*-ਉਕਤ ਮਾਡਿਊਲ ਦੇ ਚੰਡੀਗੜ੍ਹ ਵਿੱਚ ਗ੍ਰਨੇਡ ਹਮਲੇ 'ਚ ਸ਼ਾਮਲ ਅੱਤਵਾਦੀ ਮਾਡਿਊਲ ਨਾਲ ਵੀ ਸਬੰਧ ਸਾਹਮਣੇ ਆਏ: ਡੀਜੀਪੀ ਗੌਰਵ ਯਾਦਵ*
*-ਗ੍ਰਿਫ਼ਤਾਰ ਮੁਲਜ਼ਮ ਐਨਕ੍ਰਿਪਟਡ ਪਲੇਟਫਾਰਮਾਂ ਰਾਹੀਂ ਆਪਣੇ ਵਿਦੇਸ਼ੀ ਹੈਂਡਲਰ ਨਾਲ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ*
ਚੰਡੀਗੜ੍ਹ/ਅੰਮ੍ਰਿਤਸਰ, 16 ਅਪ੍ਰੈਲ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋਸ਼ੀ ਦੇ ਕਬਜ਼ੇ ਵਿੱਚੋਂ ਚਾਰ ਪੀ-86 ਹੈਂਡ ਗ੍ਰਨੇਡ ਅਤੇ ਗੋਲੀ ਸਿੱਕੇ ਸਮੇਤ ਦੋ ਵਿਦੇਸ਼ੀ ਪਿਸਤੌਲ ਬਰਾਮਦ ਹੋਏ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਸਾਗਰ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਗੱਲੂਵਾਲ ਦਾ ਰਹਿਣ ਵਾਲਾ ਹੈ। ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਅਤੇ ਐਸਐਸਓਸੀ ਮੋਹਾਲੀ ਵੱਲੋਂ ਸਾਂਝੇ ਤੌਰ 'ਤੇ ਕੀਤੀ ਗਈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਉਕਤ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ ਅਤੇ ਚੰਡੀਗੜ੍ਹ ਵਿੱਚ ਗ੍ਰਨੇਡ ਹਮਲੇ 'ਚ ਸ਼ਾਮਲ ਅੱਤਵਾਦੀ ਮਾਡਿਊਲ ਨਾਲ ਉਸ ਦੇ ਸਬੰਧ ਹਨ। ਉਨ੍ਹਾਂ ਕਿਹਾ ਕਿ ਮਾਡਿਊਲ ਦੇ ਹੋਰ ਮੈਂਬਰਾਂ ਦੀ ਪਛਾਣ, ਟਰੈਕਿੰਗ ਅਤੇ ਗ੍ਰਿਫ਼ਤਾਰੀ ਲਈ ਅਗਲੇਰੀ ਜਾਂਚ ਜਾਰੀ ਹੈ।
ਏਆਈਜੀ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਨੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਹੈਂਡ ਗ੍ਰਨੇਡ ਅਤੇ ਹਥਿਆਰਾਂ ਦੀ ਇੱਕ ਖੇਪ ਪਾਕਿਸਤਾਨ ਤੋਂ ਭੇਜੀ ਗਈ ਹੈ, ਜਿਸਨੂੰ ਮਾਡਿਊਲ ਦੇ ਭਾਰਤ ਵਿਚਲੇ ਸਥਾਨਕ ਕਾਰਕੁਨਾਂ, ਜੋ ਅੱਤਵਾਦੀ ਹਮਲੇ ਦੀ ਯੋਜਨਾ ਬਣਾ ਰਹੇ ਹਨ, ਨੇ ਸਫ਼ਲਤਾਪੂਰਵਕ ਹਾਸਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੇ ਚਲਦਿਆਂ ਮੁਲਜ਼ਮ ਸਾਗਰ ਸਿੰਘ ਨੂੰ ਅੰਮ੍ਰਿਤਸਰ ਦੇ ਖਾਸਾ-ਰਾਮ ਤੀਰਥ ਰੋਡ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।
ਏਆਈਜੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸ਼ੁਰੂ ਵਿੱਚ ਜਨਵਰੀ 2026 ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਉਕਤ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਦੋਂ ਤੋਂ ਉਸਨੇ ਉਨ੍ਹਾਂ ਦੇ ਨਿਰਦੇਸ਼ਾਂ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ 'ਤੇ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਖੇਪ ਪ੍ਰਾਪਤ ਕਰਕੇ ਉਸਨੂੰ ਨਿਰਧਾਰਤ ਥਾਂ 'ਤੇ ਪਹੁੰਚਾਇਆ, ਜਿਸ ਲਈ ਉਸਨੂੰ ਪ੍ਰਤੀ ਖੇਪ ਬਦਲੇ ਪੈਸੇ ਦਿੱਤੇ ਗਏ। ਉਨ੍ਹਾਂ ਕਿਹਾ ਕਿ ਉਸਦੇ ਹੈਂਡਲਰ ਨੇ ਪੈਸੇ ਦੇ ਲਾਲਾਚ ਬਦਲੇ ਉਸਨੂੰ ਇਹ ਕੰਮ ਕਰਨ ਲਈ ਰਾਜ਼ੀ ਕੀਤਾ।
ਉਨ੍ਹਾਂ ਕਿਹਾ ਕਿ ਫਰਵਰੀ 2026 ਵਿੱਚ ਮੁਲਜ਼ਮ ਸਾਗਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੀ ਖੇਪ ਨਾਲ ਗ੍ਰਿਫ਼ਤਾਰ ਕੀਤਾ ਸੀ ਅਤੇ ਮਾਰਚ 2026 ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਉਸਨੇ ਏਨਕ੍ਰਿਪਟਡ ਪਲੇਟਫਾਰਮਾਂ ਰਾਹੀਂ ਆਪਣੇ ਹੈਂਡਲਰ ਨਾਲ ਮੁੜ ਸੰਪਰਕ ਕਾਇਮ ਕੀਤਾ ਅਤੇ ਉਸ ਦੇ ਨਿਰਦੇਸ਼ਾਂ 'ਤੇ ਮੁੜ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ।
ਇਸ ਸਬੰਧ ਵਿੱਚ ਪੁਲਿਸ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4, ਅਸਲਾ ਐਕਟ ਦੀ ਧਾਰਾ 25 (1) (ਡੀ) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61 (2) ਤਹਿਤ ਐਫਆਈਆਰ ਨੰਬਰ 22 ਮਿਤੀ 15.04.2026 ਦਰਜ ਕੀਤੀ ਗਈ ਹੈ।
Isi-backed-Cross-border-Terror-Module-Busted-In-Amritsar
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)