* ਜ਼ੀਰੋ ਟੋਲਰੈਂਸ ਨੀਤੀ ਨਾਲ ਕਾਰਵਾਈ – ਕਿਸਾਨਾਂ ਨੂੰ ਸੁਚੱਜੇ ਢੰਗ ਨਾਲ ਪਰਾਲੀ ਸੰਭਾਲਣ ਲਈ ਅਪੀਲ
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਅਤੇ ਐਸ.ਐਸ.ਪੀ. ਗਗਨ ਅਜੀਤ ਸਿੰਘ ਦੀ ਸਾਂਝੀ ਅਗਵਾਈ ਹੇਠ ਅੱਜ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਹੰਗਾਮੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ ਜਿਵੇਂ ਕਿ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਿੰਪੀ ਗਰਗ, ਸਹਾਇਕ ਕਮਿਸ਼ਨਰ ਰਾਕੇਸ ਗਰਗ, ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ, ਐਸ.ਪੀ. ਰਾਜਨ ਸ਼ਰਮਾ, ਡੀ.ਐਸ.ਪੀ. ਰਣਜੀਤ ਸਿੰਘ ਅਤੇ ਯਾਦਵਿੰਦਰ ਸਿੰਘ, ਐਕਸ਼ੀਅਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਰੋਹਿਤ ਸਿੰਗਲਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਧਰਮਿੰਦਰਜੀਤ ਸਿੰਘ ਸਮੇਤ ਕਈ ਅਧਿਕਾਰੀ।
ਡਿਪਟੀ ਕਮਿਸ਼ਨਰ ਵਲੋਂ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਕਿ ਸਿਵਲ ਅਤੇ ਪੁਲਿਸ ਅਧਿਕਾਰੀ ਵੱਧ ਤੋਂ ਵੱਧ ਸਮਾਂ ਫੀਲਡ ਵਿੱਚ ਗੁਜ਼ਾਰਨ। ਉਨ੍ਹਾਂ ਕਿਹਾ ਕਿ ਸਾਂਝੇ ਤੌਰ ’ਤੇ ਗਸ਼ਤ ਕਰਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਪਰਾਲੀ ਸਾੜਨ ਵਾਲੀਆਂ ਘਟਨਾਵਾਂ ਨੂੰ ਠੱਲ ਪਾਇਆ ਜਾਵੇ। ਜੇਕਰ ਕੋਈ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾਈ ਗਈ ਹੈ। ਜੇਕਰ ਕਿਸੇ ਕਿਸਾਨ ਵੱਲੋਂ ਇਹ ਨਿਯਮ ਤੋੜਿਆ ਗਿਆ ਤਾਂ ਉਸ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਨਾਲ ਨਾਲ ਸਮੂਹ ਅਧਿਕਾਰੀਆਂ ਨੂੰ ਹੁਕਮ ਦਿੱਤਾ ਗਿਆ ਕਿ ਛੁੱਟੀ ਵਾਲੇ ਦਿਨ ਬਿਨਾਂ ਆਗਿਆ ਸਥਾਨ ਨਾ ਛੱਡਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਦੇ ਸਰਪੰਚਾਂ, ਕਿਸਾਨ ਯੂਨੀਅਨਾਂ ਅਤੇ ਪ੍ਰਭਾਵਸ਼ਾਲੀ ਵਿਅਕਤੀਆਂ ਨਾਲ ਮੀਟਿੰਗਾਂ ਕੀਤੀਆਂ ਜਾਣ, ਤਾਂ ਜੋ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾਵੇ ਕਿ ਉਹ ਪਰਾਲੀ ਨੂੰ ਖੇਤਾਂ ਵਿੱਚ ਵਾਹਣ ਜਾਂ ਗੱਠਾਂ ਵਿੱਚ ਤਬਦੀਲ ਕਰਨ ਵੱਲ ਧਿਆਨ ਦੇਣ। ਇਸ ਨਾਲ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇਗਾ।
ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕਿਹਾ ਕਿ ਜੇਕਰ ਕਿਸੇ ਕਿਸਾਨ ਵੱਲੋਂ ਪਰਾਲੀ ਨੂੰ ਅੱਗ ਲਗਾਈ ਗਈ ਤਾਂ ਉਸ ਦੇ ਖੇਤ ਦੀ ਗਿਰਦਾਵਰੀ ਵਿੱਚ ਲਾਲ ਅੱਖਰਾਂ ਨਾਲ ਇੰਦਰਾਜ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪਰਾਲੀ ਸਾੜਨਾ ਨਾ ਸਿਰਫ਼ ਕਾਨੂੰਨੀ ਉਲੰਘਣਾ ਹੈ, ਬਲਕਿ ਲੋਕਾਂ ਦੀ ਸਿਹਤ ਅਤੇ ਵਾਤਾਵਰਣ ਲਈ ਵੀ ਗੰਭੀਰ ਖ਼ਤਰਾ ਹੈ। ਜ਼ਿਲ੍ਹਾ ਪ੍ਰਸ਼ਾਸਨ ਹਰ ਹਾਲਤ ਵਿੱਚ ਇਸ ਪ੍ਰਥਾ ਨੂੰ ਰੋਕਣ ਲਈ ਵਚਨਬੱਧ ਹੈ।