ਅਪਰਾਧਾਂ ਨੂੰ ਨੱਥ ਪਾਉਣ ਲਈ ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਪੁਲੀਸ ਨਾਲ ਕੀਤੀ ਜਾਵੇਗੀ ਮਹੀਨਾਵਾਰ ਮੀਟਿੰਗ : ਹਰਚਰਨ ਸਿੰਘ ਭੁੱਲਰ
ਸੀਨੀਅਰ ਆਈ ਪੀ ਐਸ ਅਧਿਕਾਰੀ ਸ. ਹਰਚਰਨ ਸਿੰਘ ਭੁੱਲਰ ਨੇ ਅੱਜ ਰੋਪੜ ਰੇਂਜ ਦੇ ਡੀ ਆਈ ਜੀ ਵਜੋਂ ਅਹੁਦਾ ਸੰਭਾਲ ਲਿਆ। ਇਸ ਸੰਬੰਧੀ ਅੱਜ ਮੀਡੀਆ ਨਾਲ ਗੱਲ ਕਰਦਿਆਂ ਉਹਨਾਂ ਕਿਹਾ ਕਿ ਇਸ ਖੇਤਰ ਵਿੱਚ ਅਪਰਾਧਾਂ ਨੂੰ ਨੱਥ ਪਾਉਣ ਲਈ ਚੰਡੀਗੜ੍ਹ, ਹਰਿਆਣਾ ਅਤੇ ਹਿਮਾਚਲ ਪੁਲੀਸ ਨਾਲ ਮਹੀਨਾਵਾਰ ਮੀਟਿੰਗ ਕੀਤੀ ਜਾਵੇਗੀ ਤਾਂ ਜੋ ਅਪਰਾਧੀਆਂ ਦੀ ਜਾਣਕਾਰੀ ਇਕ ਦੂਜੇ ਨਾਲ ਸਾਂਝੀ ਕੀਤੀ ਜਾ ਸਕੇ।
ਸ. ਭੁੱਲਰ ਨੇ ਕਿਹਾ ਕਿ ਪੁਲੀਸ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੁਲੀਸ ਪੂਰੀ ਮਸ਼ਤੈਦੀ ਨਾਲ ਕੰਮ ਕਰੇਗੀ ਅਤੇ ਨਸ਼ਿਆਂ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਉਹ ਮੁਹਾਲੀ ਦੇ ਡੀਐਸ ਪੀ, ਐਸ ਪੀ, ਐਸ ਐਸ ਪੀ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ ਅਤੇ ਇਸ ਇਲਾਕੇ ਦੇ ਲੋਕਾਂ ਨੂੰ ਇਨਸਾਫ ਦਿਵਾਉਣਾ ਉਹਨਾਂ ਦਾ ਮੁੱਖ ਟੀਚਾ ਹੋਵੇਗਾ ਜਿਸ ਦੌਰਾਨ ਕਿਸੇ ਨਾਲ ਵੀ ਬੇਇਨਸਾਫੀ ਨਹੀਂ ਹੋਵੇਗੀ।
ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਨਾਲ ਨੇੜਤਾ ਕਾਇਮ ਕਰਨ ਲਈ ਪੁਲੀਸ ਪਬਲਿਕ ਮੀਟਿੰਗਾਂ ਆਯੋਜਿਤ ਕੀਤੀਆਂ ਜਾ ਰਹੀਆਂ, ਜਿਹਨਾਂ ਨੂੰ ਨਿਰੰਤਰ ਜਾਰੀ ਰੱਖਿਆ ਜਾਵੇਗਾ। ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਮਾੜੇ ਕੰਮ ਕਰਨ ਵਾਲੇ ਵਿਅਕਤੀਆਂ ਸਬੰਧੀ ਜਾਣਕਾਰੀ ਮਿਲਦੀ ਹੈ ਤਾਂ ਉਹ ਉਹਨਾਂ ਦੀ ਸੂਚਨਾ ਪੁਲੀਸ ਨੂੰ ਜ਼ਰੂਰ ਦੇਣ ਤਾਂ ਜੋ ਅਪਰਾਧੀਆਂ ਨੂੰ ਕਾਬੂ ਕੀਤਾ ਜਾ ਸਕੇ।
ਟਰੈਵਲ ਏਜੰਟਾਂ ਵਲੋਂ ਧੋਖਾਧੜੀ ਦੇ ਮਾਮਲਿਆਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਉਹ ਅਜਿਹੇ ਠੱਗੀ ਮਾਰਨ ਵਾਲੇ ਟਰੈਵਲ ਏਜੰਟਾਂ ਵਿਰੁਧ ਕਾਨੂੰਨੀ ਕਾਰਵਾਈ ਕਰਨਗੇ। ਉਨ੍ਹਾਂ ਸੜਕੀ ਹਾਦਸਿਆਂ ਨੂੰ ਠੱਲ ਪਾਉਣ ਲਈ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਦੀ ਵੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐਸ. ਐਸ. ਪੀ ਮੁਹਾਲੀ ਸ੍ਰੀ ਦੀਪਕ ਪਾਰੀਕ ਵੀ ਹਾਜ਼ਰ ਸਨ।