ਬਠਿੰਡਾ, 28 ਅਕਤੂਬਰ (ਪਰਵਿੰਦਰ ਜੀਤ ਸਿੰਘ)ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਖੇਤੀਬਾੜੀ ਨੂੰ ਲੈ ਕੇ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਕਿਸਾਨਾਂ ਦੇ ਝੋਨੇ ਦੀ ਫ਼ਸਲ ਦਾ ਦਾਣਾ ਦਾਣਾ ਖਰੀਦਣ ਲਈ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਸਥਾਨਕ ਦਾਣਾ ਮੰਡੀ ਦਾ ਦੌਰਾ ਕਰਨ ਉਪਰੰਤ ਕੀਤਾ ਗਿਆ। ਇਸ ਮੌਕੇ ਹਲਕਾ ਬਠਿੰਡਾ (ਸ਼ਹਿਰੀ) ਤੋਂ ਵਿਧਾਇਕ ਸ. ਜਗਰੂਪ ਸਿੰਘ ਗਿੱਲ, ਹਲਕਾ ਭੁੱਚੋ ਤੋਂ ਵਿਧਾਇਕ ਮਾਸਟਰ ਜਗਸੀਰ ਸਿੰਘ, ਸ੍ਰੀ ਰਾਕੇਸ਼ ਪੁਰੀ ਚੇਅਰਮੈਨ ਜੰਗਲਾਤ ਵਿਭਾਗ, ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਅੰਮ੍ਰਿਤ ਲਾਲ ਅਗਰਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਦੌਰੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਖਰੀਦਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਜਿਸ ਸਦਕਾ ਸੂਬੇ ਵਿੱਚ ਝੋਨੇ ਦੀ ਖ਼ਰੀਦ ਦਾ ਕੰਮ ਬਹੁਤ ਵਧੀਆ ਤਰੀਕੇ ਨਾਲ ਚੱਲ ਰਿਹਾ ਹੈ ਅਤੇ ਕਿਸਾਨਾਂ ਆਦਿ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। ਮੀਡੀਆ ਕਰਮੀਆਂ ਦੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਅੱਜ ਤੱਕ ਸੂਬੇ ਦੀਆਂ ਅਨਾਜ ਮੰਡੀਆਂ ਵਿੱਚ 91 ਲੱਖ ਮੀਟਰਕ ਟਨ ਝੋਨੇ ਦੀ ਹੋਈ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਦੁਆਰਾ ਕਰੀਬ 89 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਪੱਤਰਕਾਰਾਂ ਦੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਹੁਣ ਤੱਕ ਸੂਬੇ ਦੇ ਕਿਸਾਨਾਂ ਨੂੰ ਝੋਨੇ ਦੀ ਅਦਾਇਗੀ ਕਰੀਬ 15000 ਹਜ਼ਾਰ ਕਰੋੜ ਰੁਪਏ ਉਨ੍ਹਾਂ ਦੇ ਖਾਤਿਆਂ ਵਿੱਚ ਪਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਸੂਬੇ ਵਿੱਚ ਪਹਿਲੀ ਵਾਰ ਇਤਿਹਾਸਿਕ ਕੰਮ ਹੋ ਰਿਹਾ ਹੈ ਕਿ ਕਿਸਾਨ ਦੁਪਹਿਰ ਦੇ 12 ਵਜੇ ਤੱਕ ਆਪਣੀ ਫ਼ਸਲ ਵੇਚ ਕੇ ਜਾ ਰਿਹਾ ਹੈ ਕਿ ਅਤੇ ਸੂਬਾ ਸਰਕਾਰ ਵੱਲੋਂ ਉਸੇ ਦਿਨ ਹੀ ਸ਼ਾਮ ਦੇ 4 ਵਜੇ ਤੱਕ (ਸਿਰਫ਼ ਚਾਰ ਘੰਟਿਆਂ ਵਿੱਚ) ਝੋਨੇ ਦੀ ਫ਼ਸਲ ਦੀ ਅਦਾਇਗੀ ਕਿਸਾਨ ਦੇ ਖਾਤੇ ਵਿੱਚ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਪਹਿਲੀ ਵਾਰ ਹੋਇਆ ਹੈ ਕਿ ਜੋ ਕਿਸਾਨ ਆਪਣੀ ਝੋਨੇ ਦੀ ਫ਼ਸਲ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਮੰਡੀਆਂ ਵਿੱਚ ਲੈ ਕੇ ਆਏ ਸਨ, ਉਨ੍ਹਾਂ ਦੀ ਫ਼ਸਲ ਵੀ ਸੂਬਾ ਸਰਕਾਰ ਵੱਲੋਂ ਤੁਰੰਤ ਖ਼ਰੀਦ ਕੀਤੀ ਗਈ ਅਤੇ ਫ਼ਸਲ ਵੇਚਣ ਉਪਰੰਤ ਕਿਸਾਨਾਂ ਵੱਲੋਂ ਦੀਵਾਲੀ ਦਾ ਤਿਉਹਾਰ ਆਪਣੇ ਘਰਾਂ ਵਿੱਚ ਜਾ ਕੇ ਪਰਿਵਾਰਾਂ ਨਾਲ ਮਨਾਇਆ ਗਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਦਾਣਾ ਮੰਡੀ ਵਿੱਚ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਗਈ ਅਤੇ ਕਿਸਾਨਾਂ ਵੱਲੋਂ ਸੂਬਾ ਸਰਕਾਰ ਵੱਲੋਂ ਹੱਥੋ-ਹੱਥ ਖ਼ਰੀਦੀ ਜਾ ਰਹੀ ਝੋਨੇ ਦੀ ਫ਼ਸਲ ਅਤੇ ਲੋੜੀਂਦੇ ਪ੍ਰਬੰਧਾਂ ਤੇ ਵੀ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ।
ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਉਨਾਂ ਦੀ ਸਰਕਾਰ ਵੱਲੋਂ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸਾਨਾਂ ਦੇ ਨਾਲ-ਨਾਲ ਖਰੀਦ ਪ੍ਰਕਿਰਿਆ ਨਾਲ ਜੁੜੇ ਹਰ ਵਰਗ ਜਿਨ੍ਹਾਂ ’ਚ ਸ਼ੈਲਰ ਮਾਲਕ, ਆੜਤੀ, ਮਜ਼ਦੂਰ, ਟਰਾਂਸਪੋਰਟਰ ਆਦਿ ਵੀ ਸ਼ਾਮਲ ਹਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦਾ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਹਰ ਯਤਨ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਬਣਾਉਣ ਦੇ ਸਿਰਫ਼ 7 ਮਹੀਨਿਆਂ ਦੇ ਅੰਦਰ ਹੀ ਉਨਾਂ ਦੀ ਸਰਕਾਰ ਵੱਲੋਂ ਫ਼ਸਲਾਂ ਦੀ ਸੁਚੱਜੀ ਖਰੀਦ ਦੇ ਨਾਲ-ਨਾਲ ਪੱਕੀਆਂ ਭਰਤੀਆਂ, ਹਰ ਵਰਗ ਦੇ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ, ਪੰਜਾਬ ਦੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਨ ਵਰਗੇ ਇਤਿਹਾਸਿਕ ਫ਼ੈਸਲੇ ਲੈ ਕੇ ਕਰਕੇ ਰੰਗਲਾ ਪੰਜਾਬ ਬਣਾਉਣ ਵੱਲ ਅਹਿਮ ਕਦਮ ਪੁੱਟੇ ਹਨ।
ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਸਮੂਹ ਕਿਸਾਨਾਂ ਨੂੰ ਅਪੀਲ ਵੀ ਕੀਤੀ ਗਈ ਕਿ ਝੋਨੇ ਦੀ ਚੰਗੀ ਤਰ੍ਹਾਂ ਪੱਕੀ ਫ਼ਸਲ ਦੀ ਹੀ ਵਾਢੀ ਕੀਤੀ ਜਾਵੇ ਤਾਂ ਜੋ ਇਸ ’ਚ ਨਮੀਂ ਦੀ ਮਾਤਰਾ ਜ਼ਿਆਦਾ ਨਾ ਹੋਵੇ ਤੇ ਖ਼ਰੀਦ ਏਜੰਸੀਆਂ ਵੱਲੋਂ ਇਸਨੂੰ ਬਿਨਾਂ ਕਿਸੇ ਦੇਰੀ ਤੋਂ ਖ਼ਰੀਦਿਆ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਰਜਨੀਸ਼ ਗੋਇਲ, ਡਿਪਟੀ ਜ਼ਿਲ੍ਹਾ ਮੰਡੀ ਅਫ਼ਸਰ ਸ੍ਰੀ ਗੁਰਵਿੰਦਰ ਸਿੰਘ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀ ਸਰਤਾਜ ਸਿੰਘ ਚੀਮਾ, ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਜ਼ਿਲ੍ਹਾ ਯੂਥ ਪ੍ਰਧਾਨ ਆਪ ਸ੍ਰੀ ਅਮਨਦੀਪ ਰਾਜਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਤੇ ਕਿਸਾਨ ਆਦਿ ਹਾਜ਼ਰ ਸਨ।
Cabinet-Minister-Lal-Chand-Kataruchakk
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)