'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੁਲਿਸ, ਸਿਵਲ ਪ੍ਰਸ਼ਾਸਨ ਅਤੇ ਪੰਚਾਇਤ ਦੀ ਸਾਂਝੀ ਕਾਰਵਾਈ
ਮੋਹਾਲੀ 5 ਅਗਸਤ ਗੁਰਵਿੰਦਰ ਸਿੰਘ
ਪਿੰਡ ਬੜਮਾਜਰਾ ਵਿੱਚ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੁਲਿਸ, ਸਿਵਲ ਪ੍ਰਸ਼ਾਸਨ ਅਤੇ ਗ੍ਰਾਮ ਪੰਚਾਇਤ ਨੇ ਸਾਂਝੀ ਕਾਰਵਾਈ ਕਰਦਿਆਂ ਕਥਿਤ ਨਸ਼ਾ ਤਸਕਰ ਅਨਿਲ ਪੁੱਤਰ ਮੁੰਨਾ ਚੌਹਾਨ ਦੀ ਗੈਰ-ਕਾਨੂੰਨੀ ਉਸਾਰੀ ਨੂੰ ਢਾਹ ਦਿੱਤਾ।
ਡੀਐੱਸਪੀ ਇੰਸ਼ਾਨ ਸਿੰਗਲਾ ਨੇ ਦੱਸਿਆ ਕਿ ਦੋਸ਼ੀ ਖ਼ਿਲਾਫ਼ ਐਨਡੀਪੀਐੱਸ ਐਕਟ ਤਹਿਤ ਕੇਸ ਦਰਜ ਹੈ ਅਤੇ ਉਹ ਇਸ ਵੇਲੇ ਜੇਲ੍ਹ ਵਿੱਚ ਬੰਦ ਹੈ। ਉਸ ਵੱਲੋਂ ਕਥਿਤ ਤੌਰ 'ਤੇ ਪੰਚਾਇਤੀ ਸ਼ਾਮਲਾਟ ਜ਼ਮੀਨ 'ਤੇ ਕਬਜ਼ਾ ਕਰਕੇ ਨਸ਼ੇ ਦੀ ਕਾਲੀ ਕਮਾਈ ਨਾਲ ਮਕਾਨ ਬਣਾਇਆ ਗਿਆ ਸੀ, ਜਿਸ ਨੂੰ ਨਸ਼ੇ ਦੇ ਅੱਡੇ ਵਜੋਂ ਵਰਤਿਆ ਜਾਂਦਾ ਸੀ।
ਉਨ੍ਹਾਂ ਦੱਸਿਆ ਕਿ ਦਸੰਬਰ 2025 ਤੋਂ ਹੁਣ ਤੱਕ ਥਾਣਾ ਬਲੌਂਗੀ ਪੁਲਿਸ ਨੇ ਐਨਡੀਪੀਐੱਸ ਐਕਟ ਤਹਿਤ 70 ਮੁਕੱਦਮੇ ਦਰਜ ਕਰਕੇ 103 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਨਾਲ ਹੀ ਜਾਗਰੂਕਤਾ ਮੁਹਿੰਮਾਂ ਅਤੇ ਨਸ਼ਾ ਛੁਡਾਓ ਕੇਂਦਰਾਂ ਰਾਹੀਂ ਨਸ਼ਾ ਪੀੜਤਾਂ ਦੀ ਮਦਦ ਵੀ ਕੀਤੀ ਜਾ ਰਹੀ ਹੈ। ਪੁਲਿਸ ਨੇ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਇਹ ਮੁਹਿੰਮ ਅੱਗੇ ਵੀ ਪੂਰੀ ਸਖ਼ਤੀ ਨਾਲ ਜਾਰੀ ਰਹੇਗੀ।