ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਦਿੱਤੇ ਨਿਰਦੇਸ਼
*ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ*
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।
ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰੁਜ਼ਗਾਰ ਦੇ ਬਿਹਤਰ ਮੌਕੇ ਅਤੇ ਭਲਾਈ ਸਕੀਮਾਂ ਦੇ ਲਾਭ ਪ੍ਰਦਾਨ ਕੀਤੇ ਜਾ ਸਕਣ।
ਪੰਜਾਬ ਸਿਵਲ ਸਕੱਤਰੇਤ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਕੈਬਨਿਟ ਮੰਤਰੀ ਨੇ ਪੈਸਕੋ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਾਬਕਾ ਸੈਨਿਕਾਂ ਦੇ ਹਿੱਤਾਂ ਲਈ ਵਧੇਰੇ ਕੁਸ਼ਲਤਾ ਤੇ ਤਨਦੇਹੀ ਨਾਲ ਕੰਮ ਕਰਨ ਅਤੇ ਭਲਾਈ ਸਕੀਮਾਂ ਨੂੰ ਸਮੇਂ ਸਿਰ ਲਾਗੂ ਕਰਨ 'ਤੇ ਜ਼ੋਰ ਦਿੱਤਾ।
ਮੀਟਿੰਗ ਦੌਰਾਨ, ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸੁਮੇਰ ਸਿੰਘ ਗੁਰਜਰ, ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਅਤੇ ਜਨਰਲ ਮੈਨੇਜਰ (ਪ੍ਰਸ਼ਾਸਨ) ਐਨ.ਐਸ. ਘੁੰਮਣ ਨੇ ਮੰਤਰੀ ਨੂੰ ਕਾਰਪੋਰੇਸ਼ਨ ਦੇ ਚੱਲ ਰਹੇ ਵੱਖ-ਵੱਖ ਪ੍ਰੋਗਰਾਮਾਂ ਅਤੇ ਪ੍ਰਬੰਧਕੀ ਮਾਮਲਿਆਂ ਬਾਰੇ ਜਾਣੂ ਕਰਵਾਇਆ। ਮੀਟਿੰਗ ਦੌਰਾਨ ਵਿੱਤੀ ਪ੍ਰਬੰਧਨ, ਕਰਮਚਾਰੀਆਂ ਦੇ ਬੀਮਾ ਕਵਰੇਜ, ਤਨਖਾਹਾਂ ਦੀ ਸੁਚਾਰੂ ਵੰਡ, ਸੁਰੱਖਿਆ ਗਾਰਡਾਂ ਦੀ ਸਿਖਲਾਈ, ਵਿਭਾਗੀ ਸੰਪਤੀਆਂ ਦੀ ਸਾਂਭ-ਸੰਭਾਲ, ਅਗਨੀਵੀਰਾਂ ਲਈ ਰੁਜ਼ਗਾਰ ਦੇ ਮੌਕੇ ਅਤੇ ਪੁਰਾਣੀਆਂ ਸਿਖਲਾਈ ਸੰਸਥਾਵਾਂ ਨੂੰ ਅਪਗ੍ਰੇਡ ਕਰਨ ਬਾਰੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ।
ਮੰਤਰੀ ਨੇ ਅਧਿਕਾਰੀਆਂ ਨੂੰ ਸਾਰੀਆਂ ਭਲਾਈ ਸਕੀਮਾਂ ਦੀ ਪਾਰਦਰਸ਼ਤਾ, ਕੁਸ਼ਲਤਾ ਅਤੇ ਸਮੇਂ ਸਿਰ ਲਾਗੂਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਾਬਕਾ ਸੈਨਿਕਾਂ ਨੇ ਦੇਸ਼ ਲਈ ਵੱਡਮੁੱਲੀਆਂ ਸੇਵਾਵਾਂ ਨਿਭਾਈਆਂ ਹਨ ਅਤੇ ਉਨ੍ਹਾਂ ਦੇ ਮਾਣ-ਸਨਮਾਨ, ਭਲਾਈ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੂਬਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਅੱਗੇ ਕਿਹਾ ਕਿ ਪੈਸਕੋ ਨੂੰ ਅਪਗ੍ਰੇਡ ਕਰਨ ਅਤੇ ਸੂਬੇ ਭਰ ਵਿੱਚ ਸਾਬਕਾ ਸੈਨਿਕਾਂ ਲਈ ਰੁਜ਼ਗਾਰ ਦੇ ਮੌਕਿਆਂ ਵਿੱਚ ਵਾਧਾ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
Cabinet-Minister-Mohinder-Bhagat-Reviews-Pesco
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)