ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਵਲੋਂ ਨਸ਼ਾਖੋਰੀ ਵਿਰੁੱਧ ਮਹੀਨਾਵਾਰ ਜਾਗਰੂਕਤਾ ਮੁਹਿੰਮ ਦਾ ਆਗਾਜ਼ - ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ 360-ਡਿਗਰੀ ਪਹੁੰਚ ਅਪਣਾਈ ਜਾਵੇਗੀ - ਡੀ.ਸੀ. ਸੁਰਭੀ ਮਲਿਕ - ਸ਼ਹਿਰ ਵਿੱਚ ਨਸ਼ੇ ਦੇ 48 ਹੌਟਸਪੌਟ ਨਸ਼ਿਆਂ ਦੀ ਲਾਹਨਤ ਨੂੰ ਪੂਰੀ ਤਰ੍ਹਾਂ ਨਕੇਲ ਪਾਉਣ ਦੇ ਮੰਤਵ ਨਾਲ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸਿਵਲ ਸੁਸਾਇਟੀ, ਉਦਯੋਗ, ਵਿੱਦਿਅਕ ਸੰਸਥਾਵਾਂ, ਗੈਰ ਸਰਕਾਰੀ ਸੰਗਠਨਾਂ ਅਤੇ ਹੋਰਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਮਹੀਨਾ ਭਰ ਚੱਲਣ ਵਾਲੀ ਜਨ ਪੱਧਰੀ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਅਤੇ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਵਲੋਂ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਪ੍ਰਾਪਤੀ ਲਈ ਸਾਰੇ ਭਾਗੀਦਾਰਾਂ ਦੇ ਸਹਿਯੋਗ ਨੂੰ ਮਜ਼ਬੂਤ ਕਰਨ ਲਈ ਇਹ ਮੁਹਿੰਮ ਸਾਡਾ ਦ੍ਰਿੜ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸਕੂਲ ਅਤੇ ਕਾਲਜ ਦੇ ਵਿਦਿਆਰਥੀਆਂ, ਪ੍ਰਾਈਵੇਟ ਸਿਹਤ ਸੰਸਥਾਵਾਂ ਅਤੇ ਉਦਯੋਗਾਂ ਦੁਆਰਾ ਇਸ ਖਤਰੇ ਵਿਰੁੱਧ ਜਾਗਰੂਕਤਾ ਮੁਹਿੰਮ ਨੂੰ ਸ਼ਹਿਰ ਦੇ ਹਰ ਕੋਨੇ-ਕੋਨੇ ਵਿੱਚ ਯਕੀਨੀ ਬਣਾਇਆ ਜਾਵੇਗਾ ਅਤੇ ਪੁਲਿਸ ਵੱਲੋਂ ਨਸ਼ੇ ਦੇ ਸੌਦਾਗਰਾਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਨਸ਼ਿਆਂ ਦੇ 48 ਹੌਟਸਪੌਟਸ ਦੀ ਸ਼ਨਾਖਤ ਕੀਤੀ ਗਈ ਹੈ, ਜਿੱਥੇ ਨਸ਼ਿਆਂ ਦੀ ਰੋਕਥਾਮ ਲਈ ਵੱਡੇ ਪੱਧਰ ਤੇ ਵੱਖ-ਵੱਖ ਗਤੀਵਿਧੀਆਂ ਚਲਾਉਣ ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿਹਤ ਸੰਸਥਾਵਾਂ ਵੱਲੋਂ ਨਸ਼ੇ ਤੇ ਨਿਰਭਰ ਵਿਅਕਤੀਆਂ ਨੂੰ ਇਲਾਜ ਅਤੇ ਸਲਾਹ ਸੇਵਾਵਾਂ ਪ੍ਰਦਾਨ ਕਰਨ ਲਈ ਵਿਸ਼ੇਸ਼ ਮੈਡੀਕਲ ਕੈਂਪ ਵੀ ਲਗਾਏ ਜਾਣਗੇ। ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਆਉਣ ਵਾਲੇ ਲੋਕ ਭਾਸ਼ਣ ਦੇਣਗੇ ਅਤੇ ਆਪਣੀਆਂ ਕਹਾਣੀਆਂ ਸਾਂਝੀਆਂ ਕਰਨਗੇ ਤਾਂ ਜੋ ਦੂਜਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਲਈ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਤੇ ਗਤੀਸ਼ੀਲ ਅਗਵਾਈ ਹੇਠ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਜੜ੍ਹੋਂ ਖਤਮ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ੇ ਤੇ ਨਿਰਭਰ ਨੌਜਵਾਨਾਂ ਦੇ ਇਲਾਜ ਲਈ ਨਸ਼ਾ ਛੁਡਾਊ ਅਤੇ ਓਟ ਸੈਂਟਰ ਖੋਲ੍ਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਕੇਂਦਰ ਨਸ਼ੇ ਤੇ ਨਿਰਭਰ ਨੌਜਵਾਨਾਂ ਦੇ ਸਹੀ ਇਲਾਜ ਅਤੇ ਕਾਉਂਸਲਿੰਗ ਰਾਹੀਂ ਨਸ਼ਿਆਂ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਕਰਕੇ ਉਨ੍ਹਾਂ ਦੀ ਜ਼ਿੰਦਗੀ ਬਦਲ ਰਹੇ ਹਨ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਿਵਲ ਸੁਸਾਇਟੀ ਦੇ ਸਹਿਯੋਗ ਨਾਲ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ 360 ਡਿਗਰੀ ਪਹੁੰਚ ਅਪਣਾਈ ਜਾ ਰਹੀ ਹੈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਬਣਨ ਕਿਉਂਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਚੁੰਗਲ ਤੋਂ ਬਚਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ, ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਤਬਾਹ ਕਰ ਰਹੇ ਹਨ। ਕੁਝ ਰੈਸਟੋਰੈਂਟਾਂ, ਪੱਬਾਂ ਅਤੇ ਹੋਟਲਾਂ ਵਿੱਚ ਹੁੱਕਾ ਪਰੋਸਣ ਬਾਰੇ ਪੁੱਛਣ ਤੇ ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ ਨੇ ਕਿਹਾ ਕਿ ਇਸ ਸਬੰਧ ਵਿੱਚ ਪਹਿਲਾਂ ਹੀ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਐਸ.ਐਚ.ਓਜ਼ ਨੂੰ ਅਜਿਹੇ ਖਾਣ-ਪੀਣ ਵਾਲਿਆਂ ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਜਾ ਰਹੇ ਹਨ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਿਸ਼ੇਸ਼ ਕਰੈਕ ਟੀਮਾਂ ਗਠਿਤ ਕਰਕੇ ਪਹਿਲਾਂ ਹੀ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਵਿਕਾਸ ਅਤੇ ਤਰੱਕੀ ਦੇ ਹਿੱਤ ਵਿੱਚ ਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਪ੍ਰਸ਼ਾਸਨ ਦਾ ਹਰ ਵਰਗ ਨੂੰ ਸਾਥ ਦੇਣਾ ਜ਼ਰੂਰੀ ਹੈ।
News-punjabi-ludhiana-police-commissioner-kaustubh-sharma-and-dc-surbhi-malik
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)