*— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬੰਬੀਹਾ ਗੈਂਗ ਦੇ ਭਗੌੜੇ ਗੈਂਗਸਟਰ ਲੱਕੀ ਪਟਿਆਲ ਦੇ ਮੁੱਖ ਸਹਿਯੋਗੀ ਹਨ: ਡੀਜੀਪੀ ਗੌਰਵ ਯਾਦਵ*
*— ਦੋਸ਼ੀਆਂ ਨੇ ਪੁਲਿਸ ਟੀਮਾਂ 'ਤੇ ਕੀਤੀ ਗੋਲੀਬਾਰੀ, ਜਵਾਬੀ ਗੋਲੀਬਾਰੀ ਦੌਰਾਨ ਦੋਵੇਂ ਦੋਸ਼ੀ ਜ਼ਖਮੀ ਹੋ ਗਏ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ*
ਚੰਡੀਗੜ੍ਹ, 19 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਸਪੈਸ਼ਲ ਟਾਸਕ ਫੋਰਸ, ਹਰਿਆਣਾ (ਕਰਨਾਲ ਯੂਨਿਟ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੱਜ ਕੈਥਲ ਵਿੱਚ ਸੰਖੇਪ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਨ ਉਰਫ਼ ਪੀਯੂਸ਼ ਪਹਿਲਵਾਨ ਵਾਸੀ ਫਿਰੋਜ਼ਪੁਰ ਅਤੇ ਪ੍ਰੀਤਮ ਸ਼ਾਹ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ .30 ਬੋਰ ਦਾ ਪੀਐਕਸ-5 ਪਿਸਤੌਲ, .30 ਕੈਲੀਬਰ ਦਾ ਚੀਨੀ ਪਿਸਤੌਲ ਅਤੇ .32 ਕੈਲੀਬਰ ਦੇ ਪਿਸਤੌਲ ਸਮੇਤ ਗੋਲੀ-ਸਿੱਕਾ ਸ਼ਾਮਲ ਹੈ।
ਜਾਣਕਾਰੀ ਅਨੁਸਾਰ, ਬੁੱਧਵਾਰ ਨੂੰ ਚੰਡੀਗੜ੍ਹ ਦੇ ਸੈਕਟਰ 9 ਵਿਖੇ ਪੀੜਤ ਚਰਨਪ੍ਰੀਤ ਸਿੰਘ ਉਰਫ਼ ਚੀਨੀ ਦਾ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬੰਬੀਹਾ ਗੈਂਗ ਦੇ ਭਗੌੜੇ ਗੈਂਗਸਟਰ ਲੱਕੀ ਪਟਿਆਲ ਦੇ ਮੁੱਖ ਸਹਿਯੋਗੀ ਹਨ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਰਾਜਨ ਉਰਫ਼ ਪੀਯੂਸ਼ ਪਹਿਲਵਾਨ ਜੀਵਨਜੋਤ ਸਿੰਘ ਉਰਫ਼ ਜੁਗਨੂੰ ਦੇ ਡਰਾਈਵਰ ਯਾਦਵਿੰਦਰ ਸਿੰਘ ਦੇ ਹਾਈ-ਪ੍ਰੋਫਾਈਲ ਕਤਲ ਵਿੱਚ ਵੀ ਲੋੜੀਂਦਾ ਹੈ।
ਡੀਜੀਪੀ ਨੇ ਦੱਸਿਆ ਕਿ ਏਜੀਟੀਐਫ ਪੰਜਾਬ ਨੇ ਪੂਰੇ ਮਾਡਿਊਲ ਦਾ ਪਰਦਾਫਾਸ਼ ਕਰ ਦਿੱਤਾ ਹੈ ਅਤੇ 30 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਏਜੀਟੀਐਫ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਘਟਨਾ ਤੋਂ ਬਾਅਦ, ਏਜੀਟੀਐਫ ਨੇ ਇਸ ਮਾਮਲੇ ਵਿੱਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਡੀਆਈਜੀ ਏਜੀਟੀਐਫ ਗੁਰਮੀਤ ਸਿੰਘ ਚੌਹਾਨ ਦੀ ਨਿਗਰਾਨੀ ਹੇਠ ਤੁਰੰਤ ਇੱਕ ਵਿਸ਼ੇਸ਼ ਆਪ੍ਰੇਸ਼ਨ "ਓਪੀਐਸ ਸਾਈਲੈਂਟ ਟ੍ਰਿਗਰ" ਸ਼ੁਰੂ ਕੀਤਾ।
ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ, ਮੁਲਜ਼ਮਾਂ ਨੇ ਐਸਪੀ ਏਜੀਟੀਐਫ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ਪੁਲਿਸ ਟੀਮਾਂ 'ਤੇ ਗੋਲੀਬਾਰੀ ਕੀਤੀ। ਉਨ੍ਹਾਂ ਦੱਸਿਆ ਕਿ ਜਵਾਬੀ ਕਾਰਵਾਈ ਦੌਰਾਨ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ।
ਏਡੀਜੀਪੀ ਨੇ ਦੱਸਿਆ ਕਿ ਸ਼ੁਰੂਆਤੀ ਪੁੱਛਗਿੱਛ ਤੋਂ ਇਹ ਵੀ ਪਤਾ ਲੱਗਾ ਹੈ ਕਿ ਦੋਸ਼ੀ ਪੀਯੂਸ਼ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ 'ਤੇ ਕਤਲ ਨੂੰ ਅੰਜਾਮ ਦੇਣ ਲਈ ਮਲੇਸ਼ੀਆ ਤੋਂ ਨੇਪਾਲ ਰਾਹੀਂ ਆਇਆ ਸੀ।
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)