- ਹਾਈਟੈਕ ਪੌਲੀਹਾਊਸ ਯੂਨਿਟ ਦਾ ਵੀ ਕੀਤਾ ਉਦਘਾਟਨ
ਲਾਢੋਵਾਲ/ਲੁਧਿਆਣਾ, 27 ਨਵੰਬਰ (000) - ਬਾਗਬਾਨੀ ਮੰਤਰੀ, ਪੰਜਾਬ, ਸ੍ਰੀ ਮੋਹਿੰਦਰ ਭਗਤ ਵੱਲੋਂ ਅੱਜ ਲਾਢੋਵਾਲ, ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦਾ ਨੀਂਹ ਪੱਥਰ ਰੱਖਿਆ ਗਿਆ ਅਤੇ ਹਾਈਟੈਕ ਪੌਲੀਹਾਊਸ ਯੂਨਿਟ ਦਾ ਉਦਘਾਟਨ ਕੀਤਾ ਗਿਆ। ਇਹ ਪ੍ਰੋਜੈਕਟ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਆਰ ਕੇ ਵੀ ਵਾਈ) ਅਧੀਨ ਕੁੱਲ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਖੇਤੀਬਾੜੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ, ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਪੇਂਡੂ ਖੇਤਰਾਂ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਿੱਚ ਬਾਗਬਾਨੀ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਾਗਬਾਨੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਅਤੇ ਵੱਧ ਮੁੱਲ ਵਾਲੀਆਂ ਫ਼ਸਲਾਂ ਦੀ ਕਾਸ਼ਤ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਸ੍ਰੀ ਜੀਵਨ ਸਿੰਘ ਸੰਗੋਵਾਲ, ਵਿਧਾਇਕ, ਗਿੱਲ ਹਲਕਾ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਕਿਸਾਨਾਂ ਨੂੰ ਬਾਗਬਾਨੀ ਪ੍ਰਤੀ ਪ੍ਰੇਰਿਤ ਕੀਤਾ।
ਇਸ ਪ੍ਰੋਜੈਕਟ ਅਧੀਨ ਪ੍ਰਬੰਧਕੀ ਕੰਪਲੈਕਸ, ਪਲਾਂਟ ਹੈਲਥ ਕਲੀਨਿਕ, ਚਾਰ ਹਾਈਟੈਕ ਪੌਲੀਹਾਊਸ, ਆਧੁਨਿਕ ਮਸ਼ੀਨਰੀ ਅਤੇ ਉਪਕਰਨਾਂ ਤੋਂ ਇਲਾਵਾ ਬੀਜ ਸਟੋਰ ਸ਼ੈੱਡ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਚਾਰ ਹਾਈਟੈਕ ਪੌਲੀਹਾਊਸਾਂ ਵਿੱਚੋਂ ਦੋ ਸਬਜ਼ੀਆਂ ਦੀਆਂ ਪਨੀਰੀਆਂ ਤਿਆਰ ਕਰਨ ਲਈ ਸਮਰਪਿਤ ਹੋਣਗੇ, ਜਿਨ੍ਹਾਂ ਦੀ ਸਾਲਾਨਾ ਉਤਪਾਦਨ ਸਮਰੱਥਾ ਲਗਭਗ 40 ਲੱਖ ਪਨੀਰੀਆਂ ਹੋਵੇਗੀ, ਜਦਕਿ ਬਾਕੀ ਦੋ ਪੌਲੀਹਾਊਸ ਅਮਰੂਦ ਦੀ ਨਰਸਰੀ ਤਿਆਰ ਕਰਨ ਲਈ ਵਰਤੇ ਜਾਣਗੇ, ਜਿਨ੍ਹਾਂ ਦੀ ਸਾਲਾਨਾ ਉਤਪਾਦਨ ਸਮਰੱਥਾ ਲਗਭਗ 50,000 ਬੂਟੇ ਹੋਵੇਗੀ।
ਇਨ੍ਹਾਂ ਸਹੂਲਤਾਂ ਰਾਹੀਂ ਕਿਸਾਨਾਂ ਨੂੰ ਮਿਆਰੀ ਪੌਦ ਸਮੱਗਰੀ ਦੀ ਉਪਲਬਧਤਾ ਯਕੀਨੀ ਬਣਾਈ ਜਾਵੇਗੀ, ਵਿਗਿਆਨਕ ਕਾਸ਼ਤ ਪ੍ਰਣਾਲੀਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਬਾਗਬਾਨੀ ਦੀ ਉਤਪਾਦਕਤਾ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਵਿੱਚ ਮਦਦ ਮਿਲੇਗੀ। ਇਸ ਤੋਂ ਇਲਾਵਾ, ਪਲਾਂਟ ਹੈਲਥ ਕਲੀਨਿਕ ਰਾਹੀਂ ਪੌਦਿਆਂ ਦੀਆਂ ਬਿਮਾਰੀਆਂ, ਕੀਟਾਂ ਦੇ ਹਮਲੇ ਅਤੇ ਫ਼ਸਲਾਂ ਨਾਲ ਸਬੰਧਤ ਹੋਰ ਸਮੱਸਿਆਵਾਂ ਦੀ ਵਿਗਿਆਨਕ ਢੰਗ ਨਾਲ ਪਛਾਣ ਅਤੇ ਉਨ੍ਹਾਂ ਦੇ ਪ੍ਰਬੰਧਨ ਲਈ ਸਹੂਲਤ ਪ੍ਰਦਾਨ ਕੀਤੀ ਜਾਵੇਗੀ।
ਸ੍ਰੀ ਅਰਸ਼ਦੀਪ ਸਿੰਘ ਥਿੰਦ, ਆਈ.ਏ.ਐੱਸ., ਪ੍ਰਬੰਧਕੀ ਸਕੱਤਰ, ਬਾਗਬਾਨੀ ਵਿਭਾਗ, ਪੰਜਾਬ ਸਰਕਾਰ ਨੇ ਕਿਹਾ ਕਿ ਇਸ ਕੇਂਦਰ ਦੀ ਸਥਾਪਨਾ ਵਿਭਾਗ ਦੇ ਸੰਸਥਾਗਤ ਅਤੇ ਤਕਨੀਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਲਾਡੋਵਾਲ ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਸਹੂਲਤਾਂ ਦੀ ਵਰਤੋਂ ਕਿਸਾਨਾਂ ਨੂੰ ਮਿਆਰੀ ਪੌਦ ਸਮੱਗਰੀ, ਤਕਨੀਕੀ ਮਾਰਗਦਰਸ਼ਨ ਅਤੇ ਆਧੁਨਿਕ ਬਾਗਬਾਨੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਜਾਵੇਗੀ।
ਮਨੀਸ਼ ਕੁਮਾਰ, ਆਈ.ਐੱਫ.ਐੱਸ., ਡਾਇਰੈਕਟਰ ਬਾਗਬਾਨੀ, ਪੰਜਾਬ ਨੇ ਵਿਭਾਗ ਵੱਲੋਂ ਬਾਗਬਾਨੀ ਵਿਭਿੰਨਤਾ, ਸੁਰੱਖਿਅਤ ਕਾਸ਼ਤ, ਮਿਆਰੀ ਨਰਸਰੀ ਉਤਪਾਦਨ ਅਤੇ ਆਧੁਨਿਕ ਖੇਤੀ ਤਕਨੀਕਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਵੱਲੋਂ ਵਿਕਸਿਤ ਕੀਤੀਆਂ ਜਾ ਰਹੀਆਂ ਸਹੂਲਤਾਂ ਅਤੇ ਤਕਨੀਕੀ ਮਾਹਿਰਾਂ ਦੀ ਮੁਹਾਰਤ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਇਸ ਮੌਕੇ ਸ੍ਰੀ ਹਰਮੇਲ ਸਿੰਘ, ਸੰਯੁਕਤ ਡਾਇਰੈਕਟਰ ਬਾਗਬਾਨੀ, ਸ੍ਰੀ ਗੁਰਸ਼ਰਨ ਸਿੰਘ, ਸੰਯੁਕਤ ਡਾਇਰੈਕਟਰ ਬਾਗਬਾਨੀ ਅਤੇ ਸ੍ਰੀ ਦਲਬੀਰ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ, ਲੁਧਿਆਣਾ, ਸ੍ਰੀ ਵਿਜੈ ਪ੍ਰਤਾਪ, ਸਹਾਇਕ ਡਾਇਰੈਕਟਰ ਬਾਗਬਾਨੀ, ਸਮੂਹ ਬਾਗਬਾਨੀ ਵਿਕਾਸ ਅਫਸਰ ਅਤੇ ਸਟਾਫ ਵੀ ਹਾਜ਼ਰ ਸਨ। ਇਸ ਪ੍ਰੋਗਰਾਮ ਵਿੱਚ 150 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ, ਜੋ ਕਿ ਆਧੁਨਿਕ ਬਾਗਬਾਨੀ ਤਕਨੀਕਾਂ ਪ੍ਰਤੀ ਕਿਸਾਨ ਭਾਈਚਾਰੇ ਦੀ ਵਧ ਰਹੀ ਦਿਲਚਸਪੀ ਨੂੰ ਦਰਸਾਉਂਦਾ ਹੈ।
ਇਸ ਮੌਕੇ ਵੱਖ-ਵੱਖ ਬਾਗਬਾਨੀ ਫ਼ਸਲਾਂ ਸਬੰਧੀ ਤਕਨੀਕੀ ਸੈਸ਼ਨ ਵੀ ਆਯੋਜਿਤ ਕੀਤਾ ਗਿਆ। ਵਿਭਾਗ ਦੇ ਵਿਸ਼ਾ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਸੁਧਰੀਆਂ ਕਾਸ਼ਤ ਤਕਨੀਕਾਂ, ਫ਼ਸਲ ਪ੍ਰਬੰਧਨ, ਪੌਦ ਸੁਰੱਖਿਆ ਅਤੇ ਆਧੁਨਿਕ ਬਾਗਬਾਨੀ ਤਕਨੀਕਾਂ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਇਸ ਸੈਸ਼ਨ ਦੌਰਾਨ ਕਿਸਾਨਾਂ ਨੂੰ ਤਕਨੀਕੀ ਮਾਹਿਰਾਂ ਨਾਲ ਸਿੱਧੇ ਤੌਰ 'ਤੇ ਵਿਚਾਰ-ਵਟਾਂਦਰਾ ਕਰਨ ਅਤੇ ਵਿਹਾਰਕ ਮਾਰਗਦਰਸ਼ਨ ਪ੍ਰਾਪਤ ਕਰਨ ਦਾ ਮੌਕਾ ਵੀ ਮਿਲਿਆ।