ਮੋਹਾਲੀ ਪੁਲਿਸ ਨੇ ਵਾਹਨ ਚੋਰੀ ਗਿਰੋਹ ਦਾ ਕੀਤਾ ਪਰਦਾਫਾਸ਼, 8 ਮੋਟਰਸਾਈਕਲ ਤੇ ਇੱਕ ਐਕਟਿਵਾ ਬਰਾਮਦ
Jun1,2026
| Gurwinder Singh | Sas Nagar (mohali)
ਚਾਰ ਦੋਸ਼ੀ ਗ੍ਰਿਫ਼ਤਾਰ, ਪੁਲਿਸ ਰਿਮਾਂਡ ਦੌਰਾਨ ਹੋਰ ਖੁਲਾਸਿਆਂ ਦੀ ਸੰਭਾਵਨਾ
ਮੋਹਾਲੀ, 1 ਜੂਨ (ਗੁਰਵਿੰਦਰ ਸਿੰਘ) : ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਐਸ.ਐਸ.ਪੀ. ਹਰਮਨਦੀਪ ਸਿੰਘ ਹੰਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਪਤਾਨ ਪੁਲਿਸ (ਸਿਟੀ) ਦਿਲਪ੍ਰੀਤ ਸਿੰਘ ਦੀ ਰਹਿਨੁਮਾਈ ਹੇਠ ਮੋਹਾਲੀ ਸ਼ਹਿਰ ਵਿੱਚ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਫੇਜ਼-1 ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇਹ ਜਾਣਕਾਰੀ ਉਪ ਕਪਤਾਨ ਪੁਲਿਸ ਸਿਟੀ-1 ਗੁਰਚਰਨ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ।
ਉਨ੍ਹਾਂ ਦੱਸਿਆ ਕਿ ਇੰਸਪੈਕਟਰ ਸੁਖਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ 23 ਮਈ 2026 ਨੂੰ ਦਰਜ ਇੱਕ ਵਾਹਨ ਚੋਰੀ ਦੇ ਮਾਮਲੇ ਦੀ ਜਾਂਚ ਦੌਰਾਨ ਦੋਸ਼ੀ ਹਰਵਿੰਦਰ ਕੁਮਾਰ ਨੂੰ ਚੋਰੀ ਦੇ ਇੱਕ ਮੋਟਰਸਾਈਕਲ ਸਮੇਤ ਕਾਬੂ ਕੀਤਾ। ਪੁੱਛਗਿੱਛ ਦੌਰਾਨ ਉਸ ਦੀ ਨਿਸ਼ਾਨਦੇਹੀ 'ਤੇ ਇੱਕ ਹੋਰ ਬਿਨਾਂ ਨੰਬਰੀ ਬੁਲੇਟ ਮੋਟਰਸਾਈਕਲ ਬਰਾਮਦ ਕੀਤਾ ਗਿਆ ਅਤੇ ਭਰਤ ਕੁਮਾਰ ਉਰਫ਼ ਮੰਗੂ ਨੂੰ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ।
ਪੁਲਿਸ ਨੇ 26 ਮਈ ਨੂੰ ਭਰਤ ਕੁਮਾਰ ਉਰਫ਼ ਮੰਗੂ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਇੱਕ ਬਿਨਾਂ ਨੰਬਰੀ ਐਕਟਿਵਾ ਸਕੂਟਰੀ ਬਰਾਮਦ ਕੀਤੀ। ਉਸ ਤੋਂ ਕੀਤੀ ਗਈ ਪੁੱਛਗਿੱਛ ਦੇ ਆਧਾਰ 'ਤੇ ਈਸ਼ਰ ਸਿੰਘ ਉਰਫ਼ ਗੱਬਰ ਅਤੇ ਜਗਦੀਪ ਸਿੰਘ ਉਰਫ਼ ਕਾਲਾ ਸੰਧੂ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ।
ਦੋਵਾਂ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਰਿਮਾਂਡ ਦੌਰਾਨ ਉਨ੍ਹਾਂ ਦੀ ਨਿਸ਼ਾਨਦੇਹੀ 'ਤੇ ਚਾਰ ਹੋਰ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤੇ ਗਏ, ਜਦਕਿ ਭਰਤ ਕੁਮਾਰ ਪਾਸੋਂ ਇੱਕ ਹੋਰ ਚੋਰੀ ਦਾ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ।
ਪੁਲਿਸ ਅਨੁਸਾਰ ਇਸ ਕਾਰਵਾਈ ਦੌਰਾਨ ਕੁੱਲ 8 ਚੋਰੀਸ਼ੁਦਾ ਮੋਟਰਸਾਈਕਲ ਅਤੇ ਇੱਕ ਐਕਟਿਵਾ ਸਕੂਟਰੀ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਦੋਸ਼ੀਆਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਖ਼ਿਲਾਫ਼ ਦਰਜ ਹੋਰ ਮਾਮਲਿਆਂ ਸਬੰਧੀ ਵੀ ਜਾਂਚ ਜਾਰੀ ਹੈ।
Mohali-Police-Busts-Vehicle-Theft-Gang-Recovers-8-Motorcycles-And-An-Activa