ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵਲੋਂ ਝੋਨੇ ਦੀਆਂ ਦਰਮਿਆਨੇ ਅਤੇ ਘੱਟ ਸਮੇਂ ਦੀਆਂ ਕਿਸਮਾਂ ਪੀ ਆਰ 131 ਅਤੇ ਪੀ ਆਰ 126 ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ । ਜਿਸ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਵੱਲੋਂ ਪਿੰਡਾਂ ਵਿੱਚ ਜਾ ਕੇ ਅਤੇ ਸੋਸ਼ਲ ਅਤੇ ਪ੍ਰਿੰਟ ਮੀਡੀਆ ਰਾਹੀਂ ਕਿਸਾਨਾਂ ਨੂੰ ਝੋਨੇ ਦੀਆਂ ਵੱਖ-ਵੱਖ ਕਿਸਮਾਂ ਅਤੇ ਇਹਨਾਂ ਦੀ ਲੁਆਈ ਦੇ ਢੁਕਵੇਂ ਸਮੇਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਮੌਕੇ ਝੋਨੇ ਦੀਆਂ ਵੱਖ-ਵੱਖ ਕਿਸਮਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਮਨਦੀਪ ਸਿੰਘ, ਸਹਿਯੋਗੀ ਨਿਰਦੇਸ਼ਕ (ਸਿਖਲਾਈ) ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ, ਸੰਗਰੂਰ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਮਾਨਿਤ ਝੋਨੇ ਦੀਆਂ ਘੱਟ ਅਤੇ ਦਰਮਿਆਨੇ ਸਮੇਂ ਦੀਆਂ ਕਿਸਮਾਂ ਧਰਤੀ ਹੇਠਲੇ ਪਾਣੀ ਦੀ ਬੱਚਤ ਵਿੱਚ ਅਹਿਮ ਰੋਲ ਅਦਾ ਕਰ ਸਕਦੀਆਂ ਹਨ। ਉਹਨਾਂ ਦੱਸਿਆ ਕਿ ਘੱਟ ਅਤੇ ਦਰਮਿਆਨੇ ਸਮੇਂ ਦੀਆਂ ਕਿਸਮਾਂ 120-140 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀਆਂ ਹਨ। ਜਦਕਿ ਲੰਮੇ ਸਮੇਂ ਦੀਆਂ ਕਿਸਮਾਂ 155-160 ਦਿਨਾਂ ਦਾ ਸਮਾਂ ਲੈਂਦੀਆਂ ਹਨ। ਉਹਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੀ ਐਤਕੀਂ ਲੰਮੇ ਸਮੇਂ ਦੀਆਂ ਕਿਸਮਾਂ ਪੂਸਾ 44 ਅਤੇ ਪੀਲੀ ਪੂਸਾ ਦੀ ਕਾਸ਼ਤ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਉਹਨਾਂ ਦੱਸਿਆ ਕਿ ਝੋਨੇ ਦੀ ਪੀ ਆਰ 131 ਕਿਸਮ ਖੇਤ ਵਿੱਚ ਲੁਆਈ ਤੋਂ ਬਾਅਦ 110 ਦਿਨਾਂ ਵਿੱਚ ਪੱਕ ਜਾਂਦੀ ਹੈ ਅਤੇ ਇਸ ਦਾ ਔਸਤ ਝਾੜ 31.0 ਕੁਇੰਟਲ ਪ੍ਰਤੀ ਏਕੜ ਹੈ। ਇਸੇ ਤਰ੍ਹਾਂ ਝੋਨੇ ਦੀ ਘੱਟ ਸਮੇਂ ਦੀ ਕਿਸਮ ਪੀ ਆਰ 126 ਲੁਆਈ ਤੋਂ ਬਾਅਦ 93 ਦਿਨਾਂ ਵਿੱਚ ਪੱਕ ਜਾਂਦੀ ਹੈ ਅਤੇ ਇਸ ਦਾ ਝਾੜ 30 ਕੁਇੰਟਲ ਪ੍ਰਤੀ ਏਕੜ ਹੈ। ਉਹਨਾਂ ਦੱਸਿਆ ਕਿ ਪੀ ਆਰ 131 ਕਿਸਮ ਦੀ ਪਨੀਰੀ 20-25 ਮਈ ਦੇ ਵਿਚਕਾਰ ਬੀਜੀ ਜਾ ਸਕਦੀ ਹੈ ਜਦਕਿ ਪੀ ਆਰ 126 ਦੀ ਪਨੀਰੀ 25 ਮਈ ਤੋਂ 20ਜੂਨ ਤੱਕ ਬੀਜੀ ਜਾ ਸਕਦੀ ਹੈ। ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨਾਂ ਨੂੰ ਝੋਨੇ ਦੀਆਂ ਹੋਰ ਪ੍ਰਮਾਨਿਤ ਕਿਸਮਾਂ ਪੀ ਆਰ 132 (ਨਵੀਂ ਕਿਸਮ), ਪੀ ਆਰ 130, ਪੀ ਆਰ 128 ਅਤੇ ਪੀ ਆਰ 114 ਬਾਰੇ ਵੀ ਵਿਸਥਾਰਤ ਜਾਣਕਾਰੀ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਇਹਨਾਂ ਕਿਸਮਾਂ ਦੇ ਬੀਜ ਕ੍ਰਿਸ਼ੀ ਵਿਗਿਆਨ ਕੇਂਦਰ, ਖੇੜੀ ਵਿਖੇ ਸਥਾਪਿਤ ਬੀਜਾਂ ਦੀ ਦੁਕਾਨ ਤੋਂ ਮੁਹਈਆ ਕਰਵਾਏ ਜਾ ਰਹੇ ਹਨ। ਬੀਜਾਂ ਦੀ ਦੁਕਾਨ ਹਫਤੇ ਦੇ ਸੱਤੇ ਦਿਨ ਖੁੱਲੀ ਰਹਿੰਦੀ ਹੈ।