ਐਸ.ਡੀ.ਐਮ ਨੇ ਨਸ਼ਾ ਖਾਤਮਾ ਮੁਹਿੰਮ ਸਬੰਧੀ ਯੂਥ ਕਲੱਬਾਂ ਤੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
Nov5,2024
| Jagrati Lahar Bureau | Hoshiarpur
ਸਬ-ਡਵੀਜ਼ਨ ਹੁਸ਼ਿਆਰਪੁਰ ਵਿੱਚ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਉਪਰਾਲੇ ਕਰਦੇ ਹੋਏ ਐਸ.ਡੀ.ਐਮ ਹੁਸ਼ਿਆਰਪੁਰ ਸੰਜੀਵ ਸ਼ਰਮਾ ਨੇ ਮੰਗਲਵਾਰ ਨੂੰ ਵੱਖ-ਵੱਖ ਯੂਥ ਕਲੱਬਾਂ ਅਤੇ ਵਿਭਾਗੀ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਔਰਤਾਂ ਦੀ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ ਗਿਆ।
ਐਸ.ਡੀ.ਐਮ. ਨੇ ਕਿਹਾ ਕਿ ਨਸ਼ੇ ਦੇ ਖਾਤਮੇ ਵਿੱਚ ਔਰਤਾਂ ਦੀ ਭੂਮਿਕਾ ਬਹੁਤ ਅਹਿਮ ਹੋ ਸਕਦੀ ਹੈ।
ਪਿੰਡ ਪੱਧਰ ’ਤੇ ਆਂਗਣਵਾੜੀ ਵਰਕਰਾਂ, ਪੰਚਾਇਤਾਂ ਅਤੇ ਸਕੂਲ ਮੁਖੀਆਂ ਨੂੰ ਇਸ ਦਿਸ਼ਾ ਵਿੱਚ ਵਿਸ਼ੇਸ਼ ਤੌਰ ’ਤੇ ਸਰਗਰਮ ਹੋਣ ਦੀ ਲੋੜ ਹੈ ਤਾਂ ਜੋ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਵਧਾਈ ਜਾ ਸਕੇ। ਉਨ੍ਹਾਂ ਕਿਹਾ ਕਿ ਔਰਤਾਂ ਆਪਣੇ ਪਰਿਵਾਰ ਅਤੇ ਸਮਾਜ ਵਿੱਚ ਜਾਗਰੂਕਤਾ ਫੈਲਾ ਕੇ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਉਪਰਾਲੇ ਕਰ ਸਕਦੀਆਂ ਹਨ।
ਐਸ.ਡੀ.ਐਮ. ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਨਸ਼ਾ ਛੁਡਾਊ ਕੇਂਦਰਾਂ ਦੇ ਕੌਂਸਲਰਾਂ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਸੈਮੀਨਾਰ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸੈਮੀਨਾਰਾਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਖ਼ਤਰਿਆਂ ਅਤੇ ਇਸ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਿੱਦਿਅਕ ਸੰਸਥਾਵਾਂ ਵਿੱਚ ਲਗਾਤਾਰ ਜਾਗਰੂਕਤਾ ਪ੍ਰੋਗਰਾਮ ਚਲਾਏ ਜਾਣੇ ਚਾਹੀਦੇ ਹਨ।
ਸੰਜੀਵ ਸ਼ਰਮਾ ਨੇ ਕਿਹਾ ਕਿ ਨਸ਼ਾ ਖਾਤਮਾ ਮੁਹਿੰਮ ਵਿੱਚ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਤਨਦੇਹੀ ਨਾਲ ਕੰਮ ਕਰਨ।
ਮੀਟਿੰਗ ਦੌਰਾਨ ਵੱਖ-ਵੱਖ ਯੂਥ ਕਲੱਬਾਂ, ਹੋਰ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਨੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਸਬੰਧੀ ਆਪਣੇ ਤਜ਼ਰਬੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਕਮਿਊਨਿਟੀ ਪੱਧਰ 'ਤੇ ਕੀਤੇ ਗਏ ਯਤਨਾਂ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਏ ਹਨ ਅਤੇ ਇਸ ਦਿਸ਼ਾ ਵਿੱਚ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਨਾਲ ਹੀ ਬਿਹਤਰ ਸਫ਼ਲਤਾ ਹਾਸਲ ਕੀਤੀ ਜਾ ਸਕਦੀ ਹੈ। ਇਸ ਮੌਕੇ ਡੀ.ਐਸ.ਪੀ. ਸੁਖਨਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ) ਸੁਖਵਿੰਦਰ ਸਿੰਘ, ਨੈਸ਼ਨਲ ਐਵਾਰਡੀ ਪ੍ਰਮੋਦ ਸ਼ਰਮਾ, ਅਸ਼ੋਕ ਪੁਰੀ, ਆਯੂਸ਼ ਸ਼ਰਮਾ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
Powered by Froala Editor
Sdm-Nasha-Khatma-Muhim-Youth-Club