ਚੌਲ ਉਦਯੋਗ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ
ਚੰਡੀਗੜ੍ਹ, 25 ਅਗਸਤ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਅਗਾਮੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਸੂਬੇ ਭਰ ਦੀਆਂ ਮੰਡੀਆਂ ਵਿੱਚ ਢੁਕਵੇਂ ਭੰਡਾਰਨ ਨੂੰ ਯਕੀਨੀ ਬਣਾਉਣ ਦੇ ਮਾਮਲੇ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ।
ਮੰਤਰੀ ਸਮੂਹ ਵੱਲੋਂ ਕੇਂਦਰ ਸਰਕਾਰ ਨੂੰ ਇਹ ਅਪੀਲ ਕੀਤੀ ਗਈ ਕਿ ਪੰਜਾਬ ਵਿੱਚੋਂ ਚੌਲਾਂ ਦੀ ਚੁਕਾਈ ਦੀ ਰਫਤਾਰ ਹੋਰ ਤੇਜ਼ ਕੀਤੀ ਜਾਵੇ ਤਾਂ ਜੋ ਆਉਣ ਵਾਲੇ ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਭੰਡਾਰਨ ਲਈ ਢੁੱਕਵੀਂ ਥਾਂ ਬਣ ਸਕੇ।
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਦੀ ਸ਼ਮੂਲੀਅਤ ਵਾਲੇ ਮੰਤਰੀ ਸਮੂਹ ਨੇ ਅੱਜ ਸੂਬੇ ਦੇ ਵੱਖ-ਵੱਖ ਚੌਲ ਮਿੱਲਰਾਂ ਨਾਲ ਮੁਲਾਕਾਤ ਕੀਤੀ ਅਤੇ ਖਰੀਦ ਸੀਜ਼ਨ ਨੂੰ ਸਫ਼ਲ ਬਣਾਉਣ ਲਈ ਉਨ੍ਹਾਂ ਨੂੰ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।
ਮੰਤਰੀ ਸਮੂਹ ਨੇ ਕਿਹਾ ਕਿ ਚੌਲ ਉਦਯੋਗ ਦੇ ਨਾਲ-ਨਾਲ ਕਿਸਾਨ, ਆੜ੍ਹਤੀਏ ਅਤੇ ਮਜ਼ਦੂਰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਦੀ ਭਲਾਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਤੋਂ ਇਲਾਵਾ, ਕਈ ਭਲਾਈ ਕੇਂਦਰਤ ਪਹਿਲਕਦਮੀਆਂ ਵੀ ਪ੍ਰਗਤੀ ਅਧੀਨ ਹਨ, ਜਿਵੇਂ ਕਿ ਕੋਈ ਵੀ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ (ਡੀਐਫਐਸਸੀ) ਮੁੱਖ ਦਫ਼ਤਰ ਦੀ ਇਜਾਜ਼ਤ ਤੋਂ ਬਿਨਾਂ ਮਿੱਲਰਾਂ ਤੋਂ ਰਿਕਵਰੀ ਨਹੀਂ ਕਰ ਸਕਦਾ। ਇਸ ਤੋਂ ਇਲਾਵਾ, ਆਉਣ ਵਾਲੀ ਕਸਟਮ ਮਿਲਿੰਗ ਨੀਤੀ ਵਿੱਚ ਸ਼ੈਲਰ ਮਾਲਕਾਂ ਨੂੰ ਢੋਆ-ਢੁਆਈ ਦਾ ਸਿੱਧੇ ਤੌਰ 'ਤੇ ਭੁਗਤਾਨ ਕਰਨ ਬਾਰੇ ਉਪਬੰਧ ਵੀ ਸ਼ਾਮਲ ਕੀਤਾ ਜਾਵੇਗਾ।
ਹੋਰਨਾਂ ਮੰਗਾਂ ਜਿਹਨਾਂ ਵਿੱਚ ਹਰੇਕ ਮਿੱਲਰ ਨੂੰ ਅਨਲੋਡਿੰਗ ਅਤੇ ਗਰੇਡਿੰਗ ਦਾ ਖਰਚਾ ਦੇਣ, ਪੋਰਟਲ 'ਤੇ ਨਵੇਂ ਸ਼ੈਲਰਾਂ ਦੀ ਰਜਿਸਟ੍ਰੇਸ਼ਨ ਦੀ ਮਿਤੀ 30 ਸਤੰਬਰ ਤੱਕ ਵਧਾਉਣ ਅਤੇ ਮੌਜੂਦਾ ਸੀਜ਼ਨ ਵਿੱਚ 85 ਫ਼ੀਸਦ ਮਿੱਲਿੰਗ ਕਰਨ ਵਾਲੇ ਸ਼ੈਲਰ ਮਾਲਕਾਂ ਨੂੰ ਅਗਲੇ ਸੀਜ਼ਨ ਵਿੱਚ ਕਸਟਮ ਮਿਲਿੰਗ ਲਈ ਝੋਨਾ ਅਲਾਟ ਕਰਨ ਬਾਰੇ ਮੰਗਾਂ ਸ਼ਾਮਿਲ ਹਨ, ਬਾਰੇ ਮੰਤਰੀ ਸਮੂਹ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਚੌਲ ਮਿੱਲਰਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਤੋਂ ਇਲਾਵਾ, ਕਸਟਮ ਮਿਲਿੰਗ ਲਈ ਝੋਨਾ ਅਲਾਟ ਕਰਨ ਵਿੱਚ ਕੋਈ ਪੱਖਪਾਤ ਨਹੀਂ ਕੀਤਾ ਜਾਵੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਏਐਮਡੀ ਪਨਗ੍ਰੇਨ ਕਮਲ ਕੁਮਾਰ ਗਰਗ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ, ਫੈਡਰੇਸ਼ਨ ਆਫ਼ ਆਲ ਇੰਡੀਆ ਰਾਈਸ ਮਿੱਲਰ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ, ਪੰਜਾਬ ਰਾਈਸ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਭਾਰਤ ਭੂਸ਼ਣ ਬਿੰਟਾ, ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਗਿਆਨ ਚੰਦ ਭਾਰਦਵਾਜ ਅਤੇ ਨਿਊ ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਬਲਵਿੰਦਰ ਸਿੰਘ ਹਰੂਵਾਲ ਮੌਜੂਦ ਸਨ।
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)