ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਗ੍ਰਿਫ਼ਤਾਰ ਮੁਲਜ਼ਮ ਕਰਨਦੀਪ ਯਾਦਵ ਨੇ ਜਨਵਰੀ ਵਿੱਚ ਤਰਨ ਤਾਰਨ ਤੋਂ ਬਰਾਮਦ ਹੋਏ ਗ੍ਰਨੇਡ ਅਤੇ ਹਥਿਆਰਾਂ ਦੀ ਕੀਤੀ ਸੀ ਡਲਿਵਰੀ: ਡੀਜੀਪੀ ਗੌਰਵ ਯਾਦਵ
ਕੇਸ ਦੀ ਅਗਲੇਰੀ ਜਾਂਚ ਜਾਰੀ ਅਤੇ ਅੱਗੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
ਚੰਡੀਗੜ੍ਹ/ਅੰਮ੍ਰਿਤਸਰ, 15 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਜੁੜੇ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਤਿੰਨ ਮੁੱਖ ਕਾਰਕੁਨਾਂ ਨੂੰ ਬਿਹਾਰ ਤੋਂ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਯਾਦਵ (21), ਮੁਕੇਸ਼ ਕੁਮਾਰ (29) ਅਤੇ ਸਾਜਨ ਸਿੰਘ (24), ਸਾਰੇ ਵਾਸੀ ਖੰਡਵਾਲਾ ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ’ਚੋਂ ਤਿੰਨ ਮੋਬਾਈਲ ਅਤੇ 700 ਨੇਪਾਲੀ ਕਰੰਸੀ ਨੋਟ ਵੀ ਬਰਾਮਦ ਕੀਤੇ ਹਨ।
ਇਹ ਸਫ਼ਲਤਾ ਜੋਬਨ ਸਿੰਘ ਉਰਫ਼ ਜੋਬਨ ਅਤੇ ਗੁਰਬਖਸ਼ ਸਿੰਘ ਉਰਫ਼ ਲਾਲਾ, ਜਿਨ੍ਹਾਂ ਕੋਲੋਂ 290 ਗ੍ਰਾਮ ਹੈਰੋਇਨ ਬਰਾਮਦ ਹੋਈ ਸੀ, ਦੀ ਗ੍ਰਿਫ਼ਤਾਰੀ ਉਪਰੰਤ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਦੌਰਾਨ ਸਾਹਮਣੇ ਆਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਤ ਬੀਕੇਆਈ ਮਾਸਟਰਮਾਈਂਡ ਹਰਵਿੰਦਰ ਰਿੰਦਾ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਕਰਨਦੀਪ ਯਾਦਵ ਨੇ ਇਸ ਸਾਲ ਜਨਵਰੀ ਵਿੱਚ ਤਰਨਤਾਰਨ ਤੋਂ ਬਰਾਮਦ ਹੋਏ ਗ੍ਰਨੇਡ ਅਤੇ ਹਥਿਆਰਾਂ ਦੀ ਡਲਿਵਰੀ ਕੀਤੀ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਤਰਨਤਾਰਨ ਪੁਲਿਸ ਨੇ ਚਾਰ ਕਾਰਕੁਨਾਂ ਜਿਨ੍ਹਾਂ ਦੀ ਪਛਾਣ ਰੋਬਿਨਜੀਤ ਸਿੰਘ ਉਰਫ਼ ਰੌਬਿਨ, ਹਰਪ੍ਰੀਤ ਸਿੰਘ ਉਰਫ਼ ਹੈਪੀ, ਨਵਜੋਤ ਸਿੰਘ ਉਰਫ਼ ਨਵ ਅਤੇ ਜਗਦੀਪ ਸਿੰਘ ਉਰਫ਼ ਜੱਗਾ ਵਜੋਂ ਹੋਈ ਹੈ, ਨੂੰ ਦੋ ਹੈਂਡ ਗ੍ਰਨੇਡ ਅਤੇ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਸੀ।
ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ, ਜੋ ਅੰਮ੍ਰਿਤਸਰ ਦੇ ਖੰਡਵਾਲਾ ਅਤੇ ਛੇਹਰਟਾ ਖੇਤਰਾਂ ਵਿੱਚ ਰਹਿ ਰਹੇ ਸਨ, ਨੂੰ ਬਿਹਾਰ, ਮੇਧਪੁਰ ਦੇ ਕੁਮਾਰਖੰਡ ਪੁਲਿਸ ਥਾਣੇ ਅਧੀਨ ਆਉਂਦੇ ਅਧਿਕਾਰ ਖੇਤਰ ਤੋਂ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ, ਜਦੋਂ ਉਹ ਨੇਪਾਲ ਭੱਜਣ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਮੁਲਜ਼ਮਾਂ ਨੂੰ ਹੋਰ ਪੁੱਛਗਿੱਛ ਲਈ ਪੰਜਾਬ ਵਾਪਸ ਲਿਆਂਦਾ ਜਾ ਰਿਹਾ ਹੈ।
ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਚਨਾਵਾਂ ‘ਤੇ ਕਾਰਵਾਈ ਕਰਦਿਆਂ ਡੀਸੀਪੀ ਇਨਵੈਸਟੀਗੇਸ਼ਨ, ਏਡੀਸੀਪੀ ਸਿਟੀ-2, ਅਤੇ ਏਸੀਪੀ ਵੈਸਟ ਦੀ ਨਿਗਰਾਨੀ ਅਤੇ ਛੇਹਰਟਾ ਪੁਲਿਸ ਸਟੇਸ਼ਨ, ਅੰਮ੍ਰਿਤਸਰ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਖੁਫ਼ੀਆਂ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਮੁਲਜ਼ਮਾਂ ਨੂੰ ਬਿਹਾਰ ਤੋਂ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ ਗਿਆ।
ਪੁਲਿਸ ਕਮਿਸ਼ਨਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਦੀ ਉਮੀਦ ਹੈ।
ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਤਹਿਤ ਐਫਆਈਆਰ ਨੰਬਰ 42 ਮਿਤੀ 7 ਮਾਰਚ, 2025 ਪਹਿਲਾਂ ਹੀ ਦਰਜ ਹੈ।
Powered by Froala Editor
Punjab-police-arrests-three-operatives-of-bki-terror-module-from-bihar
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)