ਸ਼ਹਿਰ ਚ ਗੁੰਡਾਗਰਦੀ ਦਾ ਨੰਗਾ ਨਾਚ ਜਾਰੀ, ਐਚਡੀਐਫਸੀ ਬੈਂਕ ਮੁਲਾਜ਼ਮ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ
Sep2,2026
| Reetwal | Bareta
ਬਰੇਟਾ, ਰੀਤਵਾਲ
ਸ਼ਹਿਰ ਵਿੱਚ ਅਪਰਾਧੀ ਅਨਸਰਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ। ਅੱਜ ਇੱਕ ਵਾਰ ਫਿਰ ਗੁੰਡਾ ਅਨਸਰਾਂ ਨੇ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਦਿਆਂ ਐਚਡੀਐਫਸੀ ਬੈਂਕ ਦੇ ਇੱਕ ਮੁਲਾਜ਼ਮ ਹੈਨੀ ਕੁਮਾਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕੀਤਾ। ਇਸ ਘਟਨਾ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ ਅਤੇ ਲੋਕਾਂ ਵਿੱਚ ਪ੍ਰਸ਼ਾਸਨ ਅਤੇ ਪੁਲਿਸ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ, ਪੀੜਤ ਮੁਲਾਜ਼ਮ ਹੈਨੀ ਕੁਮਾਰ ਵਾਸੀ ਬਰੇਟਾ ਆਪਣੇ ਰੋਜ਼ਾਨਾ ਦੇ ਕੰਮਕਾਜ ਦੌਰਾਨ ਜਦੋ ਬੈਂਕ ਪਹੁੰਚਿਆ ਤਾਂ ਪਹਿਲਾਂ ਤੋਂ ਘਾਤ ਲਗਾਈ ਬੈਠੇ ਗੁੰਡਿਆਂ ਨੇ ਉਸਨੂੰ ਸਵੇਰੇ 11 ਵਜੇ ਦੇ ਕਰੀਬ ਬਾਹਰ ਬੁਲਾਕੇ ਉਸ'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਬੇਰਹਿਮੀ ਨਾਲ ਵਾਰ ਕੀਤੇ, ਜਿਸ ਕਾਰਨ ਮੁਲਾਜ਼ਮ ਗੰਭੀਰ ਜ਼ਖ਼ਮੀ ਹੋ ਗਿਆ। ਆਲੇ-ਦੁਆਲੇ ਦੇ ਲੋਕਾਂ ਦੇ ਰੌਲਾ ਪਾਉਣ 'ਤੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀ ਮੁਲਾਜ਼ਮ ਨੂੰ ਤੁਰੰਤ
![]()
ਸਿਵਲ ਹਸਪਤਾਲ ਬੁਢਲਾਡਾ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਨੂੰ ਨਾਜ਼ੁਕ ਦੇਖਦੇ ਹੋਏ ਲੁਧਿਆਣਾ ਵਿਖੇ ਰੈਫਰ ਕਰ ਦਿੱਤਾ ਗਿਆ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਕਈ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਹਮਲਾ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ ਕੀਤਾ ਗਿਆ ਹੈ।
ਇਸ ਘਟਨਾ ਤੋਂ ਬਾਅਦ ਇਲਾਕੇ ਦੇ ਵਪਾਰੀਆਂ ਅਤੇ ਵਸਨੀਕਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਕੁਝ ਸਮੇਂ ਤੋਂ ਸ਼ਹਿਰ ਵਿੱਚ ਗੁੰਡਾਗਰਦੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਲੋਕਾਂ ਨੇ ਮੰਗ ਕੀਤੀ ਕਿ ਹਮਲਾਵਰਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਸ਼ਹਿਰ ਵਿੱਚ ਪੁਲਿਸ ਗਸ਼ਤ ਵਧਾਈ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ।
-baretacrime-hdfcbankemployeeattack-baretanews