*ਲੁਧਿਆਣਾ ਪੁਲਿਸ ਵੱਲੋਂ 9 ਨਸ਼ਾ ਹੌਟਸਪੌਟਾਂ ’ਤੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ, 28 ਮੁਲਜ਼ਮ ਗ੍ਰਿਫ਼ਤਾਰ*
Oct24,2026
| Paras Dania | Ludhiana
*25 ਗਜ਼ਟਿਡ ਅਧਿਕਾਰੀਆਂ ਸਮੇਤ 500 ਪੁਲਿਸ ਮੁਲਾਜ਼ਮਾਂ ਨੇ ਕੀਤੀ ਕਾਰਵਾਈ; 120 ਗ੍ਰਾਮ ਹੈਰੋਇਨ, 200 ਗ੍ਰਾਮ ਗਾਂਜਾ ਅਤੇ 15 ਕੈਪਸੂਲ ਬਰਾਮਦ*
*ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ’ਤੇ ਵੀ ਜ਼ੋਰ*
ਲੁਧਿਆਣਾ, 24 ਅਕਤੂਬਰ:
ਨਸ਼ਿਆਂ ਵਿਰੁੱਧ ਵਿੱਢੀ ਰਾਜਵਿਆਪੀ ਮੁਹਿੰਮ ਤਹਿਤ ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਅੱਜ ਸਵੇਰੇ 7 ਵਜੇ ਤੋਂ ਸ਼ਹਿਰ ਦੇ 9 ਚਿੰਨ੍ਹਿਤ ਨਸ਼ਾ ਹੌਟਸਪੌਟਾਂ ’ਤੇ ਇੱਕੋ ਸਮੇਂ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ। ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਸਵਪਨ ਸ਼ਰਮਾ, ਆਈ.ਪੀ.ਐੱਸ. ਦੇ ਨਿਰਦੇਸ਼ਾਂ ਹੇਠ ਚਲਾਈ ਗਈ ਇਸ ਮੁਹਿੰਮ ਵਿੱਚ ਸ਼ਹਿਰ ਦੇ ਸਾਰੇ ਚਾਰ ਜ਼ੋਨਾਂ ਅਤੇ 9 ਥਾਣਿਆਂ ਦੇ ਖੇਤਰਾਂ ਨੂੰ ਕਵਰ ਕੀਤਾ ਗਿਆ।
ਵਧੀਕ ਪੁਲਿਸ ਕਮਿਸ਼ਨਰ ਸ੍ਰੀ ਰੁਪਿੰਦਰ ਸਿੰਘ, ਆਈ.ਪੀ.ਐੱਸ. ਨੇ ਖੁਦ ਮੁਹਿੰਮ ਦੀ ਨਿਗਰਾਨੀ ਕੀਤੀ ਅਤੇ ਵੱਖ-ਵੱਖ ਹੌਟਸਪੌਟਾਂ ਦਾ ਦੌਰਾ ਕੀਤਾ। ਇਸ ਕਾਰਵਾਈ ਵਿੱਚ ਲਗਭਗ 25 ਗਜ਼ਟਿਡ ਅਧਿਕਾਰੀਆਂ, 40 ਐੱਸ.ਐੱਚ.ਓਜ਼ ਅਤੇ ਇੰਚਾਰਜਾਂ ਸਮੇਤ 500 ਪੁਲਿਸ ਮੁਲਾਜ਼ਮਾਂ ਨੇ ਹਿੱਸਾ ਲਿਆ। ਪੁਲਿਸ ਟੀਮਾਂ ਨੇ ਹੌਟਸਪੌਟਾਂ ਦੇ ਦਾਖ਼ਲੇ ਅਤੇ ਬਾਹਰ ਜਾਣ ਵਾਲੇ ਰਸਤਿਆਂ ਦੀ ਨਾਕਾਬੰਦੀ ਕਰਕੇ ਸ਼ੱਕੀ ਥਾਵਾਂ ਦੀ ਤਲਾਸ਼ੀ ਲਈ। ਇਸ ਦੌਰਾਨ ਸੂਚੀਬੱਧ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕਰਨ ਤੋਂ ਇਲਾਵਾ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਵੀ ਜਾਂਚ ਕੀਤੀ ਗਈ।
ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ। ਨਸ਼ੇ ਦੀ ਲਤ ਨਾਲ ਜੂਝ ਰਹੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਦੀ ਸਹਿਮਤੀ ਨਾਲ ਸਿਹਤ ਵਿਭਾਗ ਅਤੇ ਸਥਾਨਕ ਵਸਨੀਕਾਂ ਦੇ ਸਹਿਯੋਗ ਨਾਲ ਇਲਾਜ ਲਈ ਪ੍ਰੇਰਿਤ ਕੀਤਾ ਗਿਆ। ਹੌਟਸਪੌਟ ਖੇਤਰਾਂ ਵਿੱਚ ਜਾਗਰੂਕਤਾ ਮੀਟਿੰਗਾਂ ਅਤੇ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਤੋਂ ਇਲਾਵਾ, ਟ੍ਰੈਫਿਕ ਅਤੇ ਸਾਂਝ ਵਿੰਗਾਂ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਡਰੱਗ ਇੰਸਪੈਕਟਰਾਂ ਦੇ ਸਹਿਯੋਗ ਨਾਲ ਮੈਡੀਕਲ ਸਟੋਰਾਂ ਦੀ ਜਾਂਚ ਵੀ ਕੀਤੀ ਗਈ।
ਮੁਹਿੰਮ ਦੌਰਾਨ ਕੁੱਲ 123 ਵਿਅਕਤੀਆਂ ਅਤੇ 75 ਵਾਹਨਾਂ ਦੀ ਜਾਂਚ ਕੀਤੀ ਗਈ। ਪੁਲਿਸ ਨੇ 28 ਐੱਫ.ਆਈ.ਆਰ. ਦਰਜ ਕਰਕੇ 28 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਇਸ ਦੌਰਾਨ 120 ਗ੍ਰਾਮ ਹੈਰੋਇਨ, 200 ਗ੍ਰਾਮ ਗਾਂਜਾ ਅਤੇ 15 ਕੈਪਸੂਲ ਬਰਾਮਦ ਕੀਤੇ ਗਏ। ਇਸ ਦੇ ਨਾਲ ਹੀ 11 ਨਸ਼ਾ ਪੀੜਤਾਂ ਦੇ ਓ.ਓ.ਏ.ਟੀ. ਕੇਂਦਰਾਂ ਰਾਹੀਂ ਇਲਾਜ ਦਾ ਪ੍ਰਬੰਧ ਕੀਤਾ ਗਿਆ, ਜਦਕਿ 9 ਹੋਰ ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਭੇਜਿਆ ਗਿਆ।
ਸ੍ਰੀ ਰੁਪਿੰਦਰ ਸਿੰਘ ਨੇ ਕਿਹਾ ਕਿ ਲੁਧਿਆਣਾ ਪੁਲਿਸ ਨਸ਼ਿਆਂ ਵਿਰੁੱਧ ਆਪਣੀ ਲੜਾਈ ਪੂਰੀ ਦ੍ਰਿੜ੍ਹਤਾ ਨਾਲ ਜਾਰੀ ਰੱਖੇਗੀ ਅਤੇ ਨਸ਼ਾ ਤਸਕਰਾਂ ਤੇ ਸਪਲਾਇਰਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਨਸ਼ਾ ਛੱਡਣ ਅਤੇ ਮੁੜ ਵਸੇਬੇ ਦੀ ਇੱਛਾ ਰੱਖਣ ਵਾਲੇ ਹਰੇਕ ਵਿਅਕਤੀ ਦੀ ਮਦਦ ਲਈ ਵਚਨਬੱਧ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਸੇਫ਼ ਪੰਜਾਬ ਨਸ਼ਾ ਵਿਰੋਧੀ ਹੈਲਪਲਾਈਨ ਨੰਬਰ 97791-00200 ’ਤੇ ਸਾਂਝੀ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖੀ ਜਾਵੇਗੀ।
-ludhianapolice-drugfreepunjab-antidrugcampaign-punjabpolice-jagratilahar