ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਡੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ ਪੰਜ ਵਿਅਕਤੀਆਂ ਨੂੰ ਭਾਰੀ ਮਾਤਰਾ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਕਥਿਤ ਦੋਸ਼ੀਆਂ ਕੋਲੋਂ ਅਫੀਮ, ਹੈਰੋਇਨ ਅਤੇ ਸ਼ਰਾਬ ਬਰਾਮਦ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੀਆਈਏ ਸਟਾਫ 2 ਦੀ ਟੀਮ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਇਕ ਕਿੱਲੋ 522 ਗ੍ਰਾਮ ਅਫੀਮ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਸੀਆਈਏ ਸਟਾਫ ਦੇ ਸਹਾਇਕ ਥਾਣੇਦਾਰ ਹਰਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਜਾ ਰਹੀ ਸੀ, ਇਸ ਦੌਰਾਨ ਹੀ ਬਠਿੰਡਾ ਮਾਨਸਾ ਰੋਡ ’ਤੇ ਭਾਈ ਮਤੀ ਦਾਸ ਨਗਰ ਦੇ ਸੂਏ ਦੇ ਪੁੱਲ ਉੱਪਰ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ ਕਿੱਲੋ 522 ਗ੍ਰਾਮ ਅਫੀਮ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਪੁਲਿਸ ਪਾਰਟੀ ਨੇ ਮੌਕੇ ’ਤੇ ਹੀ ਕਾਬੂ ਕਰ ਲਿਆ, ਜਿਸ ਦੀ ਪਛਾਣ ਲੀਲਾਧਰ ਸ਼ਰਮਾ ਪੁੱਤਰ ਸਤ ਨਰਾਇਣ ਵਾਸੀ ਤੂੰਬੜੀਆਂ ਜ਼ਿਲ੍ਹਾ ਚਿਤੌੜਗੜ੍ਹ ਰਾਜਸਥਾਨ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਕਿ ਉਸ ਨੇ ਇਹ ਅਫੀਮ ਕਿਸ ਨੂੰ ਦੇਣੀ ਸੀ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਇਹ ਅਫੀਮ ਰਾਜਸਥਾਨ ਵਿਚੋਂ ਲੈ ਕੇ ਬਠਿੰਡਾ ਪੁੱਜਾ ਸੀ। ਉਕਤ ਵਿਅਕਤੀ ਖਿਲਾਫ ਪੁਲਿਸ ਨੇ ਨਸ਼ਾ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਹੈ। ਇਸ ਤਰ੍ਹਾਂ ਹੀ ਸੀਆਈਏ ਸਟਾਫ 2 ਦੀ ਪੁਲਿਸ ਨੇ ਫਿਰੋਜ਼ਪੁਰ ਦੇ ਰਹਿਣ ਵਾਲੇ ਦੋ ਵਿਅਕਤੀਆਂ ਨੂੰ 150 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਸੀਆਈਏ ਸਟਾਫ 2 ਦੇ ਸਹਾਇਕ ਥਾਣੇਦਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਨੇ ਗਸ਼ਤ ਦੌਰਾਨ ਨਗਰ ਸੁਧਾਰ ਟਰਸੱਟ ਦੇ ਦਫਤਰ ਨੇੜੇ ਦੋ ਸ਼ੱਕੀ ਵਿਅਕਤੀਆਂ ਨੂੰ ਘੁੰਮਦੇ ਦੇਖ ਕੇ ਉਨ੍ਹਾਂ ਦੀ ਰੋਕ ਕੇ ਤਲਾਸ਼ੀ ਲਈ ਤਾਂ ਦੋਵਾਂ ਕੋਲੋਂ 150 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਫੁਰਤੀ ਨਾਲ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਿਨ੍ਹਾਂ ਦੀ ਪਛਾਣ ਆਰਿਅਨ ਪੁੱਤਰ ਸੈਮਸਨ ਅਤੇ ਅਮਿਤ ਬੈਂਸ ਪੁੱਤਰ ਵਿਕਟਰ ਬੈਂਸ ਵਾਸੀਆਂ ਨੂੰ ਫਿਰੋਜ਼ਪੁਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਕਥਿਤ ਦੋਸ਼ੀਆਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਕ ਹੋਰ ਮਾਮਲੇ ਵਿਚ ਥਾਣਾ ਕੈਂਟ ਬਠਿੰਡਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਥਾਣਾ ਕੈਂਟ ਦੇ ਸਬ ਇੰਸਪੈਕਟਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਭੁੱਚੋ ਨੇੜੇ ਅਮਰਜੋਤੀ ਪਾਇਪ ਫੈਕਟਰੀ ਨੇੜੇ ਇਕ ਬਿਨਾਂ ਨੰਬਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਹੇ ਇਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਪਾਰਟੀ ਨੇ ਉਸ ਨੂੰ ਮੌਕੇ ’ਤੇ ਕਾਬੂ ਕਰ ਲਿਆ, ਜਿਸ ਦੀ ਪਛਾਣ ਸੇਵਕ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਕੋਟਭਾਰਾ ਵਜੋਂ ਹੋਈ ਹੈ। ਇਸ ਤਰ੍ਹਾਂ ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਜਦੋਂ ਕਿ ਉਸ ਦਾ ਇਕ ਸਾਥੀ ਮੌਕੇ ਤੋਂ ਫਰਾਰ ਹੋਣ ਵਿਚ ਸਫਲ ਹੋ ਗਿਆ। ਸਹਾਇਕ ਥਾਣੇਦਾਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਇਕ ਬਿਨਾਂ ਨੰਬਰੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਹੇ ਦੋ ਵਿਅਕਤੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਵਿੱਚੋਂ ਇਕ ਕਥਿਤ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ ਜਦੋਂ ਕਿ ਦੂਜੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਕੋਲੋਂ 10 ਗ੍ਰਾਮ ਹੈਰੋਇਨ ਅਤੇ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਹੋਇਆ ਹੈ। ਫੜੇ ਗਏ ਵਿਅਕਤੀ ਦੀ ਪਛਾਣ ਆਕਾਸ਼ਦੀਪ ਸਿੰਘ ਪੁੱਤਰ ਸੰਤੋਖ ਸਿੰਘ ਵਜੋਂ ਹੋਈ ਹੈ ਜਦੋਂ ਕਿ ਫਰਾਰ ਹੋਏ ਦੋਸ਼ੀ ਦੀ ਪਛਾਣ ਅਜੇ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀਆਨ ਬੀੜ ਤਲਾਬ ਵਜੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਖਿਲਾਫ ਨਸ਼ਾ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਤਰ੍ਹਾਂ ਹੀ ਥਾਣਾ ਨੰਦਗੜ੍ਹ ਦੀ ਪੁਲਿਸ ਨੇ ਇਕ ਵਿਅਕਤੀ ਨੂੰ 12 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ। ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਯੂਸਫ ਮੁਹੰਮਦ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ’ਤੇ ਪਿੰਡ ਝੁੰਬਾ ਵਿਚ ਛਾਪੇਮਾਰੀ ਕਰਕੇ ਸ਼ੇਰ ਸਿੰਘ ਪੁੱਤਰ ਹਰਬੰਸ ਸਿੰਘ ਨੂੰ 12 ਬੋਤਲਾਂ ਨਜਾਇਸ਼ ਸ਼ਰਾਬ ਸਮੇਤ ਕਾਬੂ ਕਰਕੇ ਉਸ ਖਿਲਾਫ ਐਕਸਾਈਜ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।