ਫ਼ਰੀਦਕੋਟ ਦੇ ਨਵੇਂ ਐਸ.ਐਸ.ਪੀ. ਗੁਰਬੰਸ ਸਿੰਘ ਬੈਂਸ ਦੀ ਸਖ਼ਤ ਚਿਤਾਵਨੀ, ਕਾਨੂੰਨ ਤੋੜਨ ਵਾਲਿਆਂ ਨਾਲ ਨਹੀਂ ਹੋਵੇਗੀ ਕੋਈ ਰਿਆਇਤ
ਫ਼ਰੀਦਕੋਟ, 4 ਜੂਨ (ਮਨਜੀਤ ਸਿੰਘ ਢੱਲਾ):-
ਜ਼ਿਲ੍ਹਾ ਫ਼ਰੀਦਕੋਟ ਦੇ ਨਵੇਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਗੁਰਬੰਸ ਸਿੰਘ ਬੈਂਸ ਨੇ ਅਹੁਦਾ ਸੰਭਾਲਣ ਤੋਂ ਬਾਅਦ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਹਰ ਹਾਲਤ ਵਿੱਚ ਬਰਕਰਾਰ ਰੱਖਿਆ ਜਾਵੇਗਾ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨਾਲ ਕੋਈ ਰਿਆਇਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਜ਼ੀਰੋ-ਟੌਲਰੈਂਸ ਨੀਤੀ ਅਨੁਸਾਰ ਨਸ਼ਾ ਤਸਕਰੀ ਅਤੇ ਗੈਂਗਸਟਰਵਾਦ ਖ਼ਿਲਾਫ਼ ਵੱਡੇ ਪੱਧਰ ‘ਤੇ ਕਾਰਵਾਈ ਲਗਾਤਾਰ ਜਾਰੀ ਹੈ। ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਨਸ਼ਾ ਤਸਕਰ ਨੈੱਟਵਰਕਾਂ ਨੂੰ ਤੋੜਨ, ਮੁੱਖ ਦੋਸ਼ੀਆਂ ਨੂੰ ਕਾਬੂ ਕਰਨ ਅਤੇ ਉਨ੍ਹਾਂ ਦੇ ਸਹਿਯੋਗੀਆਂ ਦੀ ਪਛਾਣ ਕਰਨ ਲਈ ਮੁਹਿੰਮ ਤੇਜ਼ ਕੀਤੀ ਗਈ ਹੈ।
ਐਸ.ਐਸ.ਪੀ. ਬੈਂਸ ਨੇ ਕਿਹਾ ਕਿ ਨਸ਼ਾ ਤਸਕਰੀ ਦੇ ਕਾਰੋਬਾਰ ਨਾਲ ਜੁੜੇ ਤੱਤ ਨੌਜਵਾਨ ਪੀੜ੍ਹੀ ਨੂੰ ਬਰਬਾਦ ਕਰ ਰਹੇ ਹਨ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਅਜਿਹੇ ਲੋਕਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜ਼ਬਤ ਕਰਨ ਅਤੇ ਫ੍ਰੀਜ਼ ਕਰਨ ਦੀ ਕਾਰਵਾਈ ਵੀ ਤੇਜ਼ੀ ਨਾਲ ਕੀਤੀ ਜਾ ਰਹੀ ਹੈ, ਤਾਂ ਜੋ ਨਸ਼ਾ ਤਸਕਰੀ ਦੀ ਆਰਥਿਕ ਕਮਰ ਤੋੜੀ ਜਾ ਸਕੇ।
ਉਨ੍ਹਾਂ ਕਿਹਾ ਕਿ ਗੈਂਗਸਟਰਾਂ ਅਤੇ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ‘ਤੇ ਪੁਲਿਸ ਦੀ ਤਿੱਖੀ ਨਜ਼ਰ ਹੈ ਅਤੇ ਅਜਿਹੇ ਤੱਤਾਂ ਨੂੰ ਕਿਸੇ ਵੀ ਹਾਲਤ ਵਿੱਚ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ, ਅਪਰਾਧਿਕ ਗਤੀਵਿਧੀਆਂ ਜਾਂ ਸ਼ੱਕੀ ਵਿਅਕਤੀਆਂ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਗੁਰਬੰਸ ਸਿੰਘ ਬੈਂਸ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਅਤੇ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਬਿਨਾਂ ਕਿਸੇ ਭੇਦਭਾਵ ਦੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਿਸੇ ਵੀ ਅਪਰਾਧੀ ਜਾਂ ਕਾਨੂੰਨ ਤੋੜਨ ਵਾਲੇ ਵਿਅਕਤੀ ਨਾਲ ਕੋਈ ਲਿਹਾਜ਼ ਨਹੀਂ ਕੀਤਾ ਜਾਵੇਗਾ ਅਤੇ ਹਰ ਦੋਸ਼ੀ ਨੂੰ ਕਾਨੂੰਨ ਦੇ ਕਟਹਿਰੇ ਤੱਕ ਪਹੁੰਚਾਇਆ ਜਾਵੇਗਾ।
ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੇ ਤੱਤਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਪੱਤਰਕਾਰ ਮਨਜੀਤ ਸਿੰਘ ਢੱਲਾ ਵੱਲੋਂ ਨਵ- ਨਿਯੁਕਤ ਆਏ ਐਸ.ਐਸ.ਪੀ. ਗੁਰਬੰਸ ਸਿੰਘ ਬੈਂਸ ਨੂੰ ਜ਼ਿਲ੍ਹਾ ਫ਼ਰੀਦਕੋਟ ਦਾ ਚਾਰਜ ਸੰਭਾਲਣ ਤੇ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਡੀਐਸਪੀ ਇਕਬਾਲ ਸਿੰਘ ਸੰਧੂ ਜੈਤੋ, ਅਤੇ ਥਾਣਾ ਜੈਤੋ ਦੇ ਇੰਚਾਰਜ ਨਵਪ੍ਰੀਤ ਸਿੰਘ ਹਾਜ਼ਰ ਸਨ।