ਖੰਨਾ ਮੰਡੀ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਪਹਿਲੀ ਢੇਰੀ ਦੀ ਲੱਗੀ ਬੋਲੀ
Oct1,2026
| Ravinder Singh Dhillon | Khanna
ਖੰਨਾ। ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿੱਚ ਅੱਜ ਤੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ। ਖਰੀਦ ਦੀ ਸ਼ੁਰੂਆਤ ਪਿੰਡ ਸਲਾਣਾ ਦੇ ਕਿਸਾਨ ਗੁਰਪ੍ਰੀਤ ਸਿੰਘ ਦੀ ਝੋਨੇ ਦੀ ਢੇਰੀ ਦੀ ਬੋਲੀ ਲਗਾ ਕੇ ਕੀਤੀ ਗਈ। ਇਹ ਬੋਲੀ ਆੜਤੀ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ ਵੱਲੋਂ ਸ਼ੁਰੂ ਕਰਵਾਈ ਗਈ।
ਹਰਬੰਸ ਸਿੰਘ ਰੋਸ਼ਾ ਨੇ ਕਿਹਾ ਕਿ ਮੰਡੀ ਵਿੱਚ ਆਉਣ ਵਾਲੇ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਕਰੀਬ 10 ਹਜ਼ਾਰ ਕੁਇੰਟਲ ਝੋਨੇ ਦੀ ਖਰੀਦ ਹੋਣ ਦੀ ਸੰਭਾਵਨਾ ਹੈ।
ਉਨ੍ਹਾਂ ਦੱਸਿਆ ਕਿ 2 ਅਕਤੂਬਰ ਨੂੰ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਖੰਨਾ ਮੰਡੀ ਦਾ ਦੌਰਾ ਕਰਨਗੇ। ਉਹ ਆੜ੍ਹਤੀਆਂ, ਕਿਸਾਨਾਂ ਅਤੇ ਸੈਲਰ ਮਾਲਕਾਂ ਨਾਲ ਮੁਲਾਕਾਤ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। ਇਸ ਦੌਰਾਨ ਉਹ ਕਿਸਾਨਾਂ ਦੀਆਂ ਢੇਰੀਆਂ ’ਤੇ ਜਾ ਕੇ ਉਨ੍ਹਾਂ ਨਾਲ ਗੱਲਬਾਤ ਵੀ ਕਰਨਗੇ। ਖੁਰਾਕ ਤੇ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਵੀ ਮੰਡੀ ਦੌਰੇ ਦੀ ਸੰਭਾਵਨਾ ਹੈ।
ਉਧਰ, ਕਿਸਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਮੰਡੀ ਵਿੱਚ ਪ੍ਰਬੰਧ ਮੁਕੰਮਲ ਹਨ ਅਤੇ ਉਸ ਦੀ ਫਸਲ ਦੀ ਬੋਲੀ ਵੀ ਤੁਰੰਤ ਲੱਗ ਗਈ, ਜਿਸ ਕਾਰਨ ਉਹ ਖੁਸ਼ ਹੈ।
-khannamandi-paddyprocurement-paddypurchase-punjabmandi-farmersnews