*•ਪਸ਼ੂ ਪਾਲਣ ਮੰਤਰੀ ਵੱਲੋਂ ਐਲ.ਐਸ.ਡੀ. ਖ਼ਿਲਾਫ਼ ਵਿਆਪਕ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਹੁਕਮ* *•ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦਾ ਜਾਇਜ਼ਾ ਵੀ ਲਿਆ* ... ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ 21ਵੀਂ ਪਸ਼ੂਧਨ ਗਣਨਾ ਨੂੰ ਫਰਵਰੀ, 2025 ਦੇ ਅੰਤ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਪਸ਼ੂਆਂ ਦੀਆਂ ਨਸਲਾਂ ਅਤੇ ਹੋਰ ਵਿਸ਼ੇਸ਼ਤਾਵਾਂ ਦੇ ਆਧਾਰ ‘ਤੇ ਸ਼੍ਰੇਣੀਬੱਧ ਕੀਤੇ ਗਏ ਪਸ਼ੂਆਂ ਦੀ ਗਿਣਤੀ ਸਬੰਧੀ ਸਟੀਕ ਡੇਟਾ ਇਕੱਤਰ ਕਰਨ 'ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਵਿਆਪਕ ਸਰਵੇਖਣ ਇੱਕ ਮਹੱਤਵਪੂਰਨ ਮਾਪਦੰਡ ਵਜੋਂ ਕੰਮ ਕਰੇਗਾ, ਜੋ ਪਸ਼ੂਧਨ ਖੇਤਰ ਦੀ ਮੌਜੂਦਾ ਸਥਿਤੀ ਨੂੰ ਉਜਾਗਰ ਕਰੇਗਾ ਅਤੇ ਇਸ ਸਬੰਧੀ ਭਵਿੱਖੀ ਯੋਜਨਾਬੰਦੀ ਲਈ ਮਾਰਗਦਰਸ਼ਨ ਕਰੇਗਾ। ਇਸ ਦੇ ਨਾਲ ਹੀ ਇਹ ਲੋੜ ਮੁਤਾਬਕ ਫੈਸਲੇ ਲੈਣ ਅਤੇ ਖੇਤਰ ਵਿੱਚ ਸਥਾਈ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਕਰੇਗਾ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ ਦੇ ਚੇਅਰਮੈਨ ਡਾ. ਸੁਖਪਾਲ ਸਿੰਘ ਸਮੇਤ ਐਸ.ਏ.ਐਸ. ਨਗਰ (ਮੋਹਾਲੀ) ਦੇ ਸੈਕਟਰ-68 ਸਥਿਤ ਪਸ਼ੂਧਨ ਕੰਪਲੈਕਸ ਵਿਖੇ ਵਿਭਾਗ ਵੱਲੋਂ ਲਾਗੂ ਕੀਤੇ ਜਾ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਕਰਨ ਲਈ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਅਗਲੇ ਹਫ਼ਤੇ ਤੋਂ ਸੂਬੇ ਵਿੱਚ ਲੰਪੀ ਸਕਿਨ ਬਿਮਾਰੀ (ਐਲ.ਐਸ.ਡੀ.) ਵਿਰੁੱਧ ਵਿਆਪਕ ਟੀਕਾਕਰਨ ਮੁਹਿੰਮ ਸ਼ੁਰੂ ਕਰਨ ਦੇ ਵੀ ਹੁਕਮ ਦਿੱਤੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਸ ਘਾਤਕ ਬਿਮਾਰੀ ਨੂੰ ਰੋਕਣ ਲਈ ਸਾਰੇ 25 ਲੱਖ ਗਊ ਵੰਸ਼ ਦੇ ਟੀਕਾਕਰਨ ਲਈ ਲੋੜੀਂਦੀ ਗਿਣਤੀ ਵਿੱਚ ਗੌਟ ਪੌਕਸ ਵੈਕਸੀਨ ਦੀਆਂ ਖੁਰਾਕਾਂ ਖਰੀਦੀਆਂ ਗਈਆਂ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਟਿਆਲਾ, ਅੰਮ੍ਰਿਤਸਰ, ਬਠਿੰਡਾ, ਸੰਗਰੂਰ, ਗੁਰਦਾਸਪੁਰ ਅਤੇ ਲੁਧਿਆਣਾ ਦੇ ਛੇ ਵੈਟਰਨਰੀ ਪੋਲੀਕਲੀਨਿਕਾਂ ਵਿੱਚ ਸ਼ੁਰੂ ਕੀਤੀਆਂ ਜਾਣ ਵਾਲੀਆਂ ਇਨਡੋਰ ਸੇਵਾਵਾਂ ਸਬੰਧੀ ਪ੍ਰਾਜੈਕਟ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ। ਇਹਨਾਂ ਪੋਲੀਕਲੀਨਿਕਾਂ ਵਿੱਚ ਪਾਲਤੂ ਜਾਨਵਰਾਂ ਅਤੇ ਪਸ਼ੂਆਂ ਲਈ ਕਈ ਤਰ੍ਹਾਂ ਦੀਆਂ ਇਨਡੋਰ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ ਜਿਨ੍ਹਾਂ ਵਿੱਚ ਗੰਭੀਰ ਬਿਮਾਰੀ ਪ੍ਰਬੰਧਨ, ਸਰਜਰੀਆਂ, ਸਰਜਰੀ ਉਪਰੰਤ ਦੇਖਭਾਲ, ਲੈਬ ਟੈਸਟ, ਐਕਸ-ਰੇਅ ਅਤੇ ਅਲਟਰਾਸਾਊਂਡ ਸਹੂਲਤਾਂ ਸ਼ਾਮਲ ਹਨ। ਉਨ੍ਹਾਂ ਡਿਪਟੀ ਡਾਇਰੈਕਟਰਾਂ ਨੂੰ ਹਰੇਕ ਜ਼ਿਲ੍ਹੇ ਦੇ ਉਨ੍ਹਾਂ ਕਿਸਾਨਾਂ ਦੀਆਂ ਸਫਲਤਾ ਦੀਆਂ ਕਹਾਣੀਆਂ ਪ੍ਰਾਪਤ ਕਰਨ ਲਈ ਕਿਹਾ ਜਿਨ੍ਹਾਂ ਨੇ ਪਸ਼ੂ ਪਾਲਣ ਵਿਭਾਗ ਦੀਆਂ ਸੇਵਾਵਾਂ ਤੋਂ ਲਾਭ ਪ੍ਰਾਪਤ ਕੀਤਾ ਹੈ ਤਾਂ ਜੋ ਹੋਰ ਕਿਸਾਨ ਨੂੰ ਵੀ ਉਤਸ਼ਾਹਿਤ ਕੀਤਾ ਜਾ ਸਕੇ। ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਕਿ ਸੂਬੇ ਵਿੱਚ ਪਹਿਲੀ ਵਾਰ ਪਸ਼ੂ ਪਾਲਣ ਖੇਤਰ ਵਿੱਚ ਔਰਤਾਂ ਦੀ ਭੂਮਿਕਾ ਨੂੰ ਧਿਆਨ ਵਿੱਚ ਰੱਖਿਆ ਜਾ ਰਿਹਾ ਹੈ। ਕੁੱਲ 16 ਵੱਖ-ਵੱਖ ਕਿਸਮਾਂ ਦੇ ਜਾਨਵਰਾਂ ਅਤੇ ਪੋਲਟਰੀ ਦੀ ਗਿਣਤੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਡਾਟਾ ਮੋਬਾਈਲ ਐਪਲੀਕੇਸ਼ਨ ਰਾਹੀਂ ਡਿਜੀਟਲ ਤੌਰ 'ਤੇ ਇਕੱਤਰ ਕੀਤਾ ਜਾ ਰਿਹਾ ਹੈ। 64.78 ਲੱਖ ਤੋਂ ਵੱਧ ਘਰਾਂ ਨੂੰ ਕਵਰ ਕਰਨ ਦੇ ਟੀਚੇ ਦੇ ਮੁਕਾਬਲੇ ਗਿਣਤੀਕਾਰਾਂ ਵੱਲੋਂ ਹੁਣ ਤੱਕ 35.36 ਲੱਖ ਤੋਂ ਵੱਧ ਘਰਾਂ ਨੂੰ ਕਵਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਪਸ਼ੂਧਨ ਗਣਨਾ ਦੌਰਾਨ ਕੁੱਲ 45,51,483 ਘਰਾਂ ਨੂੰ ਕਵਰ ਕੀਤਾ ਗਿਆ ਸੀ। ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਜੀ.ਐਸ. ਬੇਦੀ ਨੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੂੰ ਭਰੋਸਾ ਦਿੱਤਾ ਕਿ ਇਸ ਚੱਲ ਰਹੀ ਪਸ਼ੂਧਨ ਗਣਨਾ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵਿਭਾਗ ਪਸ਼ੂਆਂ ਦੇ ਇਲਾਜ ਦੇ ਨਾਲ-ਨਾਲ ਵੱਖ-ਵੱਖ ਬਿਮਾਰੀਆਂ ਦੇ ਟੀਕਾਕਰਨ ਨਾਲ ਰੋਕਥਾਮ ਉਪਾਵਾਂ ਦੇ ਮਾਮਲੇ ਵਿੱਚ ਬਿਹਤਰ ਕੰਮ ਕਰ ਰਿਹਾ ਹੈ। ਇਸ ਉੱਚ ਪੱਧਰੀ ਮੀਟਿੰਗ ਵਿੱਚ ਪਸ਼ੂ ਪਾਲਣ ਵਿਭਾਗ ਦੇ ਸਾਰੇ ਜ਼ਿਲ੍ਹਾ ਮੁਖੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Gurmeet-Singh-Khudhiya-Agriculture-Minister-Punjab-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)