* ਮੰਡੀਆਂ ਵਿੱਚ ਖਰੀਦੇ ਗਏ ਝੋਨੇ ਦੀ ਨਾਲੋ-ਨਾਲ ਲਿਫਟਿੰਗ ਕਰਵਾਉਣ ਵਿੱਚ ਹੋਰ ਤੇਜੀ ਲਿਆਂਦੀ ਜਾਵੇ-ਡਾ ਪੱਲਵੀ
· ਕਿਹਾ, ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਖੇਤਾਂ ਵਿੱਚ ਹੀ ਰਲਾਉਣ ਨੂੰ ਤਰਜ਼ੀਹ ਦੇਣ ਕਿਸਾਨ
ਮਾਲੇਰਕੋਟਲਾ 04 ਨਵੰਬਰ:
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚੋਂ ਕਰੀਬ 70,034 ਮੀਟਰਿਕ ਝੋਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ ਅਤੇ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 337.41 ਕਰੋੜ ਰੁਪਏ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜੋ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ 48 ਘੰਟਿਆਂ ਦੀ ਅਦਾਇਗੀ ਦੇ ਸਨਮੁੱਖ 111 ਫੀਸਦੀ ਬਣੀ ਹੈ।
ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਮੰਡੀਆਂ ਵਿੱਚ ਕਿਸਾਨਾਂ ਦੇ ਇੱਕ ਇੱਕ ਝੋਨੇ ਦੀ ਦਾਣਾ ਖਰੀਦਣ ਦੀ ਵਚਨਬੱਧਤਾ ਨੂੰ ਦੁਹਰਾਉਦਿਆਂ ਦੱਸਿਆ ਕਿ ਹੁਣ ਤੱਕ(03 ਨਵੰਬਰ)1,74,684 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1,55,130 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚੋਂ 70,034 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਵਿੱਚੋਂ ਪਨਗ੍ਰੇਨ ਵੱਲੋਂ 92,470 ਮੀਟਰਿਕ ਟਨ, ਮਾਰਕਫੈੱਡ ਵੱਲੋਂ 34,695 ਮੀਟਰਿਕ ਟਨ, ਪਨਸਪ ਵੱਲੋਂ 13,125 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 14,558 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 282 ਮੀਟਰਿਕ ਟਨ ਝੌਨੇ ਦੀ ਖਰੀਦ ਕੀਤੀ ਗਈ ਹੈ।
ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀਆਂ ਵਿੱਚ ਖਰੀਦੇ ਗਏ ਝੋਨੇ ਦੀ ਨਾਲੋ-ਨਾਲ ਲਿਫਟਿੰਗ ਕਰਵਾਉਣ ਵਿੱਚ ਤੇਜੀ ਲਿਆਂਦੀ ਜਾਵੇ ਤਾਂ ਜੋ ਮੰਡੀਆਂ ਵਿੱਚ ਖਰੀਦੀ ਗਈ ਫਸਲ ਦੇ ਢੇਰ ਨਾ ਲੱਗਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤਾਂ ਵਿੱਚ ਹੀ ਰਲਾਉਣ ਨੂੰ ਤਰਜ਼ੀਹ ਦਿੱਤੀ ਜਾਵੇ ਤਾਂ ਜੋ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕੇ।