚ ਲੱਗੇ ਲੋਕਾਂ ਨਾਲ ਕਾਨੂੰਨ ਕਰੜੇ ਹੱਥੀ ਨੱਜੀਠੇਗਾ ਅਤੇ ਅਜਿਹੇ ਲੋਕ ਆਪਣੇ ਅੰਤਮ ਮੁਕਾਮ ਜੇਲ੍ਹ ਜਾਣ ਲਈ ਤਿਆਰ ਰਹਿਣ। ਉਨ੍ਹਾਂ ਨੇ ਕਿਹਾ ਕਿ ਨਸ਼ਾ ਮੁਕਤ ਤੇ ਸਿਹਤ ਮੰਦ ਸਮਾਜ ਹੀ ਰੰਗਲੇ ਪੰਜਾਬ ਦੀ ਤਰੱਕੀ ਦਾ ਅਧਾਰ ਬਣੇਗਾ। ਉਨ੍ਹਾਂ ਨੇ ਆਖਿਆ ਕਿ ਨਸ਼ੇ ਦੀ ਸਪਲਾਈ ਲਾਈਨ ਟੁੱਟੀ ਹੈ ਜਿਸ ਕਾਰਨ ਪੀੜਤ ਇਲਾਜ ਲਈ ਨਸ਼ਾ ਮੁਕਤੀ ਕੇਂਦਰਾਂ ਤੇ ਆ ਰਹੇ ਹਨ ਅਤੇ ਪਹਿਲਾਂ ਦੇ ਮੁਕਾਬਲੇ ਇਹ ਗਿਣਤੀ ਵੱਧਣ ਲੱਗੀ ਹੈ। ਇਸ ਲਈ ਸਰਕਾਰ ਵੱਲੋਂ ਰਾਜ ਵਿਚ ਨਸ਼ਾ ਮੁਕਤੀ ਕੇਂਦਰਾਂ ਅਤੇ ਪੁਨਰਵਾਸ ਕੇਂਦਰਾਂ ਵਿਚ ਬਿਸਤਰਿਆਂ ਦੀ ਗਿਣਤੀ ਵਧਾਈ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਲਈ ਰਾਜ ਵਿਚ 5000 ਹੋਰ ਬਿਸਤਰਿਆਂ ਦਾ ਵਾਧਾ ਨਸ਼ਾ ਮੁਕਤੀ ਕੇਂਦਰਾਂ ਵਿਚ ਕੀਤਾ ਜਾ ਰਿਹਾ ਹੈ ਜਦ ਕਿ ਫਾਜਿਲ਼ਕਾ ਵਿਚ ਪਹਿਲਾਂ ਤੋਂ ਸਰਕਾਰੀ ਅਤੇ ਨਿੱਜੀ ਖੇਤਰ ਦੇ ਨਸ਼ਾ ਮੁਕਤੀ ਕੇਂਦਰਾਂ ਵਿਚ ਉਪਲਬੱਧ 110 ਬਿਸਤਰਿਆਂ ਤੋਂ ਇਲਾਵਾ 230 ਹੋਰ ਬਿਸਤਰਿਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਇਸੇ ਤਰਾਂ ਨਸ਼ਾ ਛੱਡਣ ਤੋਂ ਬਾਅਦ ਇੰਨ੍ਹਾਂ ਨੌਜਵਾਨਾਂ ਦਾ ਪੁਨਰਵਾਸ ਕੀਤਾ ਜਾਵੇਗਾ। ਇਸ ਲਈ ਫਾਜ਼ਿਲਕਾ ਦੇ ਪੁਨਰਵਾਸ ਕੇਂਦਰ ਦੀ ਸਮਰੱਥਾ 50 ਤੋਂ ਵਧਾ ਕੇ 75 ਕੀਤੀ ਜਾ ਰਹੀ ਹੈ। ਇੱਥੇ ਇੰਨ੍ਹਾਂ ਨੂੰ ਚੰਗੀ ਕਾਉਂਸਲਿੰਗ ਦੇਣ ਦੇ ਨਾਲ ਨਾਲ ਇੰਨ੍ਹਾਂ ਨੂੰ ਸਰਕਾਰੀ ਆਈਟੀਆਈ ਅਤੇ ਕ੍ਰਿਸ੍ਰੀ ਵਿਗਿਆਨ ਕੇਂਦਰਾਂ ਦੇ ਮਾਰਫਤ ਵੱਖ ਵੱਖ ਕਿੱਤਾਮੁੱਖੀ ਕੋਰਸ ਕਰਵਾਏ ਜਾਣਗੇ ਤਾਂ ਜੋ ਇਹ ਲੋਕ ਸਮਾਜ ਦੀ ਮੁੱਖ ਧਾਰਾ ਵਿਚ ਮੁੜ ਕੇ ਆਪਣਾ ਕੋਈ ਕੰਮ ਧੰਦਾ ਸ਼ੁਰੂ ਕਰ ਸਕਨ। ਸਿਹਤ ਮੰਤਰੀ ਨੇ ਦੱਸਿਆ ਕਿ ਨਸ਼ੇ ਛੱਡਣ ਵਾਲੇ ਵਿਅਕਤੀਆਂ ਨੂੰ ਮੁੜ ਤੋਂ ਮੁੱਖ ਧਾਰਾ ਵਿੱਚ ਸ਼ਾਮਲ ਕਰਕੇ ਬਿਹਤਰ ਜਿੰਦਗੀ ਜਿਉਣ ਦਾ ਮੌਕਾ ਪ੍ਰਦਾਨ ਕਰਨ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਸਕਿੱਲ ਡਿਵੈਲਪਮੈਂਟ ਕੋਰਸ ਤੋਂ ਇਲਾਵਾ ਯੋਗਾ ਕਲਾਸਾਂ ਅਤੇ ਖੇਡ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ । ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਜ ਵਿੱਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ ਲਈ ਸਕੂਲਾਂ ਦੇ ਪੱਧਰ ਤੋਂ ਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਜਾਗਰੂਕਤਾ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਖੇਡ ਮੈਦਾਨ, ਜਿੰਮ ਤੇ ਪਾਰਕ ਬਣਾਏ ਜਾ ਰਹੇ ਹਨ।
ਕੈਬਨਿਟ ਮੰਤਰੀ ਡਾ: ਬਲਬੀਰ ਸਿੰਘ ਨੇ ਸਥਾਨਕ ਸਰਕਾਰਾਂ ਵਿਭਾਗ, ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੱਛਰਾਂ ਤੇ ਗੰਦੇ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਤੁਰੰਤ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਦੀਆਂ ਟੈਂਕੀਆਂ ਦੀ ਨਿਰੰਤਰ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਡੇਂਗੂ, ਚਿਕਨਗੁਣੀਆਂ ਤੇ ਮਲੇਰੀਆ ਦੀ ਰੋਕਥਾਮ ਲਈ ਤੋਂ ਵਿਆਪਕ ਪੱਧਰ ਤੇ ਫੌਗਿੰਗ ਸ਼ੁਰੂ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਸਿਹਤ ਵਿਭਾਗ ਨੂੰ ਕਿਹਾ ਕਿ ਪਿੰਡਾਂ ਦੇ ਛੱਪੜਾਂ ਵਿੱਚ ਗੰਬੂਜੀਆ ਮੱਛੀਆਂ ਛੱਡਣ ਸਬੰਧੀ ਫੌਰੀ ਕਾਰਵਾਈ ਸ਼ੁਰੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਰੋਕਥਾਮ ਲਈ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ ਤੇ ਪੀਲੀਏ ਦੀ ਰੋਕਥਾਮ ਲਈ ਸ਼ਹਿਰਾਂ-ਪਿੰਡਾਂ ਵਿੱਚ ਵੱਧ ਤੋਂ ਵੱਧ ਪਾਣੀ ਦੇ ਸੈਂਪਲ ਲਏ ਜਾਣ। ਉਨ੍ਹਾਂ ਨੇ ਕਿਹਾ ਕਿ ਪਿੱਛਲੇ ਸਾਲ ਉਸਤੋਂ ਪਿੱਛਲੇ ਸਾਲ ਦੇ ਮੁਕਾਬਲੇ ਡੇਂਗੂ ਕਾਰਨ ਹੋਈਆਂ ਮੌਤਾਂ ਨੂੰ ਬਿਤਹਰ ਪ੍ਰਬੰਧਨ ਰਾਹੀਂ ਘੱਟ ਕੀਤਾ ਗਿਆ ਸੀ ਅਤੇ ਇਸ ਸਾਲ ਇਸ ਨੂੰ ਹੋਰ ਘੱਟ ਕੀਤਾ ਜਾਣਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕੰਮ ਵਿਚ ਪਿੰਡ ਸਿਹਤ ਕਮੇਟੀਆਂ ਦਾ ਯੋਗਦਾਨ ਵੀ ਲਿਆ ਜਾਵੇਗਾ।
ਸਿਹਤ ਮੰਤਰੀ ਨੇ ਇਹ ਵੀ ਦੱਸਿਆ ਕਿ ਸਰਕਾਰ ਬੀ ਐਸ ਸੀ ਨਰਸਿੰਗ ਦੇ ਵਿਦਿਆਰਥੀਆਂ ਨੂੰ ਵਿਸੇਸ਼ ਸਿਖਲਾਈ ਕਰਵਾਏਗੀ ਤਾਂ ਜੋ ਉਹ ਆਈਸੀਯੂ ਕੇਂਦਰਾਂ ਵਿਚ ਸਿਹਤ ਸੇਵਾਵਾਂ ਦੇਣ ਵਿਚ ਵਿਭਾਗ ਦੀ ਮਦਦ ਕਰ ਸਕਨ। ਇਸੇ ਤਰਾਂ ਡੇਂਗੂ ਦੇ ਲਾਰਵੇ ਦੀ ਪਹਿਚਾਣ ਸਬੰਧੀ ਸਕੂਲੀ ਵਿਦਿਆਰਥੀਆਂ ਨੂੰ ਵੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸਰਕਾਰ ਡਾਕਟਰਾਂ ਨੂੰ ਵੀ ਆਈਆਈਐਮ ਅਹਿਮਦਾਬਾਦ ਤੋਂ ਹੁਨਰ ਅਤੇ ਪ੍ਰਬੰਧਨ ਸਬੰਧੀ ਟ੍ਰੇਨਿੰਗ ਕਰਵਾਉਣ ਤੇ ਵਿਚਾਰ ਕਰ ਰਹੀ ਹੈ।
ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਸਰਕਾਰ ਹੈ ਜਿਸ ਨੇ ਸਾਰੇ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦੇਣ ਲਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਕਾਰਡ ਬਣਾਉਣ ਦਾ ਫੈਸਲਾ ਕੀਤਾ ਹੈ।
ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ, ਸਾਬਕਾ ਵਿਧਾਇਕ ਸ੍ਰੀ ਅਰੁਣ ਨਾਰੰਗ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸਐਸਪੀ ਸ: ਵਰਿੰਦਰ ਸਿੰਘ ਬਰਾੜ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਏਡੀਸੀ ਜਨਰਲ ਡਾ: ਮਨਦੀਪ ਕੌਰ, ਐਸਪੀ ਪ੍ਰਦੀਪ ਸੰਧੂ, ਐਸਡੀਐਮ ਕ੍ਰਿਸ਼ਨਾ ਪਾਲ ਰਾਜਪੂਤ ਅਤੇ ਕੰਵਰਜੀਤ ਸਿੰਘ ਮਾਨ, ਡਾ: ਐਰਿਕ ਅਤੇ ਡਾ: ਕਵਿਤਾ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਅਬੋਹਰ ਵਿਚ ਮਿਲੇਗੀ ਸੀਟੀ ਸਕੈਨ ਦੀ ਸੁਵਿਧਾ
ਕੈਬਨਿਟ ਮੰਤਰੀ ਨੇ ਇਸ ਮੌਕੇ ਦੱਸਿਆ ਕਿ ਅਬੋਹਰ ਦੇ ਸਬ ਡਵੀਜਨਲ ਹਸਪਤਾਲ ਵਿਚ ਸੀਟੀ ਸਕੈਨ ਦੀ ਸੁਵਿਧਾ ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਅਬੋਹਰ ਰਾਸ਼ਟਰੀ ਰਾਜ ਮਾਰਗ ਤੇ ਪੈਂਦਾ ਹੈ ਇਸ ਲਈ ਇਸ ਇਲਾਕੇ ਦੀ ਇਹ ਮੰਗ ਜਲਦੀ ਪੂਰੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਡਾਕਟਰਾਂ ਦੀ ਘਾਟ ਵੀ ਜਲਦ ਪੂਰੀ ਕੀਤੀ ਜਾਵੇਗੀ।
ਨਸ਼ਾ ਮੁਕਤੀ ਕੇਂਦਰ ਤੋਂ ਮਿਲੀ ਦਵਾਈ ਅੱਗੇ ਵੇਚੀ ਤਾਂ ਹੋਵੇਗੀ ਸਖ਼ਤ ਕਾਰਵਾਈ
ਸਿਹਤ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਨੇ ਨਸ਼ਾ ਮੁਕਤੀ ਕੇਂਦਰ ਤੋਂ ਮਿਲਣ ਵਾਲੀ ਦਵਾਈ ਕਿਸੇ ਨੂੰ ਅੱਗੇ ਵੇਚੀ ਤਾਂ ਅਜਿਹੇ ਲੋਕਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈ ਦੀ ਸਹੁਲਤ ਬੰਦ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਮਿਲਣ ਵਾਲੀਆਂ ਹੋਰ ਸਰਕਾਰੀ ਸਹੁਲਤਾਂ ਵੀ ਬੰਦ ਕਰ ਦਿੱਤੀਆਂ ਜਾਣਗੀਆਂ।
ਸਕੂਲਾਂ ਵਿਚ ਐਨਰਜੀ ਡ੍ਰਿੰਕ ਨਾ ਵਰਤਨ ਦੀ ਹਦਾਇਤ
ਸਿਹਤ ਮੰਤਰੀ ਨੇ ਕਿਹਾ ਕਿ ਸਕੂਲਾਂ ਦੀਆਂ ਕੰਟੀਨਾਂ ਵਿਚ ਐਨਰਜੀ ਡ੍ਰਿੰਕ ਦੇ ਨਾਂਅ ਤੇ ਵਿਕਣ ਵਾਲੇ ਪੇਅ ਪਦਾਰਥ ਰੱਖਣ ਤੇ ਰੋਕ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਅਜਿਹੇ ਐਨਰਜੀ ਡ੍ਰਿੰਕ ਨਾ ਦੇਣ ਕਿਉਂਕਿ ਇਹ ਸਿਹਤ ਲਈ ਹਾਨੀਕਾਰਕ ਹੁੰਦੇ ਹਨ।
ਪੀਣ ਦੇ ਪਾਣੀ ਅਤੇ ਖਾਣ ਪੀਣ ਦੀਆਂ ਵਸਤਾਂ ਦੀ ਜਾਂਚ ਦੇ ਨਿਰਦੇਸ਼
ਸਿਹਤ ਮੰਤਰੀ ਡਾ: ਬਲਬੀਰ ਸਿੰਘ ਨੇ ਹਦਾਇਤ ਕੀਤੀ ਕਿ ਪੀਣ ਦੇ ਪਾਣੀ ਅਤੇ ਖਾਣ ਪੀਣ ਦੀਆਂ ਵਸਤਾਂ ਦੇ ਨਮੂਨੇ ਲੈ ਕੇ ਜਿਆਦਾ ਤੋਂ ਜਿਆਦਾ ਗਿਣਤੀ ਵਿਚ ਜਾਂਚ ਕੀਤੇ ਜਾਣ ਅਤੇ ਮਿਲਾਵਟਖੋਰਾਂ ਖਿਲਾਫ ਸਖ਼ਤ ਕਾਰਵਾਈ ਦੇ ਹੁਕਮ ਉਨ੍ਹਾਂ ਨੇ ਵਿਭਾਗ ਨੂੰ ਦਿੱਤੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਸ ਤੋਂ ਬਿਨ੍ਹਾਂ ਵਿਭਾਗ ਦੀ ਫੂਡ ਸੇਫਟੀ ਵੈਨ ਵੀ ਹਫਤ਼ੇ ਵਿਚ ਤਿੰਨ ਜ਼ਿਲ੍ਹੇ ਵਿਚ ਆਵੇਗੀ ਜਿੱਥੋਂ ਕੋਈ ਵੀ 50 ਰੁਪਏ ਦੀ ਫੀਸ ਦੇਕੇ ਭੋਜਨ ਪਦਾਰਥਾਂ ਦੀ ਗੁਣਵਤਾ ਦੀ ਜਾਂਚ ਕਰਵਾ ਸਕਦਾ ਹੈ। ਹਾਲਾਂਕਿ ਇਸ ਵੈਨ ਦੀ ਜਾਂਚ ਰਿਪੋਰਟ ਕਾਰਵਾਈ ਲਈ ਨਹੀਂ ਹੈ ਸਗੋਂ ਇਹ ਜਨ ਜਾਗਰੂਕਤਾ ਲਈ ਹੈ। ਜਦ ਕਿ ਵਿਭਾਗ ਵੱਲੋਂ ਲਏ ਗਏ ਸੈਂਪਲ ਅਗਰ ਫੇਲ ਹੁੰਦੇ ਹਨ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਪੰਜਾਬ ਸਰਕਾਰ ਨੇ ਬੁੱਢੇ ਨਾਲੇ ਨੂੰ ਸਾਫ ਕਰਨ ਦਾ ਬੀੜਾ ਚੁੱਕਿਆ ਹੈ ਅਤੇ ਸੰਤ ਬਲਬੀਰ ਸਿੰਘ ਸੀਜੇਵਾਲ ਦੀ ਅਗਵਾਈ ਵਿਚ ਇਹ ਪ੍ਰੋਜੈਕਟ ਚੱਲ ਰਿਹਾ ਹੈ ਅਤੇ ਗੰਦੇ ਪਾਣੀ ਦੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇਗਾ
Powered by Froala Editor
Yudh-Nashian-Virudh-Dr-Balbir-Singh-Health-Minister-Punjab-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)