ਸਥਾਨਕ ਸ਼ਹਿਰ ਵਿੱਚ ਟ੍ਰੈਫਿਕ ਪ੍ਰਬੰਧ ਪੂਰੀ ਤਰ੍ਹਾਂ ਡਾਵਾਂਡੋਲ ਹੋ ਚੁੱਕਾ ਹੈ। ਮੁੱਖ ਬਾਜ਼ਾਰਾਂ ਅਤੇ ਰੁੱਝੀਆਂ ਸੜਕਾਂ 'ਤੇ ਲੋਕ ਆਪਣੀਆਂ ਗੱਡੀਆਂ ਮਨਮਰਜ਼ੀ ਨਾਲ ਸੜਕ ਦੇ ਵਿਚਕਾਰ ਜਾਂ ਨੋ-ਪਾਰਕਿੰਗ ਵਾਲੀਆਂ ਥਾਵਾਂ 'ਤੇ ਖੜ੍ਹੀਆਂ ਕਰਕੇ ਖਰੀਦਦਾਰੀ ਕਰਨ ਚਲੇ ਜਾਂਦੇ ਹਨ। ਇਸ ਕਾਰਨ ਸੜਕਾਂ 'ਤੇ ਲੰਬੇ ਜਾਮ ਲੱਗਦੇ ਹਨ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਨਾ ਹੋਣ ਕਾਰਨ ਅਜਿਹੀ ਸਥਿਤੀ ਬਣੀ ਹੋਈ ਹੈ। ਲੋਕਾਂ ਦਾ ਦੋਸ਼ ਹੈ ਕਿ ਸਬੰਧਤ ਪ੍ਰਸ਼ਾਸਨ ਅਤੇ ਟ੍ਰੈਫਿਕ ਵਿਭਾਗ ਇਸ ਸਮੱਸਿਆ ਪ੍ਰਤੀ ਗੰਭੀਰ ਨਹੀਂ ਦਿਖਾਈ ਦੇ ਰਹੇ ਜੋ ਹਾਲੇ ਕੁੰਭਕਰਨੀ ਨੀਂਦਰ ਚ ਸੌਂ ਰਿਹਾ ਹੈ।
ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਗੈਰ-ਕਾਨੂੰਨੀ ਪਾਰਕਿੰਗ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਟ੍ਰੈਫਿਕ ਪੁਲਿਸ ਦੀ ਤਾਇਨਾਤੀ ਵਧਾਈ ਜਾਵੇ ਅਤੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ, ਤਾਂ ਜੋ ਆਵਾਜਾਈ ਸੁਚਾਰੂ ਬਣ ਸਕੇ ਅਤੇ ਲੋਕਾਂ ਨੂੰ ਰੋਜ਼ਾਨਾ ਲੱਗਣ ਵਾਲੇ ਜਾਮ ਤੋਂ ਰਾਹਤ ਮਿਲ ਸਕੇ।