ਪੰਜਾਬ ਸਰਕਾਰ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਝੋਨੇ ਦੀ ਫਸਲ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਵਧੀਕ ਮੁੱਖ ਸਕੱਤਰ ਨੇ ਕਿਸਾਨਾਂ ਨੂੰ ਫਸਲ ਦੀ ਕੀਤੀ ਜਾ ਰਹੀ ਅਦਾਇਗੀ ਦੇ ਨਾਲ-ਨਾਲ ਅਧਿਕਾਰੀਆਂ ਨੂੰ ਝੋਨੇ ਚੁਕਾਈ ਨੂੰ ਤੇਜ਼ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਖਰੀਦ ਨਾਲ ਸਬੰਧਤ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਝੋਨੇ ਦੀ ਫਸਲ ਦਾ ਘੱਟੋ-ਘੱਟ ਸਮਰਥਨ ਮੁੱਲ ਮਿਲਣਾ ਯਕੀਨੀ ਬਣਾਇਆ ਜਾਵੇ ਅਤੇ ਕਿਹਾ ਕਿ ਐਮ.ਐਸ.ਪੀ. ਤੋਂ ਘੱਟ ਖਰੀਦ ਕਿਸੇ ਕੀਮਤ ‘ਤੇ ਨਾ ਹੋਣ ਦਿੱਤੀ ਜਾਵੇ।
ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚੋਂ ਝੋਨੇ ਦੇ ਇੱਕ-ਇੱਕ ਦਾਣੇ ਦੀ ਖਰੀਦ ਅਤੇ ਲਿਫਟਿੰਗ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਨਿਰਵਿਘਨ ਖਰੀਦ ਲਈ ਢੁਕਵੀਂ ਵਿਵਸਥਾ ਨੂੰ ਯਕੀਨੀ ਬਣਾ ਕੇ ਕਿਸਾਨਾਂ ਦੀ ਸਹੂਲਤ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ 'ਤੇ ਹੀ ਅਦਾਇਗੀ ਕਰਨ ਲਈ ਵਿਸ਼ੇਸ਼ ਵਿਧੀ ਵਿਕਸਿਤ ਕੀਤੀ ਗਈ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਵਧੀਕ ਮੁੱਖ ਸਕੱਤਰ ਨੂੰ ਭਰੋਸਾ ਦਿੱਤਾ ਕਿ ਸੰਗਰੂਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਜਿਣਸ ਦੀ ਵਿਕਰੀ ਲਈ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ, ਡੀ.ਐਫ.ਐਸ.ਸੀ. ਗੁਰਪ੍ਰੀਤ ਸਿੰਘ ਕੰਗ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ ਵੀ ਹਾਜ਼ਰ ਸਨ।