ਅੱਜ ਆਲ ਇੰਡੀਆ ਸਟੇਟ ਬੈਂਕ ਆਫ ਇੰਡੀਆ ਸਟਾਫ ਫੈਡਰੇਸ਼ਨ ਦੇ ਸੱਦੇ ’ਤੇ ਸਟੇਟ ਬੈਂਕ ਆਫ ਇੰਡੀਆ ਦੇ ਜੋਨਲ ਦਫ਼ਤਰ ਬਠਿੰਡਾ ਵਿਖੇ ਲਗਭਗ 70 ਦੇ ਕਰੀਬ ਮੁਲਾਜ਼ਮ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਧਰਨੇ ’ਤੇ ਬੈਠੇ। ਮੁਲਾਜ਼ਮ ਆਗੂਆਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬੈਂਕ ਵਿੱਚ ਲਗਾਤਾਰ ਆਊਟਸੋਰਸਿੰਗ ਰਾਹੀਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਠੇਕੇ ’ਤੇ ਰੱਖੇ ਗਏ ਮੁਲਾਜ਼ਮਾਂ ਦਾ ਠੇਕੇਦਾਰਾਂ ਵੱਲੋਂ ਖੁੱਲ੍ਹੇਆਮ ਸ਼ੋਸ਼ਣ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਬੈਂਕ ਵਿੱਚ ਲੰਬੇ ਸਮੇਂ ਤੋਂ ਗਾਰਡਾਂ ਅਤੇ ਮੈਸੇਂਜਰਾਂ ਦੀ ਭਰਤੀ ਨਹੀਂ ਕੀਤੀ ਗਈ, ਜਿਸ ਕਾਰਨ ਇੱਕ ਪਾਸੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਘਟ ਰਹੇ ਹਨ ਅਤੇ ਦੂਜੇ ਪਾਸੇ ਬੈਂਕਾਂ ਦੀ ਸੁਰੱਖਿਆ ਅਤੇ ਰੋਜ਼ਾਨਾ ਦੇ ਕੰਮਕਾਜ ’ਤੇ ਵੀ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਬੈਂਕਾਂ ਵਿੱਚ ਕ੍ਰਾਸ ਸੇਲਿੰਗ ਦੇ ਨਾਂ ’ਤੇ ਵੱਡੇ ਪੱਧਰ ’ਤੇ ਗਲਤ ਵਿਕਰੀ (ਮਿਸ-ਸੇਲਿੰਗ) ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਐਚ.ਆਰ.ਐਮ.ਐਸ. ਨਾਲ ਜੁੜੇ ਮੁੱਦਿਆਂ ਨੂੰ ਵੀ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।
ਆਗੂਆਂ ਨੇ ਕਿਹਾ ਕਿ ਅੱਜ ਕੁਝ ਸਾਥੀ ਧਰਨੇ ’ਤੇ ਬੈਠੇ ਹਨ, ਜਦਕਿ ਬਾਕੀ ਸਾਥੀ ਬੈਂਕਾਂ ਵਿੱਚ ਡਿਊਟੀ ਨਿਭਾ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ ਤਾਂ ਜੋ ਆਮ ਜਨਤਾ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਸਾਲਾਂ ਤੋਂ ਇਹ ਮਸਲੇ ਬੈਂਕ ਪ੍ਰਬੰਧਨ ਦੇ ਧਿਆਨ ਵਿੱਚ ਲਿਆਂਦੇ ਜਾ ਰਹੇ ਹਨ, ਪਰ ਪ੍ਰਬੰਧਨ ਵੱਲੋਂ ਕੋਈ ਗੰਭੀਰਤਾ ਨਹੀਂ ਦਿਖਾਈ ਗਈ। ਇਸ ਕਾਰਨ ਮਜਬੂਰ ਹੋ ਕੇ ਫੈਡਰੇਸ਼ਨ ਨੂੰ 25 ਅਤੇ 26 ਮਈ ਨੂੰ ਦੋ ਦਿਨਾਂ ਹੜਤਾਲ ਦਾ ਐਲਾਨ ਕਰਨਾ ਪਿਆ।
ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਾਉਣ ਲਈ ਦੇਸ਼ ਦੇ ਵੱਖ-ਵੱਖ ਸੰਸਦ ਮੈਂਬਰਾਂ ਰਾਹੀਂ ਵੀ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਆਗੂਆਂ ਨੇ ਦੋਹਰਾਇਆ ਕਿ ਉਹ ਹੜਤਾਲ ’ਤੇ ਜਾਣਾ ਨਹੀਂ ਚਾਹੁੰਦੇ ਸਨ, ਪਰ ਬੈਂਕ ਪ੍ਰਬੰਧਨ ਦੇ ਰਵੱਈਏ ਨੇ ਉਨ੍ਹਾਂ ਨੂੰ ਇਸ ਲਈ ਮਜਬੂਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਬੈਂਕ, ਸਮਾਜ ਅਤੇ ਆਪਣੇ ਸਾਥੀਆਂ ਦੇ ਹੱਕਾਂ ਦੀ ਰੱਖਿਆ ਲਈ ਇਹ ਸੰਘਰਸ਼ ਜਾਰੀ ਰਹੇਗਾ।
ਇਸ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ ਦੇ ਰਜਿੰਦਰ ਸਿੰਘ ਅਤੇ ਸੁਖਪ੍ਰੀਤ ਕੌਰ ਨੇ ਵੀ ਪਹੁੰਚ ਕੇ ਹਮਾਇਤ ਕੀਤੀ
Bathinda-Bank-Employees-Strike-Dharna-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)