ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਐਸ.ਏ.ਐਸ. ਨਗਰ ਹਰਮਨਦੀਪ ਸਿੰਘ ਹੰਸ ਦੇ ਦਿਸ਼ਾ-ਨਿਰਦੇਸ਼ਾਂ ਅਤੇ ਕਪਤਾਨ ਪੁਲਿਸ (ਸਿਟੀ) ਦਿਲਪ੍ਰੀਤ ਸਿੰਘ ਦੀ ਰਹਿਨੁਮਾਈ ਹੇਠ ਮੋਹਾਲੀ ਸ਼ਹਿਰ ਵਿੱਚ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਫੇਜ਼-1 ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਕਪਤਾਨ ਪੁਲਿਸ ਸਿਟੀ-1 ਗੁਰਚਰਨ ਸਿੰਘ ਨੇ ਦੱਸਿਆ ਕਿ ਇੰਸਪੈਕਟਰ ਸੁਖਬੀਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਵਾਹਨ ਚੋਰੀ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਵਿਨੇ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ ਚਾਰ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਹਨ।
ਉਨ੍ਹਾਂ ਦੱਸਿਆ ਕਿ 15 ਜੂਨ 2026 ਨੂੰ ਸਤਨਾਮ ਸਿੰਘ ਵਾਸੀ ਖਰੜ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਫੇਜ਼-1 ਮੋਹਾਲੀ ਵਿਖੇ ਵਾਹਨ ਚੋਰੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਪੁਲਿਸ ਨੇ ਵਿਨੇ ਕੁਮਾਰ ਵਾਸੀ ਜ਼ਿਲ੍ਹਾ ਮੇਰਠ (ਉੱਤਰ ਪ੍ਰਦੇਸ਼) ਨੂੰ ਗ੍ਰਿਫ਼ਤਾਰ ਕਰਕੇ ਪਹਿਲਾਂ ਦੋ ਮੋਟਰਸਾਈਕਲ ਬਰਾਮਦ ਕੀਤੇ। ਪੁਲਿਸ ਰਿਮਾਂਡ ਦੌਰਾਨ ਉਸ ਦੀ ਨਿਸ਼ਾਨਦੇਹੀ 'ਤੇ ਹੋਰ ਦੋ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ।
ਪੁੱਛਗਿੱਛ ਦੌਰਾਨ ਮਿਲੀ ਜਾਣਕਾਰੀ ਦੇ ਆਧਾਰ 'ਤੇ ਪੁਲਿਸ ਨੇ ਬਾਦਸ਼ਾਹ ਨਾਮਕ ਇੱਕ ਹੋਰ ਦੋਸ਼ੀ ਨੂੰ ਵੀ ਗ੍ਰਿਫ਼ਤਾਰ ਕੀਤਾ, ਜੋ ਮੂਲ ਰੂਪ ਵਿੱਚ ਸੰਭਲ (ਉੱਤਰ ਪ੍ਰਦੇਸ਼) ਦਾ ਰਹਿਣ ਵਾਲਾ ਹੈ ਅਤੇ ਇਸ ਸਮੇਂ ਮੋਹਾਲੀ ਦੇ ਫੇਜ਼-7 ਇੰਡਸਟਰੀਅਲ ਏਰੀਆ ਵਿੱਚ ਰਹਿ ਰਿਹਾ ਸੀ। ਉਸ ਦੇ ਕਬਜ਼ੇ ਵਿਚੋਂ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ। ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਦੌਰਾਨ ਉਸ ਦੀ ਨਿਸ਼ਾਨਦੇਹੀ 'ਤੇ ਇੱਕ ਹੋਰ ਚੋਰੀਸ਼ੁਦਾ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ।
ਪੁਲਿਸ ਨੇ ਦੋਵੇਂ ਦੋਸ਼ੀਆਂ ਦੇ ਕਬਜ਼ੇ ਵਿਚੋਂ ਕੁੱਲ 6 ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲਿਸ ਵੱਲੋਂ ਦੋਸ਼ੀਆਂ ਦੇ ਖ਼ਿਲਾਫ਼ ਹੋਰ ਦਰਜ ਮਾਮਲਿਆਂ ਅਤੇ ਸੰਭਾਵਿਤ ਸਾਥੀਆਂ ਸਬੰਧੀ ਜਾਂਚ ਜਾਰੀ ਹੈ।
