15000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ. ਈ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
Jul4,2025
| Jagrati Lahar Bureau | Hoshiarpur/chandigarh
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ), ਸਬ-ਸਟੇਸ਼ਨ, ਕੰਧਾਲਾ ਜੱਟਾਂ ਜਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਬਲਜੀਤ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਸੀਕਰੀ ਦੇ ਇੱਕ ਨਿਵਾਸੀ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਜੇਈ ਨੇ ਉਸਦੇ ਪਿੰਡ ਵਿੱਚ ਬਿਜਲੀ ਸਪਲਾਈ ਲੋਡ ਨੂੰ ਠੀਕ ਕਰਨ ਲਈ ਇੱਕ ਨਵਾਂ ਟ੍ਰਾਂਸਫਾਰਮਰ ਲਗਾਉਣ ਦੇ ਬਦਲੇ 20000 ਰੁਪਏ ਦੀ ਮੰਗ ਕੀਤੀ ਸੀ ਪਰ ਉਸ ਦੀ ਬੇਨਤੀ 'ਤੇ ਸੌਦਾ 15000 ਰੁਪਏ ਵਿਚ ਤੈਅ ਹੋ ਗਿਆ।
ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਜਲੰਧਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਪੁਲਿਸ ਥਾਣਾ, ਜਲੰਧਰ ਰੇਂਜ ਵਿਖੇ ਉਕਤ ਜੇਈ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
Powered by Froala Editor
Vigilance-Bureau-Nabs-Pspcl-Je-Red-handed-Accepting-Rs-15000-Bribe