ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣਾਉਣਾ ਅਤੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ ਮੁੱਖ ਤਰਜੀਹ
ਲੋਕਾਂ ਦੀਆਂ ਸ਼ਿਕਾਇਤਾਂ ਦਾ ਪਾਰਦਰਸ਼ੀ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ: ਸੁਰੇਂਦਰ ਲਾਂਬਾ
ਸੰਗਰੂਰ, 27 ਨਵੰਬਰ (ਜਗਸੀਰ ਸਿੰਘ) - ਆਈ.ਪੀ.ਐੱਸ. ਅਧਿਕਾਰੀ ਸ਼੍ਰੀ ਸੁਰੇਂਦਰ ਲਾਂਬਾ ਨੇ ਜ਼ਿਲ੍ਹਾ ਸੰਗਰੂਰ ਦੇ ਨਵੇਂ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਵਜੋਂ ਅਹੁਦਾ ਸੰਭਾਲ ਲਿਆ। ਜ਼ਿਲ੍ਹਾ ਪੁਲਿਸ ਹੈੱਡਕੁਆਰਟਰ ਵਿਖੇ ਪਹੁੰਚਣ ’ਤੇ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸੰਗਰੂਰ ਦੇ ਸਾਬਕਾ ਐੱਸ.ਐੱਸ.ਪੀ. ਡਾ. ਰਵਜੋਤ ਗਰੇਵਾਲ ਵੀ ਮੌਜੂਦ ਸਨ। ਅਹੁਦਾ ਸੰਭਾਲਣ ਉਪਰੰਤ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਸ਼੍ਰੀ ਸੁਰੇਂਦਰ ਲਾਂਬਾ ਨੇ ਜ਼ਿਲ੍ਹੇ ਦੀ ਅਮਨ-ਕਾਨੂੰਨ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਪੁਲਿਸ ਦੀ ਅਹਿਮ ਜ਼ਿੰਮੇਵਾਰੀ ਹੈ। ਸ਼੍ਰੀ ਲਾਂਬਾ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਕਾਇਮ ਰੱਖਣਾ ਅਤੇ ਨਸ਼ਾ ਤਸਕਰਾਂ, ਗੈਂਗਸਟਰਾਂ ਤੇ ਹੋਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਉਨ੍ਹਾਂ ਦੀਆਂ ਮੁੱਖ ਤਰਜੀਹਾਂ ਹੋਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਐੱਸ.ਐੱਸ.ਪੀ. ਨੇ ਕਿਹਾ ਕਿ ਪੁਲਿਸ ਅਤੇ ਆਮ ਲੋਕਾਂ ਦਰਮਿਆਨ ਆਪਸੀ ਭਰੋਸਾ ਮਜ਼ਬੂਤ ਕਰਨਾ ਵੀ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਰਹੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਨਾਗਰਿਕ ਨੂੰ ਇਨਸਾਫ਼ ਪ੍ਰਾਪਤ ਕਰਨ ਲਈ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਸਬੰਧੀ ਸਮੂਹ ਪੁਲਿਸ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੱਤੀਆਂ ਜਾਣਗੀਆਂ। ਜ਼ਿਲ੍ਹਾ ਪੁਲਿਸ ਮੁਖੀ ਨੇ ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਸੁਰੱਖਿਆ ਨੂੰ ਵਿਸ਼ੇਸ਼ ਤਰਜੀਹ ਦੇਣ ਦੀ ਗੱਲ ਆਖਦਿਆਂ ਕਿਹਾ ਕਿ ਉਨ੍ਹਾਂ ਨਾਲ ਸਬੰਧਤ ਸ਼ਿਕਾਇਤਾਂ ਅਤੇ ਮਾਮਲਿਆਂ ’ਤੇ ਸੰਵੇਦਨਸ਼ੀਲਤਾ ਨਾਲ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਘਟਾਉਣ ਲਈ ਠੋਸ ਉਪਰਾਲੇ ਕਰਨ ਦੀ ਵਚਨਬੱਧਤਾ ਵੀ ਦੁਹਰਾਈ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਸੜਕ ਸੁਰੱਖਿਆ ਸਬੰਧੀ ਜਾਗਰੂਕ ਕੀਤਾ ਜਾਵੇਗਾ। ਐੱਸ.ਐੱਸ.ਪੀ. ਨੇ ਜ਼ਿਲ੍ਹਾ ਵਾਸੀਆਂ ਨੂੰ ਅਪਰਾਧ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਪੁਲਿਸ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ੱਕੀ ਜਾਂ ਗ਼ੈਰ-ਕਾਨੂੰਨੀ ਗਤੀਵਿਧੀ ਸਬੰਧੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਪੁਲਿਸ ਨੂੰ ਸੂਚਨਾ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।
ਐੱਸ.ਐੱਸ.ਪੀ. ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਲੋਕਾਂ ਦੀ ਸੁਰੱਖਿਆ, ਨਿਆਂ ਅਤੇ ਸੇਵਾ ਲਈ ਹਮੇਸ਼ਾ ਵਚਨਬੱਧ ਰਹੇਗੀ। ਉਨ੍ਹਾਂ ਸਮੂਹ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਟੀਮ ਭਾਵਨਾ ਨਾਲ ਕੰਮ ਕਰਦਿਆਂ ਸੰਗਰੂਰ ਨੂੰ ਹੋਰ ਸੁਰੱਖਿਅਤ ਅਤੇ ਨਸ਼ਾ-ਮੁਕਤ ਜ਼ਿਲ੍ਹਾ ਬਣਾਉਣ ਲਈ ਪੂਰੀ ਸਮਰੱਥਾ ਨਾਲ ਯਤਨ ਕਰਨ ਦਾ ਸੱਦਾ ਦਿੱਤਾ।