ਖੰਨਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸ਼ਹਿਰ ਦੇ ਆਨੰਦ ਨਗਰ ਇਲਾਕੇ ਵਿੱਚ ਇੱਕ ਫੌਜੀ ਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਜਸਬੀਰ ਸਿੰਘ ਵਾਸੀ ਆਨੰਦ ਨਗਰ, ਖੰਨਾ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਸਬੀਰ ਸਿੰਘ ਭਾਰਤੀ ਫੌਜ ਵਿੱਚ ਸੇਵਾ ਨਿਭਾ ਰਹੇ ਸਨ ਅਤੇ ਇਸ ਸਮੇਂ ਪਠਾਨਕੋਟ ਵਿਖੇ ਤਾਇਨਾਤ ਸਨ। ਦੱਸਿਆ ਜਾ ਰਿਹਾ ਹੈ ਕਿ ਉਹ ਕਰੀਬ ਤਿੰਨ ਦਿਨ ਪਹਿਲਾਂ ਹੀ ਛੁੱਟੀ 'ਤੇ ਆਪਣੇ ਘਰ ਆਏ ਸਨ। ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੀ ਲਾਸ਼ ਘਰ ਦੇ ਅੰਦਰ ਪੱਖੇ ਨਾਲ ਲਟਕਦੀ ਦੇਖੀ। ਘਟਨਾ ਦੀ ਸੂਚਨਾ ਮਿਲਣ ਉਪਰੰਤ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਮਾਮਲੇ ਦੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਜਸਬੀਰ ਸਿੰਘ ਦੋ ਬੱਚਿਆਂ ਦੇ ਪਿਤਾ ਸਨ।
ਦੂਜੇ ਪਾਸੇ ਸਿਟੀ ਥਾਣਾ 2 ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਤਰਵਿੰਦਰ ਕੁਮਾਰ ਬੇਦੀ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਫੌਜੀ ਦਾ ਮੋਬਾਇਲ ਵੀ ਕਬਜ਼ੇ ਚ ਲਿਆ ਗਿਆ ਹੈ। ਹਰ ਪਹਿਲੂ ਤੋਂ ਜਾਂਚ ਕਰਕੇ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।