ਮੋਹਾਲੀ, 11 ਸਤੰਬਰ
ਗੁਰਵਿੰਦਰ ਸਿੰਘ
ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ ਸ੍ਰੀ ਵਰੁਣ ਸ਼ਰਮਾ, ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ।
ਇਸ ਮੁਹਿੰਮ ਤਹਿਤ ਸ੍ਰੀ ਕਰਨੈਲ ਸਿੰਘ, ਪੀ.ਪੀ.ਐਸ., ਉਪ ਕਪਤਾਨ ਪੁਲਿਸ, ਟ੍ਰੈਫਿਕ ਵੱਲੋਂ ਟ੍ਰੈਫਿਕ ਪੁਲਿਸ ਦੀ ਮਦਦ ਨਾਲ ਵੱਖ-ਵੱਖ ਪਾਰਟੀਆਂ ਬਣਾਕੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲੇ ਵਾਹਨ ਚਾਲਕਾਂ ਵਿਰੁੱਧ ਟ੍ਰੈਫਿਕ ਨਿਯਮਾਂ ਤਹਿਤ ਕਾਰਵਾਈ ਕਰਦਿਆਂ ਕੁੱਲ 09 ਟ੍ਰੈਫਿਕ ਚਲਾਨ ਕੀਤੇ ਗਏ।
ਇਸ ਮੌਕੇ ਸ੍ਰੀ ਕਰਨੈਲ ਸਿੰਘ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਕਦੇ ਵੀ ਸ਼ਰਾਬ ਪੀ ਕੇ ਆਪਣੇ ਵਾਹਨ ਦੀ ਵਰਤੋਂ ਨਾ ਕਰਨ। ਉਨ੍ਹਾਂ ਕਿਹਾ ਕਿ ਸ਼ਰਾਬ ਜਾਂ ਕਿਸੇ ਹੋਰ ਨਸ਼ੀਲੀ ਵਸਤੂ ਦਾ ਸੇਵਨ ਕਰਕੇ ਵਾਹਨ ਚਲਾਉਣ ਨਾਲ ਵਾਹਨ ਚਾਲਕ ਦੀ ਆਪਣੀ ਜਾਨ ਦੇ ਨਾਲ-ਨਾਲ ਸੜਕ ’ਤੇ ਚੱਲਣ ਵਾਲੇ ਹੋਰ ਲੋਕਾਂ ਦੀ ਜਾਨ ਨੂੰ ਵੀ ਗੰਭੀਰ ਖ਼ਤਰਾ ਪੈਦਾ ਹੋ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਸ਼ਰਾਬ ਪੀ ਕੇ ਵਾਹਨ ਚਲਾਉਂਦਾ ਹੈ ਤਾਂ ਉਸ ਦੇ ਖ਼ਿਲਾਫ਼ ਮੋਟਰ ਵਹੀਕਲ ਐਕਟ ਦੀ ਧਾਰਾ 185 ਤਹਿਤ ਕਾਰਵਾਈ ਕੀਤੀ ਜਾਵੇਗੀ। ਇਸ ਧਾਰਾ ਤਹਿਤ ਪਹਿਲੀ ਵਾਰ ਉਲੰਘਣਾ ਕਰਨ ’ਤੇ ਉਲੰਘਣਾ ਕਰਨ ਵਾਲੇ ਵਾਹਨ ਚਾਲਕ ਨੂੰ 6 ਮਹੀਨੇ ਤੱਕ ਦੀ ਕੈਦ ਜਾਂ ਜੁਰਮਾਨਾ ਜਾਂ ਦੋਵੇਂ ਸਜ਼ਾਵਾਂ ਦਿੱਤੀਆਂ ਜਾ ਸਕਦੀਆਂ ਹਨ।
ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ ਅਤੇ ਸ਼ਰਾਬ ਦਾ ਸੇਵਨ ਕਰਨ ਉਪਰੰਤ ਕਦੇ ਵੀ ਵਾਹਨ ਨਾ ਚਲਾਉਣ। ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਹੀ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕਦਾ ਹੈ ਅਤੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ।