ਮੋਹਾਲੀ , 19 ਨਵੰਬਰ
(ਗੁਰਵਿੰਦਰ ਸਿੰਘ)
ਪੰਜਾਬ ਪੁਲੀਸ ਵਲੋਂ ਆਮ ਲੋਕਾਂ ਦੀ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਚਲਾਈ ਜਾ ਰਹੀ ਨਾਈਟ ਡੋਮੀਨੇਸ਼ਨ ਮੁਹਿੰਮ ਤਹਿਤ ਐਸ ਐਸ ਪੀ ਮੋਹਾਲੀ ਸ੍ਰੀ ਵਰੁਣ ਸ਼ਰਮਾ ਵਲੋਂ ਰੋਜ਼ਾਨਾ ਰਾਤ 8 ਵਜੇ ਤੋਂ 12 ਵਜੇ ਤੱਕ ਜ਼ਿਲ੍ਹੇ ਵਿੱਚ ਚਲਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਮੁਹਿੰਮ ਤਹਿਤ ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਸਥਾਨਾਂ ਤੇ ਵਿਸ਼ੇਸ਼ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ।
ਬੀਤੀ ਰਾਤ ਚਲਾਈ ਗਈ ਇਸ ਮੁਹਿੰਮ ਦੌਰਾਨ ਐਸ ਐਸ ਪੀ ਸ੍ਰੀ ਵਰੁਣ ਸ਼ਰਮਾ ਵੀ ਹਾਜਿਰ ਰਹੇ ਅਤੇ ਉਹਨਾਂ ਨੇ ਇਸ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਇਸ ਦੌਰਾਨ ਸ਼ਹਿਰ ਦੀਆਂ ਮਾਰਕੀਟਾਂ ਵਿੱਚ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਵਾਹਨਾਂ ਦੀ ਜਾਂਚ ਕੀਤੀ ਗਈ।
ਇਸ ਮੌਕੇ ਐਸ ਐਸ ਪੀ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਅਪਰਾਧਿਕ ਗਤੀਵਿਧੀਆਂ ਨੂੰ ਰੋਕਣਾ, ਮਾੜੇ ਅਨਸਰਾਂ ਤੇ ਨਕੇਲ ਕੱਸਣਾ ਅਤੇ ਜ਼ਿਲ੍ਹੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣਾ ਹੈ।
ਉਹਨਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਸਮੂਹ ਗਜ਼ਟਿਡ ਅਫ਼ਸਰ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਨਾਕਿਆਂ ਤੇ ਖੁਦ ਮੌਜੂਦ ਰਹਿ ਕੇ ਨਿਗਰਾਨੀ ਕਰ ਰਹੇ ਹਨ, ਤਾਂ ਜੋ ਪੁਲੀਸ ਦੀ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਇਸ ਸੰਬੰਧੀ ਜਿਲ੍ਹੇ ਦੇ ਸਮੂਹ ਪੁਲੀਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪੂਰੀ ਮੁਸਤੈਦੀ, ਚੌਕਸੀ ਅਤੇ ਜ਼ਿੰਮੇਵਾਰੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।