ਥਾਣਾ ਅਮਲੋਹ ਦੀ ਹਵਾਲਾਤ ਵਿੱਚ ਹਵਾਲਾਤੀ ਵੱਲੋਂ ਫਾਹਾ ਲਗਾ ਕੇ ਖੁਦਕੁਸ਼ੀ
May11,2026
| Ravinder Singh Dhillon | Amloh
ਕਰਨ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ (35) ਵਜੋਂ ਹੋਈ, ਜਿਸਨੂੰ ਚੋਰੀ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕਰਕੇ ਪੁਲਿਸ ਰਿਮਾਂਡ ’ਤੇ ਲਿਆ ਗਿਆ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਸਵਾਲ ਖੜੇ ਕਰਦੇ ਹੋਏ ਇਨਸਾਫ ਦੀ ਮੰਗ ਕੀਤੀ ਹੈ। ਮਾਮਲੇ ਦੀ ਜਾਂਚ ਜੁਡੀਸ਼ੀਅਲ ਮੈਜਿਸਟ੍ਰੇਟ ਵੱਲੋਂ ਸ਼ੁਰੂ ਕਰ ਦਿੱਤੀ ਗਈ ਹੈ।
ਜਾਣਕਾਰੀ ਅਨੁਸਾਰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਥਾਣਾ ਅਮਲੋਹ ਦੀ ਪੁਲਿਸ ਨੇ ਦਵਿੰਦਰ ਸਿੰਘ ਨੂੰ 7 ਮਈ ਨੂੰ ਚੋਰੀ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਸੀ। ਅਦਾਲਤ ਵੱਲੋਂ ਉਸ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ 9 ਮਈ ਦੀ ਸ਼ਾਮ ਕਰੀਬ 5 ਵਜੇ ਦਵਿੰਦਰ ਸਿੰਘ ਨੇ ਹਵਾਲਾਤ ਅੰਦਰ ਕੰਬਲ ਦੀ ਮਦਦ ਨਾਲ ਫਾਹਾ ਲਗਾ ਲਿਆ। ਪੁਲਿਸ ਮੁਲਾਜ਼ਮਾਂ ਨੂੰ ਜਦੋਂ ਇਸ ਬਾਰੇ ਪਤਾ ਲੱਗਾ ਤਾਂ ਤੁਰੰਤ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਘਟਨਾ ਦੀ ਖਬਰ ਮਿਲਣ ’ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰ ਥਾਣਾ ਅਮਲੋਹ ਪਹੁੰਚ ਗਏ ਅਤੇ ਉਨ੍ਹਾਂ ਨੇ ਥਾਣੇ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਦੋਸ਼ ਲਾਇਆ ਕਿ ਪੁਲਿਸ ਮੁਲਾਜ਼ਮਾਂ ਦੀ ਅਣਗਹਿਲੀ ਕਾਰਨ ਦਵਿੰਦਰ ਸਿੰਘ ਦੀ ਮੌਤ ਹੋਈ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਹਵਾਲਾਤ ਵਿੱਚ ਸੀਸੀਟੀਵੀ ਕੈਮਰੇ ਲੱਗੇ ਹੋਣ ਦੇ ਬਾਵਜੂਦ ਵੀ ਪੁਲਿਸ ਨੇ ਸਮੇਂ ਸਿਰ ਕੋਈ ਕਾਰਵਾਈ ਨਹੀਂ ਕੀਤੀ।
ਮ੍ਰਿਤਕ ਦੀ ਮਾਤਾ ਰਾਣੀ ਨੇ ਦੱਸਿਆ ਕਿ ਪੁਲਿਸ ਵੱਲੋਂ ਉਨ੍ਹਾਂ ਨੂੰ ਫੋਨ ਕਰਕੇ ਦਵਿੰਦਰ ਦੀ ਮੌਤ ਬਾਰੇ ਸੂਚਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਨੇ ਉਨ੍ਹਾਂ ਨੂੰ ਇੱਕ ਵੀਡੀਓ ਵੀ ਦਿਖਾਈ, ਜਿਸ ਵਿੱਚ ਦਵਿੰਦਰ ਚਾਦਰ ਨੂੰ ਰੱਸੀ ਬਣਾ ਕੇ ਫਾਹਾ ਲਗਾਉਂਦਾ ਦਿਖਾਈ ਦੇ ਰਿਹਾ ਸੀ। ਮਾਤਾ ਨੇ ਦੋਸ਼ ਲਾਇਆ ਕਿ ਦਵਿੰਦਰ ਕਰੀਬ 10 ਤੋਂ 15 ਮਿੰਟ ਤੱਕ ਤੜਫਦਾ ਰਿਹਾ, ਪਰ ਕਿਸੇ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਪੁਲਿਸ ਮੁਲਾਜ਼ਮਾਂ ਦੀ ਲਾਪਰਵਾਹੀ ਹੈਵੇ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਉੱਧਰ ਐਸਐਸਪੀ ਫਤਹਿਗੜ੍ਹ ਸਾਹਿਬ ਸ਼ੁਭਮ ਅਗਰਵਾਲ ਨੇ ਕਿਹਾ ਕਿ ਪੁਲਿਸ ਹਿਰਾਸਤ ਵਿੱਚ ਹੋਈ ਮੌਤ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਨਿਯਮਾਂ ਅਨੁਸਾਰ ਜੁਡੀਸ਼ੀਅਲ ਮੈਜਿਸਟ੍ਰੇਟ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
Amloh-News