*ਭਾਰਤ ਨਗਰ ਚੌਕ ਲੁਧਿਆਣਾ ਵਿਖੇ ਮਹਾਵੀਰ ਚੱਕਰ ਵਿਜੇਤਾ ਸ਼ਹੀਦ ਮੇਜਰ ਭੁਪਿੰਦਰ ਸਿੰਘ ਦਾ ਬੁੱਤ ਕੀਤਾ ਸਥਾਪਤ*
Sep11,2026
| Balraj Khanna | Ludhiana
*ਸ਼ਹੀਦਾਂ ਦੀਆਂ ਕੁਰਬਾਨੀਆਂ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ: ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ*
ਨਗਰ ਨਿਗਮ ਲੁਧਿਆਣਾ ਦੇ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ, ਉਪ ਮੰਡਲ ਮਜਿਸਟਰੇਟ (ਲੁਧਿਆਣਾ ਪੂਰਬੀ) ਜਸਲੀਨ ਕੌਰ ਭੁੱਲਰ ਅਤੇ ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਸਮੇਤ ਹੋਰਨਾਂ ਨੇ ਸ਼ੁੱਕਰਵਾਰ ਨੂੰ ਭਾਰਤ ਨਗਰ ਚੌਕ, ਲੁਧਿਆਣਾ ਵਿਖੇ ਕਰਵਾਏ ਗਏ ਇੱਕ ਰਸਮੀ ਸਮਾਰੋਹ ਦੌਰਾਨ ਮਹਾਂਵੀਰ ਚੱਕਰ ਵਿਜੇਤਾ ਸ਼ਹੀਦ ਮੇਜਰ ਭੁਪਿੰਦਰ ਸਿੰਘ ਦੇ ਬੁੱਤ ਦਾ ਉਦਘਾਟਨ ਕੀਤਾ।
ਇਸ ਮੌਕੇ ਸ਼ਹੀਦ ਮੇਜਰ ਭੁਪਿੰਦਰ ਸਿੰਘ ਦੇ ਭਤੀਜੇ ਗੁਰਪਾਲ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਉਨ੍ਹਾਂ ਨੇ ਭਾਰਤ ਨਗਰ ਚੌਕ ਵਿਖੇ ਸ਼ਹੀਦ ਦੇ ਬੁੱਤ ਦੀ ਮੁੜ ਸਥਾਪਨਾ ਕੀਤੇ ਜਾਣ ’ਤੇ ਖੁਸ਼ੀ ਪ੍ਰਗਟ ਕਰਦਿਆਂ ਨਗਰ ਨਿਗਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ਼ਹੀਦ ਦੀ ਯਾਦ ਨੂੰ ਸਨਮਾਨ ਦੇਣਾ ਨੌਜਵਾਨ ਪੀੜ੍ਹੀ ਨੂੰ ਦੇਸ਼ ਪ੍ਰਤੀ ਸਮਰਪਣ ਅਤੇ ਸੇਵਾ ਦੀ ਭਾਵਨਾ ਨਾਲ ਜੋੜਨ ਵਿੱਚ ਸਹਾਈ ਹੋਵੇਗਾ।
ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਸ਼ਹੀਦ ਮੇਜਰ ਭੁਪਿੰਦਰ ਸਿੰਘ ਦੇ ਬੁੱਤ ਦਾ ਉਦਘਾਟਨ ਕਰਕੇ ਅਸੀਂ ਉਨ੍ਹਾਂ ਦੀ ਬਹਾਦਰੀ, ਦੇਸ਼ ਪ੍ਰਤੀ ਸਮਰਪਣ ਅਤੇ ਸਰਵਉੱਚ ਕੁਰਬਾਨੀ ਨੂੰ ਸਨਮਾਨ ਭੇਟ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦ ਦੀ ਸੇਵਾ ਅਤੇ ਕੁਰਬਾਨੀ ਸਾਡੇ ਸਾਰਿਆਂ ਲਈ ਪ੍ਰੇਰਣਾ ਦਾ ਸਰੋਤ ਹੈ।
ਉਨ੍ਹਾਂ ਕਿਹਾ ਕਿ ਇਹ ਬੁੱਤ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਥਾਈ ਪ੍ਰੇਰਣਾ ਅਤੇ ਸ਼ਰਧਾਂਜਲੀ ਵਜੋਂ ਕੰਮ ਕਰੇਗਾ ਅਤੇ ਨੌਜਵਾਨਾਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਲਈ ਸਮਰਪਿਤ ਰਹਿਣ ਦਾ ਸੰਦੇਸ਼ ਦੇਵੇਗਾ।
-majorbhupindersingh-mahavirchakra-bharatnagarchowk-ludhiananews-indianarmy