*ਖੰਨਾ ਪੁਲਿਸ ਨੇ ਸ਼ੁਰੂ ਕੀਤਾ “ਸੈਨਿਕ ਸਮਾਧਾਨ ਉਪਰਾਲਾ”, ਵੀਡੀਓ ਕਾਨਫਰੰਸ ਰਾਹੀਂ ਹੋਵੇਗੀ ਸੁਣਵਾਈ*
*ਸੋਮਵਾਰ ਤੋਂ ਸ਼ੁੱਕਰਵਾਰ ਤੱਕ ਈ-ਮੇਲ ਰਾਹੀਂ ਕੀਤੀ ਜਾ ਸਕਦੀ ਹੈ ਸ਼ਿਕਾਇਤ, ਕੇਵਲ ਸ਼ਨੀਵਾਰ ਨੂੰ ਹੀ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ ਸੁਣਵਾਈ*
ਦੇਸ਼ ਦੀਆਂ ਸਰਹੱਦਾਂ ’ਤੇ ਤਾਇਨਾਤ ਫੌਜੀਆਂ ਅਤੇ ਪੈਰਾ ਮਿਲਟਰੀ ਫੋਰਸ ਦੇ ਜਵਾਨਾਂ ਨੂੰ ਆਪਣੇ ਘਰੇਲੂ ਜ਼ਿਲ੍ਹਿਆਂ ਵਿੱਚ ਚੱਲ ਰਹੇ ਪੁਲਿਸ ਵਿਭਾਗ ਨਾਲ ਸਬੰਧਤ ਮਾਮਲਿਆਂ ਲਈ ਹੁਣ ਛੁੱਟੀ ਲੈ ਕੇ ਆਉਣ ਦੀ ਲੋੜ ਨਹੀਂ ਪਵੇਗੀ। ਪੁਲਿਸ ਜ਼ਿਲ੍ਹਾ ਖੰਨਾ ਵੱਲੋਂ ਜਵਾਨਾਂ ਦੀ ਸਹੂਲਤ ਅਤੇ ਉਨ੍ਹਾਂ ਨੂੰ ਡਿਊਟੀ ਦੌਰਾਨ ਹੀ ਇਨਸਾਫ ਮੁਹੱਈਆ ਕਰਵਾਉਣ ਲਈ ਇੱਕ ਵਿਲੱਖਣ ਅਤੇ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ) ਖੰਨਾ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ “ਸੈਨਿਕ ਸਮਾਧਾਨ ਉਪਰਾਲਾ” ਨਾਮ ਨਾਲ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਫੌਜੀ ਅਤੇ ਪੈਰਾ ਮਿਲਟਰੀ ਫੋਰਸ ਦੇ ਜਵਾਨ ਆਪਣੀਆਂ ਸ਼ਿਕਾਇਤਾਂ ਦੀ ਸੁਣਵਾਈ ਵੀਡੀਓ ਕਾਨਫਰੰਸ ਰਾਹੀਂ ਕਰਵਾ ਸਕਣਗੇ। ਦੇਸ਼ ਦੇ ਸੈਨਿਕ ਸੋਮਵਾਰ ਤੋਂ ਲੈ ਕੇ ਸ਼ੁੱਕਰਵਾਰ ਤੱਕ ਈ-ਮੇਲ ਰਾਹੀਂ ਸ਼ਿਕਾਇਤ ਕਰ ਸਕਣਗੇ। ਸਿਰਫ ਸ਼ਨੀਵਾਰ ਨੂੰ ਦੋ ਘੰਟੇ ਵੀਡਿਓ ਕਾਨਫਰੰਸ ਰਾਹੀਂ ਸੁਣਵਾਈ ਹੋਵੇਗੀ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਅਕਸਰ ਇਹ ਦੇਖਣ ਵਿੱਚ ਆਉਂਦਾ ਹੈ ਕਿ ਦੇਸ਼ ਦੀ ਸੁਰੱਖਿਆ ਲਈ ਸਰਹੱਦਾਂ ਜਾਂ ਦੂਰ-ਦਰਾਜ ਇਲਾਕਿਆਂ ਵਿੱਚ ਡਿਊਟੀ ਨਿਭਾ ਰਹੇ ਜਵਾਨ ਛੁੱਟੀ ਨਾ ਮਿਲਣ ਜਾਂ ਡਿਊਟੀ ਦੀਆਂ ਪਾਬੰਦੀਆਂ ਕਾਰਨ ਆਪਣੇ ਘਰੇਲੂ ਜ਼ਿਲ੍ਹਿਆਂ ਵਿੱਚ ਚੱਲ ਰਹੇ ਮਾਮਲਿਆਂ ਦੀ ਪੈਰਵੀ ਨਹੀਂ ਕਰ ਪਾਉਂਦੇ। ਇਸ ਕਾਰਨ ਕਈ ਵਾਰ ਉਨ੍ਹਾਂ ਦੀਆਂ ਸ਼ਿਕਾਇਤਾਂ ਲੰਮੇ ਸਮੇਂ ਤੱਕ ਲਟਕੀਆਂ ਰਹਿ ਜਾਂਦੀਆਂ ਹਨ ਅਤੇ ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਸਮੱਸਿਆ ਨੂੰ ਧਿਆਨ ਵਿੱਚ ਰੱਖਦਿਆਂ ਖੰਨਾ ਪੁਲਿਸ ਨੇ ਇਹ ਤਕਨੀਕੀ ਅਤੇ ਮਨੁੱਖੀ ਪੱਖ ਤੋਂ ਮਹੱਤਵਪੂਰਨ ਯੋਜਨਾ ਸ਼ੁਰੂ ਕੀਤੀ ਹੈ।
ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਇਸ ਸਕੀਮ ਤਹਿਤ ਖਾਸ ਤੌਰ ’ਤੇ ਇੱਕ ਅਧਿਕਾਰਿਕ ਈਮੇਲ ਆਈ.ਡੀ
ssu.khanna@punjabpolice.gov.in ਜਾਰੀ ਕੀਤੀ ਗਈ ਹੈ। ਇਸ ਈਮੇਲ ਰਾਹੀਂ ਫੌਜੀ ਅਤੇ ਪੈਰਾ ਮਿਲਟਰੀ ਫੋਰਸ ਦੇ ਜਵਾਨ ਆਪਣੀਆਂ ਸ਼ਿਕਾਇਤਾਂ, ਦਰਖਾਸਤਾਂ ਜਾਂ ਹੋਰ ਜਾਣਕਾਰੀ ਸਿੱਧੇ ਪੁਲਿਸ ਜ਼ਿਲ੍ਹਾ ਖੰਨਾ ਨੂੰ ਭੇਜ ਸਕਣਗੇ। ਇਸ ਨਾਲ ਬਿਨਾਂ ਸਰੀਰਕ ਤੌਰ ’ਤੇ ਹਾਜ਼ਰ ਹੋਏ ਵੀ ਮਾਮਲੇ ਦੀ ਸ਼ੁਰੂਆਤੀ ਜਾਂਚ ਅਤੇ ਕਾਰਵਾਈ ਤੁਰੰਤ ਸ਼ੁਰੂ ਕੀਤੀ ਜਾ ਸਕੇਗੀ।
ਉਨ੍ਹਾਂ ਦੱਸਿਆ ਕਿ ਹਰ ਸ਼ਨੀਵਾਰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਵੀਡੀਓ ਕਾਲ ਰਾਹੀਂ ਸ਼ਿਕਾਇਤਾਂ ਦੀ ਸੁਣਵਾਈ ਕੀਤੀ ਜਾਵੇਗੀ। ਇਸ ਦੌਰਾਨ ਸੈਨਿਕਾਂ ਨਾਲ ਸਿੱਧੇ ਐਸ.ਐਸ.ਪੀ ਗੱਲਬਾਤ ਕਰਕੇ ਮੁਸ਼ਕਲਾਂ ਸੁਣਨਗੇ। ਇਸ ਨਾਲ ਨਾ ਸਿਰਫ਼ ਜਵਾਨਾਂ ਨੂੰ ਸਹੂਲਤ ਮਿਲੇਗੀ, ਸਗੋਂ ਉਨ੍ਹਾਂ ਨੂੰ ਇਹ ਭਰੋਸਾ ਵੀ ਮਿਲੇਗਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਹੱਲ ਕੀਤਾ ਜਾ ਰਿਹਾ ਹੈ।
ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਵੀਡੀਓ ਕਾਨਫਰੰਸ ਤੋਂ ਬਾਅਦ ਸੰਬੰਧਿਤ ਗਜ਼ਟਿਡ ਅਫ਼ਸਰ ਜਾਂ ਐਸ.ਐਚ.ਓ ਨੂੰ ਲਿਖਤੀ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ ਤਾਂ ਜੋ ਮਾਮਲਿਆਂ ਦਾ ਜਲਦ ਅਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਇਸ ਦੇ ਨਾਲ ਹੀ “ਸੈਨਿਕ ਸਮਾਧਾਨ ਡੈਸ਼ਬੋਰਡ” ਵੀ ਤਿਆਰ ਕੀਤਾ ਗਿਆ ਹੈ, ਜਿਸ ਦੀ ਨਿਗਰਾਨੀ ਐਸ.ਪੀ ਹੈੱਡਕੁਆਰਟਰ ਵੱਲੋਂ ਨੋਡਲ ਅਫ਼ਸਰ ਦੇ ਤੌਰ ’ਤੇ ਕੀਤੀ ਜਾਵੇਗੀ।
ਡੈਸ਼ਬੋਰਡ ਵਿੱਚ ਪ੍ਰਾਪਤ ਹੋਈਆਂ ਸ਼ਿਕਾਇਤਾਂ, ਉਨ੍ਹਾਂ ਦੀ ਮੌਜੂਦਾ ਸਥਿਤੀ ਅਤੇ ਬਕਾਇਆ ਮਾਮਲਿਆਂ ਦਾ ਪੂਰਾ ਰਿਕਾਰਡ ਰੱਖਿਆ ਜਾਵੇਗਾ। ਹਰ 15 ਦਿਨਾਂ ਬਾਅਦ ਐਸ.ਐਸ.ਪੀ ਖੁਦ ਇਸਦੀ ਸਮੀਖਿਆ ਕਰਨਗੇ ਤਾਂ ਜੋ ਕਿਸੇ ਵੀ ਮਾਮਲੇ ਦੇ ਨਿਪਟਾਰੇ ਵਿੱਚ ਬੇਵਜ੍ਹਾ ਦੇਰੀ ਨਾ ਹੋਵੇ ਅਤੇ ਜਵਾਨਾਂ ਨੂੰ ਸਮੇਂ ਸਿਰ ਇਨਸਾਫ ਮਿਲ ਸਕੇ।
ਪੁਲਿਸ ਜ਼ਿਲ੍ਹਾ ਖੰਨਾ ਦੀ ਇਹ ਪਹਿਲ ਸਿਰਫ਼ ਤਕਨੀਕ ਦੇ ਸਹੀ ਇਸਤੇਮਾਲ ਦੀ ਮਿਸਾਲ ਹੀ ਨਹੀਂ, ਸਗੋਂ ਦੇਸ਼ ਦੀ ਸੁਰੱਖਿਆ ਲਈ ਦਿਨ-ਰਾਤ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਜਵਾਨਾਂ ਪ੍ਰਤੀ ਸਨਮਾਨ, ਸਤਿਕਾਰ ਅਤੇ ਸੰਵੇਦਨਸ਼ੀਲਤਾ ਦਾ ਪ੍ਰਗਟਾਵਾ ਵੀ ਹੈ। “ਸੈਨਿਕ ਸਮਾਧਾਨ ਉਪਰਾਲਾ” ਦੇ ਨਾਲ ਹੁਣ ਫੌਜੀ ਅਤੇ ਪੈਰਾ ਮਿਲਟਰੀ ਜਵਾਨ ਘਰ ਤੋਂ ਦੂਰ ਰਹਿੰਦੇ ਹੋਏ ਵੀ ਆਪਣੀਆਂ ਸਮੱਸਿਆਵਾਂ ਦਾ ਹੱਲ ਆਸਾਨੀ ਨਾਲ ਪ੍ਰਾਪਤ ਕਰ ਸਕਣਗੇ।