- ਵਿਦਿਆਰਥੀਆਂ ਨੂੰ ਜੀਵਨ 'ਚ ਸਫ਼ਲਤਾ ਪ੍ਰਾਪਤ ਕਰਨ ਲਈ ਦ੍ਰਿੜ ਇਰਾਦੇ ਨਾਲ ਸਖ਼ਤ ਮਿਹਨਤ ਕਰਨ ਲਈ ਵੀ ਕੀਤਾ ਪ੍ਰੇਰਿਤ
- ਬਿਜ਼ਨਸ ਬਲਾਸਟ ਪ੍ਰੋਗਰਾਮ ਤਹਿਤ ਸਕੂਲ ਦੀਆ ਵਿਦਿਆਰਥਣਾਂ ਨੇ ਸਟਾਲ ਲਗਾਕੇ ਆਪਣਾ-ਆਪਣਾ ਸਮਾਨ ਤਿਆਰ ਕਰਕੇ ਵੇਚਿਆ
ਵਧੀਕ ਡਿਪਟੀ ਕਮਿਸ਼ਨਰ ਖੰਨਾ ਮੈਡਮ ਸ਼ਿਖਾ ਭਗਤ ਵੱਲੋਂ ਵਿਦਿਅਕ ਸੰਸਥਾਵਾਂ ਦੀਆਂ ਜ਼ਮੀਨੀ ਹਕੀਕਤ ਨੂੰ ਸਮਝਣ ਦੇ ਮੰਤਵ ਨਾਲ ਖੰਨਾ ਦੇ ਕਿਸ਼ੋਰੀ ਲਾਲ ਜੇਠੀ ਸਰਕਾਰੀ ਗਰਲਜ਼ ਸਕੂਲ ਵਿੱਚ ਆਯੋਜਿਤ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਵਿੱਚ ਸ਼ਮੂਲੀਅਤ ਕਰਦਿਆਂ ਅਧਿਆਪਕਾਂ-ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਰਾਜੇਸ਼ ਕੁਮਾਰ ਫੁੱਲ ਅਤੇ ਸ੍ਰੀ ਭੁਪਿੰਦਰ ਸਿੰਘ ਸੌਂਦ ਵੀ ਮੌਜੂਦ ਸਨ।
ਵਿਦਿਆਰਥੀਆਂ ਨੂੰ ਕਦੇ ਵੀ ਹਾਰ ਨਾ ਮੰਨਣ ਦੀ ਪ੍ਰੇਰਨਾ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਖੰਨਾ ਮੈਡਮ ਸ਼ਿਖਾ ਭਗਤ ਨੇ ਕਿਹਾ ਕਿ ਸਫਲਤਾ ਅਤੇ ਅਸਫਲਤਾ ਜ਼ਿੰਦਗੀ ਦਾ ਹਿੱਸਾ ਹਨ ਅਤੇ ਜੋ ਚੁਣੌਤੀਆਂ ਅਤੇ ਰੁਕਾਵਟਾਂ ਦਾ ਡੱਟ ਕੇ ਮੁਕਾਬਲਾ ਕਰਦਿਆਂ ਅੱਗੇ ਵੱਧਦੇ ਹਨ, ਦੁਨੀਆ ਹਮੇਸ਼ਾ ਉਨ੍ਹਾਂ ਨੂੰ ਯਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਸਖ਼ਤ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਸਮਰਪਣ ਦੇ ਗੁਣ ਧਾਰਨ ਕਰਨੇ ਚਾਹੀਦੇ ਹਨ ਕਿਉਂਕਿ ਇਹੀ ਸਫਲਤਾ ਦੀ ਕੁੰਜੀ ਹਨ।
ਮੈਡਮ ਸ਼ਿਖਾ ਭਗਤ ਵੱਲੋਂ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਲਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਸ਼ਾਨ ਨੂੰ ਵਾਪਸ ਲਿਆਉਣ ਲਈ ਬਹੁਪੱਖੀ ਰਣਨੀਤੀ ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਗਿਆ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਹਿਲਾਂ ਹੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਹੋਇਆ ਹੈ। ਉਨ੍ਹਾਂ ਅਧਿਆਪਕਾਂ ਨੂੰ ਦੇਸ਼ ਦੇ ਸਿਰਜਣਹਾਰ ਦੱਸਦਿਆਂ ਉਨ੍ਹਾਂ ਦੇ ਪੂਰਨ ਸਹਿਯੋਗ ਦੀ ਮੰਗ ਕੀਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਭਾਰਤ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੁਹਿਰਦ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਦਾ ਸੁਪਨਾ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ, ਜਿਸ ਨੂੰ ਸਾਕਾਰ ਕਰਨ ਲਈ ਆਪਾਂ ਸਾਰੇ ਇਕ ਦੂਜੇ ਨਾਲ ਰਲ ਕੇ ਕੰਮ ਕਰਾਂਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤੀਸਰੀ ਮਾਪੇ/ਅਧਿਆਪਕ ਮਿਲਣੀ ਵਿਚ ਅਧਿਆਪਕਾਂ ਅਤੇ ਮਾਪਿਆਂ ਨੇ ਬੱਚਿਆਂ ਦੀ ਫੀਡਬੈਕ ਇਕ ਦੂਜੇ ਨਾਲ ਸਾਂਝੀ ਕੀਤੀ ਕਿ ਬੱਚਾ ਸਕੂਲ ਵਿੱਚ ਕੀ ਕਰਦਾ ਹੈ ਜਾਂ ਸਕੂਲ ਤੋਂ ਬਾਅਦ ਬੱਚੇ ਦੀ ਕੀ ਐਕਟੀਵਿਟੀ ਰਹਿੰਦੀ ਹੈ, ਇਹ ਅਧਿਆਪਕਾਂ ਨੂੰ ਵੀ ਪਤਾ ਹੋਣਾ ਚਾਹੀਦਾ ਹੈ ਤਾਂ ਕਿ ਸਕੂਲਾਂ ਦੇ ਜਿਹੜੇ ਪ੍ਰਬੰਧ ਹਨ ਉਨ੍ਹਾਂ ਬਾਰੇ ਵੀ ਮਾਪਿਆਂ ਨੂੰ ਪਤਾ ਲੱਗ ਸਕੇ ਉਨ੍ਹਾਂ ਕਿਹਾ ਕਿ ਮਾਪਿਆਂ ਨੇ ਆਪਣੇ ਬੱਚੇ ਦੇ ਭਵਿੱਖ ਬਾਰੇ ਸੁਝਾਅ ਵੀ ਦਿੱਤੇ ਅਤੇ ਜੇ ਕੋਈ ਸ਼ਿਕਵੇ-ਸ਼ਿਕਾਇਤਾਂ ਹਨ ਉਹ ਵੀ ਸਾਂਝੀਆਂ ਕੀਤੀਆਂ । ਉਹਨਾ ਦੱਸਿਆਂ ਕਿ ਸਕੂਲ ਵੱਲੋਂ ਬੱਚਿਆਂ ਦੇ ਸਤੰਬਰ ਮਹੀਨੇ ਵਿੱਚ ਲਏ ਗਏ ਪੇਪਰਾਂ ਦਾ ਨਤੀਜਾ ਵੀ ਮਾਪਿਆਂ ਨਾਲ ਸਾਝਾ ਕੀਤਾ।
ਪੰਜਾਬ ਸਰਕਾਰ ਵੱਲੋਂ 11ਵੀ ਅਤੇ 12ਵੀ ਕਲਾਸ ਦੇ ਵਿਦਿਆਰਥੀਆਂ ਲਈ ਬਿਜ਼ਨਸ ਬਲਾਸਟ ਪ੍ਰੋਗਰਾਮ ਉਲੀਕਿਆ ਗਿਆ ਹੈ। ਇਹ ਪ੍ਰੋਗਰਾਮ ਸਵੈ-ਰੋਜਗਾਰ ਵਾਸਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਾ ਹੈ। ਇਸ ਪ੍ਰੋਗਰਾਮ ਤਹਿਤ ਸਕੂਲ ਦੀਆ ਵਿਦਿਆਰਥਣਾਂ ਨੇ ਸਕੂਲ ਵਿੱਚ ਚਟਪਟ ਕੁਲਚਾ, ਢੋਕਲਾ, ਸਪੈਸ਼ਲ ਬਰੈਡ ਪਕੌੜਾ, ਗੋਲ-ਗੱਪੇ, ਸਜਾਵਟ ਦਾ ਸਮਾਨ ਆਦਿ ਵੱਖ-ਵੱਖ ਸਟਾਲ ਲਗਾਕੇ ਆਪਣਾ-ਆਪਣਾ ਸਮਾਨ ਤਿਆਰ ਕਰਕੇ ਵੇਚਿਆ। ਜੋ ਕਿ ਖਿੱਚ ਕੇਂਦਰ ਬਣਿਆ ਰਿਹਾ। ਇਸ ਦਾ ਮੁੱਖ ਮੰਤਵ ਬੱਚਿਆਂ ਨੂੰ ਬਿਜ਼ਨਸ ਕਿਵੇਂ ਕਰਨਾ ਬਾਰੇ ਦੱਸਿਆ ਜਾਂਦਾ ਹੈ।