*ਨਸ਼ਾ ਤਸਕਰੀ ’ਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ*
*ਜ਼ਮਾਨਤ ’ਤੇ ਬਾਹਰ ਆਏ ਨਸ਼ਾ ਤਸਕਰਾਂ ’ਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ*
*ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਪ੍ਰਧਾਨਗੀ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਲੁਧਿਆਣਾ ’ਚ ਹੋਈ ਰਿਵਿਊ ਮੀਟਿੰਗ*
ਲੁਧਿਆਣਾ, 2 ਸਤੰਬਰ :
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਬੁੱਧਵਾਰ ਨੂੰ ਬੱਚਤ ਭਵਨ ਲੁਧਿਆਣਾ ਵਿਖੇ ਜ਼ਿਲ੍ਹਾ ਪੱਧਰੀ ਰਿਵਿਊ ਮੀਟਿੰਗ ਆਯੋਜਿਤ ਕੀਤੀ ਗਈ। ਇਸ ਜ਼ਿਲ੍ਹਾ ਪੱਧਰੀ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ।
ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ-ਟਾਲਰੈਂਸ ਅਤੇ ਕੋਈ ਢਿੱਲ ਨਾ ਵਰਤਣ ਦੀ ਨੀਤੀ ਅਪਣਾਈ ਹੈ, ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਨਸ਼ਾ ਤਸਕਰਾਂ ਨੂੰ ਇੱਕ ਦਲੇਰਾਨਾ ਅਲਟੀਮੇਟਮ ਦਿੰਦਿਆਂ ਕਿਹਾ ਕਿ "ਆਪਣਾ ਕਾਰੋਬਾਰ ਛੱਡ ਦਿਓ ਜਾਂ ਪੰਜਾਬ ਛੱਡ ਦਿਓ।" ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਨੂੰ ਮਜ਼ਬੂਤ ਕਰਦੇ ਹੋਏ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਪੁਲਿਸ ਨੂੰ ਬਿਨਾਂ ਕਿਸੇ ਪੱਖਪਾਤ ਦੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਦਾ ਪੂਰਾ ਅਧਿਕਾਰ ਦਿੱਤਾ ਗਿਆ ਹੈ ਅਤੇ ਬਹੁਤ ਸਾਰੇ ਤਸਕਰਾਂ ਨੂੰ ਪਹਿਲਾਂ ਹੀ ਕੈਦ ਕੀਤਾ ਜਾ ਚੁੱਕਾ ਹੈ। ਉਨ੍ਹਾਂ ਇਹ ਸਾਫ਼ ਕਰ ਦਿੱਤਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ, ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਅਨੇਕਾਂ ਵੱਡੇ ਤਸਕਰ ਪਹਿਲਾਂ ਹੀ ਜੇਲ੍ਹਾਂ ਵਿੱਚ ਹਨ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ‘ਤੇ ਹੋਏ ਅਸਰਦਾਰ ਢੰਗ ਨਾਲ ਲਾਗੂ ਕਰਨ ਅਤੇ ਸਿਵਲ ਪ੍ਰਸ਼ਾਸਨ ਤੇ ਸਥਾਨਕ ਲੋਕਾਂ ਨਾਲ ਤਾਲਮੇਲ ਬਣਾ ਕੇ ਰੱਖਣ। ਉਨ੍ਹਾਂ ਡੀ.ਐਸ.ਪੀਜ਼ ਅਤੇ ਐਸ.ਐਚ.ਓਜ਼. ਨੂੰ ਹਦਾਇਤ ਕੀਤੀ ਕਿ ਉਹ ਪਿੰਡ ਅਤੇ ਵਾਰਡ ਡਿਫੈਂਸ ਕਮੇਟੀਆਂ ਨਾਲ ਲਗਾਤਾਰ ਮੀਟਿੰਗਾਂ ਕਰਨ ਅਤੇ ਆਪਣੇ ਇਲਾਕਿਆਂ ਵਿੱਚ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ 'ਤੇ ਨਜ਼ਰ ਰੱਖਣ। ਉਨ੍ਹਾਂ ਕਿਹਾ ਕਿ ਇਹ ਕਮੇਟੀਆਂ ਨਾ ਸਿਰਫ਼ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਵਿੱਚ ਸਗੋਂ ਸ਼ੱਕੀ ਗਤੀਵਿਧੀਆਂ ਦੀ ਪਛਾਣ ਕਰਨ ਅਤੇ ਪਿੰਡਾਂ ਤੇ ਇਲਾਕਿਆਂ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਪ੍ਰਸ਼ਾਸਨ ਤੇ ਪੁਲਿਸ ਦਾ ਸਹਿਯੋਗ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ।
ਉਨ੍ਹਾਂ ਪੁਲਿਸ ਨੂੰ ਜ਼ਮਾਨਤ 'ਤੇ ਬਾਹਰ ਆਏ ਨਸ਼ਾ ਤਸਕਰਾਂ 'ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਜਿਹਾ ਵਿਅਕਤੀ ਮੁੜ ਨਸ਼ਾ ਤਸਕਰੀ ਵਿੱਚ ਸ਼ਾਮਲ ਪਾਇਆ ਜਾਂਦਾ ਹੈ, ਤਾਂ ਕਾਨੂੰਨ ਅਨੁਸਾਰ ਉਸ ਦੀ ਜ਼ਮਾਨਤ ਰੱਦ ਕਰਵਾਉਣ ਲਈ ਜ਼ਰੂਰੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇ।
ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੁਲਿਸ, ਸਿਵਲ ਪ੍ਰਸ਼ਾਸਨ, ਪਿੰਡਾਂ ਦੀਆਂ ਸੰਸਥਾਵਾਂ ਅਤੇ ਸਮਾਜਿਕ ਵਲੰਟੀਅਰਾਂ ਦੀ ਸਰਗਰਮ ਭਾਗੀਦਾਰੀ ਨਾਲ ਮਿਸ਼ਨ ਮੋਡ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਸ਼ਾ ਛੁਡਾਊ ਢਾਂਚੇ ਨੂੰ ਵੀ ਮਜ਼ਬੂਤ ਕਰ ਰਹੀ ਹੈ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਵਾਧੂ ਬੈੱਡਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਤਾਂ ਜੋ ਨਸ਼ੇ ਦੀ ਗ੍ਰਿਫ਼ਤ ਵਿੱਚ ਆਏ ਹਰ ਵਿਅਕਤੀ ਦਾ ਵਧੀਆ ਇਲਾਜ ਅਤੇ ਪੁਨਰਵਾਸ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਦੇ ਯਤਨਾਂ ਵਿੱਚ ਭਾਈਵਾਲ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿਹਤਮੰਦ ਅਤੇ ਨਸ਼ਾ ਮੁਕਤ ਪੰਜਾਬ ਦੇ ਨਿਰਮਾਣ ਲਈ ਪਰਿਵਾਰਾਂ, ਭਾਈਚਾਰਿਆਂ ਅਤੇ ਸੰਸਥਾਵਾਂ ਦਾ ਸਮੂਹਿਕ ਸਹਿਯੋਗ ਬਹੁਤ ਜ਼ਰੂਰੀ ਹੈ।
ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਸ੍ਰੀ ਮਨਜੀਤ ਸਿੰਘ ਚੀਮਾ ਅਤੇ ਐਸ.ਐਸ.ਪੀਜ਼ ਨੇ ਨਸ਼ਿਆਂ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਪ੍ਰਤੀ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖੇਗਾ ਅਤੇ ਨਾਲ ਹੀ ਜਾਗਰੂਕਤਾ, ਰੋਕਥਾਮ ਅਤੇ ਪੁਨਰਵਾਸ ਦੇ ਯਤਨਾਂ ਨੂੰ ਹੋਰ ਮਜ਼ਬੂਤ ਕਰੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਦੀ ਜਾਣਕਾਰੀ ਪ੍ਰਸ਼ਾਸਨ ਅਤੇ ਪੁਲਿਸ ਨਾਲ ਸਾਂਝੀ ਕਰਨ। ਉਨ੍ਹਾਂ ਭਰੋਸਾ ਦਿਵਾਇਆ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਬਿਲਕੁਲ ਗੁਪਤ ਰੱਖੀ ਜਾਵੇਗੀ।
ਇਸ ਮੀਟਿੰਗ ਵਿੱਚ ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਰਾਜਿੰਦਰਪਾਲ ਕੌਰ ਛੀਨਾ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਕੇ.ਐਨ.ਐਸ ਕੰਗ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਤਿੰਦਰ ਸਿੰਘ ਖੰਗੂੜਾ, ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਮਨਜੀਤ ਸਿੰਘ ਚੀਮਾ, ਡੀ.ਸੀ.ਪੀ ਲੁਧਿਆਣਾ ਹਰਪਾਲ ਸਿੰਘ, ਐਸ.ਐਸ.ਪੀ ਖੰਨਾ ਡਾ. ਦਰਪਣ ਆਹਲੂਵਾਲੀਆ, ਐਸ.ਐਸ.ਪੀ (ਲੁਧਿਆਣਾ ਦਿਹਾਤੀ) ਡਾ. ਅੰਕੁਰ ਗੁਪਤਾ, ਐਸ.ਡੀ.ਐਮ (ਲੁਧਿਆਣਾ ਪੱਛਮੀ) ਕੁਲਦੀਪ ਬਾਵਾ, ਐਸ.ਡੀ.ਐਮ (ਲੁਧਿਆਣਾ ਪੂਰਬੀ) ਜਸਲੀਨ ਕੌਰ ਭੁੱਲਰ, ਐਸ.ਡੀ.ਐਮ ਖੰਨਾ ਸਵਾਤੀ ਟਿਵਾਣਾ, ਐਸ.ਡੀ.ਐਮ ਪਾਇਲ ਪ੍ਰੀਤਇੰਦਰ ਸਿੰਘ ਬੈਂਸ, ਐਸ.ਡੀ.ਐਮ ਜਗਰਾਉਂ ਬਾਦਲਦੀਨ, ਐਸ.ਡੀ.ਐਮ ਰਾਏਕੋਟ ਖੁਸ਼ਪ੍ਰੀਤ ਸਿੰਘ, ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ, ਯੁੱਧ ਨਸ਼ਿਆਂ ਵਿਰੁੱਧ ਦੇ ਜ਼ਿਲ੍ਹਾ ਕੋਆਰਡੀਨੇਟਰ ਜਸਪ੍ਰੀਤ ਸਿੰਘ ਮਾਂਗਟ, ਬਿਕਰਮਜੀਤ ਥਿੰਦ, ਬਲਵੀਰ ਚੌਧਰੀ, ਜੋਨ ਇੰਚਾਰਜ ਮਾਲਵਾ ਸੈਂਟਰਲ ਮਨਜੀਤ ਸਿੰਘ ਰਾਏਕੋਟ, ਜ਼ਿਲ੍ਹਾ ਕੋਆਰਡੀਨੇਟਰ ਜਸਪ੍ਰੀਤ ਸਿੰਘ ਮਾਂਗਟ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ, ਜ਼ਿਲ੍ਹਾ, ਹਲਕਾ ਅਤੇ ਬਲਾਕ ਕੋਆਰਡੀਨੇਟਰਾਂ, ਪਿੰਡਾਂ ਦੇ ਸਰਪੰਚਾਂ, ਪੰਚਾਂ, ਵਿਲੇਜ ਡਿਫੈਂਸ ਕਮੇਟੀਆਂ ਤੇ ਵਾਰਡ ਡਿਫੈਂਸ ਨੂੰ ਕਮੇਟੀਆਂ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।