ਐਸ. ਸੀ ਪਰਿਵਾਰ ਨਾਲ ਸਬੰਧਤ ਸੀ ਦਿਲਪ੍ਰੀਤ, ਮਿਲਣਗੇ ਕਰੀਬ ਸਾਢੇ 10 ਲੱਖ : ਡੀ.ਸੀ ਆਸ਼ਿਕਾ ਜੈਨ
ਐਸ ਡੀ ਐਮ ਨੇ ਦਮਨਪ੍ਰੀਤ ਦੇ ਪਰਿਵਾਰ ਨੂੰ ਦਿੱਤਾ 2 ਲੱਖ ਦਾ ਚੈੱਕ, ਮੁੱਖ ਮੰਤਰੀ ਰਾਹਤ ਕੋਸ਼ ਵਿੱਚੋਂ ਮਿਲਣਗੇ ਹੋਰ 2 ਲੱਖ
ਮੋਹਾਲੀ ਦੇ ਪਿੰਡ ਕੁੰਭੜਾ ਵਿੱਚ ਹੋਏ ਕਤਲ ਮਾਮਲੇ ਵਿੱਚ ਜਿੰਦਗੀ ਮੌਤ ਦੀ ਲੜਾਈ ਲੜ ਰਹੇ ਦੂਜੇ ਨੌਜਵਾਨ ਦਿਲਪ੍ਰੀਤ ਸਿੰਘ (ਜਿਸਦੀ ਬੀਤੇ ਕੱਲ ਪੀ ਜੀ ਆਈ ਵਿੱਚ ਮੌਤ ਹੋ ਗਈ ਸੀ) ਦਾ ਅੰਤਮ ਸਸਕਾਰ ਅੱਜ ਮੁਹਾਲੀ ਪੁਲੀਸ ਦੀ ਹਾਜਰੀ ਵਿੱਚ ਪੂਰੀ ਮਰਿਆਦਾ ਅਤੇ ਧਾਰਮਿਕ ਰੀਤੀ ਰਿਵਾਜ ਨਾਲ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ, ਸ਼੍ਰੋਮਣੀ ਅਕਾਲੀ
ਦਲ ਦੇ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੋਹਾਣਾ, ਭਾਜਪਾ ਦੇ ਜਿਲਾ ਪ੍ਰਧਾਨ ਸੰਜੀਵ ਵਸ਼ਿਸ਼ਟ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਕੰਵਰਬੀਰ ਸਿੰਘ ਰੂਬੀ ਸਿੱਧੂ, ਅਮੀਤੋਜ ਮਾਨ, ਰਮਨਪ੍ਰੀਤ
ਕੌਰ ਕੁੰਭੜਾ, ਬਿੰਦਰਾ ਬੈਦਵਾਨ ਅਤੇ ਕਮਲਪ੍ਰੀਤ ਸਿੰਘ ਬਨੀ (ਸਾਰੇ ਕੌਂਸਲਰ), ਸਾਬਕਾ ਬਲਾਕ ਸੰਮਤੀ ਮੈਂਬਰ ਗੁਰਨਾਮ ਕੌਰ ਅਤੇ ਪਿੰਡ ਕੁੰਭੜਾ ਦੇ ਵਸਨੀਕਾਂ ਤੋਂ ਇਲਾਵਾ ਐਸ.ਪੀ ਹਰਬੀਰ ਸਿੰਘ ਅਟਵਾਲ,
ਐਸ.ਡੀ.ਐਮ ਦਮਨਪ੍ਰੀਤ ਕੌਰ, ਡੀ.ਐਸ.ਪੀ ਹਰਸਿਮਰਨ ਸਿੰਘ ਬੱਲ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜੇ ਵਜੋਂ ਦਿੱਤੇ ਚੈੱਕ
ਇਸ ਦੌਰਾਨ ਮੁਹਾਲੀ ਦੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਮ੍ਰਿਤਕ ਦਿਲਪ੍ਰੀਤ ਸਿੰਘ ਦੇ ਪਰਿਵਾਰ ਨੂੰ 2 ਲੱਖ ਰੁਪਏ ਮੁੱਖ ਮੰਤਰੀ ਰਾਹਤ ਕੋਸ਼ ਵਿੱਚੋਂ ਦੇ ਦਿੱਤੇ ਗਏ ਹਨ। ਉਨਾਂ ਦੱਸਿਆ ਕਿ ਦਿਲਪ੍ਰੀਤ ਸਿੰਘ ਦੇ ਐਸ.ਸੀ ਪਰਿਵਾਰ ਨਾਲ ਸਬੰਧਤ ਹੋਣ ਕਾਰਨ ਉਸ ਦੇ ਪਰਿਵਾਰ ਨੂੰ ਹੋਰ ਸਾਢੇ 8 ਲੱਖ ਰੁਪਏ ਮੁਆਵਜੇ ਵਜੋਂ ਦਿੱਤੇ ਜਾਣਗੇ। ਡੀ.ਸੀ ਨੇ ਅੱਗੇ ਦਸਿਆ ਕਿ ਮ੍ਰਿਤਕ ਦਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਮੁੱਖ ਮੰਤਰੀ ਰਾਹਤ ਕੋਸ਼ ਵਿੱਚੋਂ 2 ਲੱਖ ਰੁਪਏ ਮੁਆਵਜੇ ਵਜੋਂ ਦਿੱਤੇ ਜਾ ਚੁੱਕੇ ਹਨ, ਜਦੋਂ ਕਿ ਹੋਰ 2 ਲੱਖ ਰੁਪਏ ਮੁਆਵਜੇ ਵਜੋਂ ਉਸ ਸਮੇਂ ਦਿੱਤੇ ਜਾਣਗੇ, ਜਦੋਂ ਪੁਲੀਸ ਵਲੋਂ ਗ੍ਰਿਫਤਾਰ ਮੁਲਜਮਾਂ ਦਾ ਚਲਾਨ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਸਾਸ਼ਨ ਪਰਿਵਾਰ ਦੇ ਨਾਲ ਹੈ ਅਤੇ ਇਲਾਕਾ ਵਾਸੀਆਂ ਨੂੰ ਅਪੀਲ ਹੈ ਕਿ ਸ਼ਹਿਰ ਵਿਚ ਅਮਨ ਸ਼ਾਂਤੀ ਬਰਕਰਾਰ ਰੱਖੀ ਜਾਵੇ।
ਪੁਲੀਸ ਨੇ ਹੁਣ ਤੱਕ ਨਾਬਾਲਗ ਸਮੇਤ 5 ਮੁਲਜਮ ਕੀਤੇ ਗ੍ਰਿਫਤਾਰ
ਮੋਹਾਲੀ ਪੁਲੀਸ ਵਲੋਂ ਹੁਣ ਤੱਕ ਇਸ ਮਾਮਲੇ ਵਿੱਚ ਇਕ ਨਾਬਾਲਗ ਸਮੇਤ ਪੰਜ ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜਮਾਂ ਦੀ ਪਛਾਣ ਅਮਨ ਟਾਕ ਵਾਸੀ ਯੂ.ਪੀ ਹਾਲ ਵਾਸੀ ਸੈਕਟਰ 52 ਚੰਡੀਗੜ੍ਹ, ਅਰੁਣ ਵਾਸੀ ਯੂ.ਪੀ ਹਾਲ ਵਾਸੀ ਪਿੰਡ ਕੁੰਭੜਾ, ਅਕਾਸ਼ ਕੁਮਾਰ ਵਾਸੀ ਯੂ.ਪੀ ਹਾਲ ਵਾਸੀ ਪਿੰਡ ਕੁੰਭੜਾ ਅਤੇ ਮੁਲਜਮ ਗੌਰਵ ਵਜੋਂ ਹੋਈ ਹੈ। ਇਸ ਮਾਮਲੇ ਵਿੱਚ ਰਿਤੇਸ਼ ਅਤੇ ਅਮਿਤ ਨਾਂ ਦੇ ਨੌਜਵਾਨਾਂ ਦੀ ਵੀ ਪਛਾਣ ਹੋਈ ਹੈ, ਜੋ ਕਿ ਫਿਲਹਾਲ ਫਰਾਰ ਦੱਸੇ ਜਾ ਰਹੇ ਹਨ। ਪੁਲੀਸ ਨੇ ਗੌਰਵ ਨੂੰ ਸੋਹਾਣੇ ਤੋਂ ਅਤੇ ਬਾਕੀ ਮੁਲਜਮਾਂ ਨੂੰ ਦਿੱਲੀ ਤੋਂ ਗ੍ਰਿਫਤਾਰ ਕੀਤਾ ਸੀ।