ਫ਼ਿਲਮੀ ਅੰਦਾਜ਼ ’ਚ ਗੱਡੀ ’ਚੋਂ ਸੜਕ ’ਤੇ ਸੁੱਟਿਆ ਸੀ ਨੌਜਵਾਨ, ਰਾਹਗੀਰਾਂ ਨੇ ਹਸਪਤਾਲ ਪਹੁੰਚਾਇਆ; ਪੁਲਿਸ ਨੇ ਤਿੰਨ ਮੁਲਜ਼ਮ ਫੜੇ
- ਹੁਸ਼ਿਆਰਪੁਰ ਜ਼ਿਲ੍ਹੇ ਦੇ ਹਲਕਾ ਗੜ੍ਹਸ਼ੰਕਰ ਅਧੀਨ ਪੈਂਦੇ ਪਿੰਡ ਬਿਣੇਵਾਲ ਵਿੱਚ ਇੱਕ ਨੌਜਵਾਨ ਨੂੰ ਕਥਿਤ ਤੌਰ ’ਤੇ ਕਿਡਨੈਪ ਕਰਕੇ ਕਤਲ ਕਰਨ ਦੇ ਮਾਮਲੇ ਵਿੱਚ ਗੜ੍ਹਸ਼ੰਕਰ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਕਥਿਤ ਤੌਰ ’ਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਨੌਜਵਾਨ ਨੂੰ ਗੱਡੀ ਵਿੱਚੋਂ ਫ਼ਿਲਮੀ ਅੰਦਾਜ਼ ਵਿੱਚ ਸੜਕ ’ਤੇ ਸੁੱਟ ਦਿੱਤਾ ਗਿਆ ਸੀ।
ਘਟਨਾ ਤੋਂ ਬਾਅਦ ਸੜਕ ਤੋਂ ਲੰਘ ਰਹੇ ਰਾਹਗੀਰਾਂ ਨੇ ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਚੁੱਕ ਕੇ ਨਜ਼ਦੀਕੀ ਹਸਪਤਾਲ ਪਹੁੰਚਾਇਆ, ਜਿੱਥੇ ਉਸ ਨੂੰ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਗੜ੍ਹਸ਼ੰਕਰ ਪੁਲਿਸ ਨੇ ਵੱਖ-ਵੱਖ ਟੀਮਾਂ ਦਾ ਗਠਨ ਕਰਕੇ ਕਥਿਤ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ।
ਇਸ ਸਬੰਧੀ ਅੱਜ ਗੜ੍ਹਸ਼ੰਕਰ ਪੁਲਿਸ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਗਿਆ ਕਿ ਪੁਲਿਸ ਨੇ ਮਾਮਲੇ ਵਿੱਚ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ। ਪੁਲਿਸ ਵੱਲੋਂ ਕਾਬੂ ਕੀਤੇ ਗਏ ਨੌਜਵਾਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਵਿੱਚ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਵੱਲੋਂ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਵਾਰਦਾਤ ਦੇ ਪਿੱਛੇ ਅਸਲ ਕਾਰਨ ਕੀ ਸੀ ਅਤੇ ਇਸ ਵਿੱਚ ਹੋਰ ਕਿਹੜੇ ਵਿਅਕਤੀ ਸ਼ਾਮਲ ਹਨ।