ਜਲੰਧਰ ਲੋਕ ਸਭਾ ਜ਼ਿਮਨੀ ਚੋਣ ਦਾ ਮਾਹੌਲ ਪੂਰੀ ਤਰ੍ਹਾਂ ਭਖ਼ ਚੁੱਕਾ ਹੈ। ਆਮ ਆਦਮੀ ਪਾਰਟੀ ਵੱਲੋਂ ਜਗ੍ਹਾ-ਜਗ੍ਹਾ ਕੀਤੀਆਂ ਜਾ ਰਹੀਆਂ ਮੀਟਿੰਗਾਂ ਵਿੱਚ ਲੋਕਾਂ ਦਾ ਉਤਸ਼ਾਹ ਵੇਖਣ ਵਾਲਾ ਹੈ। ਇਸੇ ਲੜ੍ਹੀ ਤਹਿਤ ਜਲੰਧਰ ਅਧੀਨ ਪੈਂਦੇ ਕਸਬੇ ਲਾਡੋਵਾਲੀ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸ਼ਿਰਕਤ ਕੀਤੀ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ. ਬਰਸਟ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਹਲਕੇ ਵਿੱਚ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ ਅਤੇ ਆਪ ਦੇ ਸਮੂਹ ਆਗੂ ਰੋਜ਼ਾਨਾਂ ਪੰਜ-ਪੰਜ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲੰਧਰ ਲੋਕਸਭਾ ਹਲਕੇ ਵਿੱਚ ਹੁਣ ਤੱਕ 200 ਤੋਂ ਵੱਧ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ ਹਰ ਜਗ੍ਹਾ ਲੋਕਾਂ ਵਿੱਚ ਪਾਰਟੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਜਿਤਾਉਣ ਲਈ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਲਾਡੋਵਾਲੀ ਵਿਖੇ ਕਰਵਾਏ ਪ੍ਰੋਗਰਾਮ ਵਿੱਚ ਆਪ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਰਿੰਦਰ ਮੋਦੀ ਨੇ ਪ੍ਰਧਾਨ-ਮੰਤਰੀ ਬਣਨ ਤੋਂ ਪਹਿਲਾਂ ਦੇਸ਼ਵਾਸੀਆਂ ਨਾਲ ਇਹ ਵਾਅਦਾ ਕੀਤਾ ਸੀ ਕਿ ਉਹ ਵਿਦੇਸ਼ਾਂ ਚੋਂ ਕਾਲਾ ਧੰਨ ਵਾਪਿਸ ਲਿਆਉਣਗੇ ਅਤੇ ਦੇਸ਼ ਦੇ ਹਰ ਨਾਗਰਿਕ ਦੇ ਖਾਤੇ ਵਿਚ 15 -15 ਲੱਖ ਰੁਪਏ ਪਾਉਣਗੇ। ਪਰ ਮੋਦੀ ਸਰਕਾਰ ਬਣਨ ਦੇ ਲਗਭਗ ਇੱਕ ਦਹਾਕੇ ਬਾਅਦ ਵੀ ਹੁਣ ਤੱਕ ਕਾਲਾ ਧੰਨ ਵਾਪਿਸ ਨਹੀਂ ਆਇਆ, ਉਲਟਾ ਸਗੋਂ ਦੇਸ਼ ਵਾਸੀਆਂ ਦੀ ਖ਼ੂਨ-ਪਸੀਨੇ ਦਾ ਚਿੱਟਾ ਧੰਨ ਵੀ ਨੀਰਵ ਮੋਦੀ ਅਤੇ ਵਿਜੈ ਮਾਲਿਆ ਵਰਗੇ ਲੋਕ ਲੈ ਕੇ ਫ਼ਰਾਰ ਹੋ ਗਏ ਅਤੇ ਉਨ੍ਹਾਂ ਦੇ ਅੱਜ ਤੱਕ ਕੋਈ ਕਾਰਵਾਈ ਵੀ ਨਹੀਂ ਹੋਈ। ਹਰਚੰਦ ਸਿੰਘ ਬਰਸਟ ਨੇ ਅੱਗੇ ਕਿਹਾ ਕਿ ਪ੍ਰਧਾਨ-ਮੰਤਰੀ ਨਰਿੰਦਰ ਮੋਦੀ ਨੇ ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵੀ ਵਾਅਦਾ ਕੀਤਾ ਸੀ, ਜੋ ਪੂਰਾ ਤਾਂ ਕੀ ਕਰਨਾ ਸੀ, ਸਗੋ ਦੇਸ਼ ਦੇ ਸਰਕਾਰੀ ਅਦਾਰੇ ਵੀ ਅੰਬਾਨੀ-ਅਡਾਨੀ ਨੂੰ ਗਹਿਣੇ ਦੇ ਕੇ ਬਰਬਾਦ ਕਰ ਦਿੱਤੇ, ਜਿਸ ਵਿਚ ਹਵਾਈ ਅੱਡੇ, ਰੇਲਵੇ ਸਟੇਸ਼ਨ, ਕੋਲੇ ਦੀਆਂ ਖਾਣਾ ਸਭ ਸ਼ਾਮਿਲ ਹਨ। ਮੋਦੀ ਸਰਕਾਰ ਦੀ ਇਸ ਹਰਕਤ ਨਾਲ ਸਾਡੇ ਦੇਸ਼ ਦੀ ਆਰਥਿਕਤਾ ਤਬਾਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਅਕਾਲੀ ਤੇ ਕਾਂਗਰਸ ਪਾਰਟੀ ਨੇ ਵੀ ਪੰਜਾਬ ਦੇ ਲੋਕਾਂ ਦੇ ਸਿਰ ਤੇ 3.5 ਲੱਖ ਕਰੋੜ ਦਾ ਕਰਜ਼ਾ ਚਾੜ੍ਹਿਆ ਅਤੇ ਜਨਤਕ ਅਦਾਰਿਆਂ ਦਾ ਘਾਣ ਕੀਤਾ। ਉਨ੍ਹਾਂ ਕਿਹਾ ਕਿ ਅੱਜ ਹਰ ਇਕ ਪੰਜਾਬੀ ਦੇ ਸਿਰ ਇਕ ਲੱਖ ਦਾ ਕਰਜ਼ਾ ਹੈ। ਆਪ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜਦੋਂ ਤੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ ਉਦੋਂ ਤੋਂ ਪੰਜਾਬ ਦੇ 80 ਪ੍ਰਤੀਸ਼ਤ ਤੋਂ ਵੱਧ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਹੋ ਗਏ ਹਨ, 28000 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਚੁੱਕਾ ਹੈ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾ ਰਹੇ ਹਨ, 500 ਤੋਂ ਵੱਧ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ ਜਿਨ੍ਹਾਂ ਵਿੱਚ ਸਾਰੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ। ਸ.ਬਰਸਟ ਨੇ ਦੱਸਿਆ ਕਿ ਪੰਜਾਬ ਵਿਚਲੀ ਮਾਨ ਸਰਕਾਰ ਦੀਆਂ ਨੀਤੀਆਂ ਅਤੇ ਕਾਰਜਾਂ ਤੋਂ ਪ੍ਰਭਾਵਿਤ ਹੋਕੇ ਜਲੰਧਰ ਹਲਕੇ ਦੇ ਲੋਕਾਂ ਨੇ ਆਪ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਜ਼ਿਮਨੀ ਚੋਣ ਵਿੱਚ ਵੱਡੀ ਫ਼ਰਕ ਨਾਲ ਜਿਤਾਉਣ ਦਾ ਪੱਕਾ ਫ਼ੈਸਲਾ ਕਰ ਲਿਆ ਹੈ। ਜਿਕਰਯੋਗ ਹੈ ਕਿ ਇਸ ਸਮਾਗਮ ਦੌਰਾਨ ਬਰਸਟ ਤੋਂ ਇਲਾਵਾ ਕੈਬਨਿਟ ਮੰਤਰੀ ਅਮਨ ਅਰੋੜਾ, ਪ੍ਰੋਗਰਾਮ ਦਾ ਪ੍ਰਬੰਧ ਕਰਵਾਉਣ ਵਾਲੇ ਰਾਜਿੰਦਰ ਸਿੰਘ ਰੀਹਲ ਅਤੇ ਹੋਰ ਕਈ ਪਤਵੰਤੇ ਸੱਜਣ ਹਾਜ਼ਰ ਸਨ।
Aam-Aadmi-Party-Punjab-Political-Party
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)