*ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਚੰਡੀਗੜ੍ਹ ਵੱਲ ਹਜ਼ਾਰਾਂ ਦਾ ਕੂਚ, ਪੁਲੀਸ ਬੈਰੀਕੇਡ ਟੁੱਟੇ; ਜਲ ਤੋਪਾਂ ਨਾਲ ਰੋਕਣ ਦੀ ਕੋਸ਼ਿਸ਼*
Jul29,2026
| Gurvinder Singh Mohali | Chandigarh
ਗੁਰਦੁਆਰਾ ਅੰਬ ਸਾਹਿਬ ਤੋਂ ਸ਼ੁਰੂ ਹੋਇਆ 'ਵਾਰਿਸ ਪੰਜਾਬ ਦੇ' ਦਾ ਰੋਸ ਮਾਰਚ; ਮੁੱਖ ਮੰਤਰੀ ਨਿਵਾਸ ਵੱਲ ਵਧਦੇ ਪ੍ਰਦਰਸ਼ਨਕਾਰੀਆਂ ਤੇ ਵਾਟਰ ਕੈਨਨ ਦੀ ਵਰਤੋਂ, ਪੁਲੀਸ ਨਾਲ ਖਿੱਚੋਤਾਣ
ਵਾਰਿਸ ਪੰਜਾਬ ਦੇ ਜੰਥੇਬੰਦੀ ਵਲੋਂ ਸਾਂਸਦ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮੋਹਾਲੀ ਤੋਂ ਚੰਡੀਗੜ੍ਹ ਵੱਲ ਮਾਰਚ
ਗੁਰੂਦੁਆਰਾ ਅੰਬ ਸਾਹਿਬ ਤੋਂ ਸ਼ੁਰੂ ਹੋ ਕੇ ਚੰਡੀਗੜ੍ਹ ਵਿੱਚ ਦਾਖਿਲ ਹੋਇਆ ਰੋਸ ਮਾਰਚ
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ‘ਬੰਦੀ ਸਿੰਘਾਂ' ਦੀ ਤੁਰੰਤ ਰਿਹਾਈ ਦੀ ਮੰਗ ਨੂੰ ਲੈ ਕੇ ਜਥੇਬੰਦੀ ਨਾਲ ਜੁੜੇ ਆਗੂਆਂ, ਵਰਕਰਾਂ ਅਤੇ ਸਮਰਥਕਾਂ ਵੱਲੋਂ ਅੱਜ ਚੰਡੀਗੜ੍ਹ ਵਿਖੇ ਵਿਸ਼ਾਲ ਸ਼ਾਂਤਮਈ ਮਾਰਚ ਕੱਢਿਆ ਗਿਆ। ਇਸ ਦੌਰਾਨ ਪੰਜਾਬ ਦੇ ਵੱਖ-ਵੱਖ ਖੇਤਰਾਂ ਤੋਂ ਆਏ ਪ੍ਰਦਰਸ਼ਨਕਾਰੀ ਪਹਿਲਾਂ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਇਕੱਠੇ ਹੋਏ ਜਿਸਤੋਂ ਬਾਅਦ ਉਹਨਾਂ ਵਲੋਂ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕੀਤਾ ਗਿਆ।
ਇਸ ਮੌਕੇ ਹਜਾਰਾਂ ਦੀ ਗਿਣਤੀ ਵਿੱਚ ਇਕੱਤਰ ਹੋਏ ਵਾਰਿਸ ਪੰਜਾਬ ਦੇ ਜੱਥੇਬੰਦੀ ਦੇ ਆਗੂਆਂ ਵਰਕਰਾਂ ਸਮਰਥਕਾਂ ਅਤੇ ਵੱਖ ਵੱਖ ਸਿੱਖ ਜੱਥੇਬੰਦੀਆਂ ਦੇ ਕਾਰਕੁੰਨ ਗੁਰੂਦੁਆਰਾ ਸ੍ਰੀ ਅੰਬ ਸਾਹਿਬ ਤੋਂ ਪੰਜਾਬ ਸਕੂਲ ਸਿਖਿਆ ਬੋਰਡ ਹੁੰਦੇ ਹੋਏ ਫੇਜ਼ 8 ਅਤੇ 9 ਨੂੰ ਵੰਡਦੀ ਸੜਕ ਤੇ ਪਹੁੰਚੇ ਜਿੱਥੋਂ ਉਹ ਬੜੈਲ ਜੇਲ੍ਹ ਦੇ ਨਾਲ ਲੱਗਦੀ ਸੜਕ ਤੋਂ ਚੰਡੀਗੜ੍ਹ ਵਿੱਚ ਦਾਖਿਲ ਹੋ ਗਏ। ਬੜੈਲ ਜੇਲ੍ਹ ਨੇੜੇ ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ ਤੇ ਚੰਡੀਗੜ੍ਹ ਪੁਲੀਸ ਵਲੋਂ ਬੈਰੀਕੇਡਿੰਗ ਕੀਤੀ ਗਈ ਸੀ ਪਰੰਤੂ ਪ੍ਰਦਸ਼ਨਕਾਰੀ ਬੈਰੀਕੇਡਿੰਗ ਤੋੜ ਕੇ ਅੱਗੇ ਲੰਘ ਗਏ।
ਇਸਤੋਂ ਅੱਗੇ ਵਾਲੇ ਚੌਂਕ ਤੇ ਪੁਲੀਸ ਵਲੋਂ ਹੋਰ ਵੀ ਵੱਡੀ ਬੈਰੀਕੇਡਿੰਗ ਕੀਤੀ ਗਈ ਸੀ ਅਤੇ ਜਲ ਤੋਪਾਂ ਵੀ ਤੈਨਾਤ ਕੀਤੀਆਂ ਗਈਆਂ ਸਨ। ਪ੍ਰਦਰਸ਼ਕਾਰੀਆਂ ਨੂੰ ਰੋਕਣ ਲਈ ਚੰਡੀਗੜ੍ਹ ਪੁਲੀਸ ਵਲੋਂ ਜਲਤੋਪਾਂ ਚਲਾ ਕੇ ਪ੍ਰਦਰਸ਼ਨਕਾਰੀਆਂ ਤੇ ਪਾਣੀ ਦੀ ਬੌਛਾੜ ਮਾਰੀ ਗਈ ਜਿਸ ਦੌਰਾਨ 'ਵਾਰਿਸ ਪੰਜਾਬ ਦੇ' ਅਤੇ ਅਕਾਲੀ ਦਲ ਨਾਲ ਜੁੜਿਆ ਇੱਕ ਨੌਜਵਾਨ ਪ੍ਰਦਰਸ਼ਨਕਾਰੀ ਪੁਲੀਸ ਵੱਲੋਂ ਤਾਇਨਾਤ ਕੀਤੀ ਗਈ ਵਾਟਰ ਕੈਨਨ ਵਾਲੀ ਗੱਡੀ ਤੇ ਜਾ ਚੜ੍ਹਿਆ ਅਤੇ ਉਸਨੇ ਜਲ ਤੋਪ ਦਾ ਮੂੰਹ ਮੋੜ ਦਿੱਤਾ। ਇਸ ਦੌਰਾਨ ਪ੍ਰਦਰਸ਼ਨਕਾਰੀ ਬੈਰੀਕੇਡ ਤੋੜ ਕੇ ਅੱਗੇ ਲੰਘਣ ਵਿੱਚ ਕਾਮਯਾਬ ਹੋ ਗਏ।
ਖਬਰ ਲਿਖੇ ਜਾਣ ਤਕ ਪ੍ਰਦਰਸ਼ਕਾਰੀਆਂ ਵਲੋਂ ਚੰਡੀਗੜ੍ਹ ਵਿੱਚ ਰੋਸ ਮਾਰਚ ਜਾਰੀ ਸੀ ਅਤੇ ਪ੍ਰਦਰਸ਼ਕਾਰੀ ਤਿੰਨ ਸੈਕਟਰ ਦੇ ਨੇੜੇ ਪਹੁੰਚ ਗਏ ਸਨ। ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਕਰ ਰਹੇ ਹਜ਼ਾਰਾਂ ਪ੍ਰਦਰਸ਼ਨਕਾਰੀਆਂ ਵੱਲੋਂ ਚੰਡੀਗੜ੍ਹ ਵਿੱਚ ਦਾਖਲ ਹੋਣ ਅਤੇ ਮੁੱਖ ਮੰਤਰੀ ਨਿਵਾਸ ਵੱਲ ਵਧਣ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਪੁਲੀਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਭਾਰੀ ਖਿੱਚੋਤਾਣ ਚਲ ਰਹੀ ਸੀ।
ਇੱਥੇ ਜਿਕਰਯੋਗ ਹੈ ਕਿ ਬੁੱਧਵਾਰ ਨੂੰ 'ਵਾਰਿਸ ਪੰਜਾਬ ਦੇ' ਜਥੇਬੰਦੀ ਵੱਲੋਂ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਕੱਢੇ ਜਾ ਰਹੇ ਰੋਸ ਮਾਰਚ ਦੇ ਮੱਦੇਨਜ਼ਰ ਚੰਡੀਗੜ੍ਹ ਟਰੈਫ਼ਿਕ ਪੁਲੀਸ ਨੇ ਆਮ ਲੋਕਾਂ ਅਤੇ ਵਾਹਨ ਚਾਲਕਾਂ ਲਈ ਵਿਸ਼ੇਸ਼ ਟਰੈਫ਼ਿਕ ਐਡਵਾਈਜ਼ਰੀ ਜਾਰੀ ਕੀਤੀ ਸੀ। ਸ਼ਹਿਰ ਵਿੱਚ ਸ਼ਾਂਤੀ ਅਤੇ ਟਰੈਫ਼ਿਕ ਵਿਵਸਥਾ ਬਣਾਏ ਰੱਖਣ ਲਈ ਸਵੇਰੇ 9:30 ਵਜੇ ਤੋਂ ਹੀ ਚੰਡੀਗੜ੍ਹ ਅਤੇ ਮੁਹਾਲੀ ਦੇ ਵਿਚਕਾਰਲੇ ਪ੍ਰਮੁੱਖ ਰਸਤਿਆਂ ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ।
Waris-Punjab-De-Amritpal-Singh-