*•ਐਵਾਰਡਾਂ ਲਈ ਪੂਰੀ ਪਾਰਦਰਸ਼ਤਾ, ਯੋਗਤਾ-ਅਧਾਰਤ ਪ੍ਰਕਿਰਿਆ ਰਾਹੀਂ ਕੀਤੀ ਗਈ ਅਧਿਆਪਕਾਂ ਦੀ ਚੋਣ: ਬੈਂਸ*
*•ਅਧਿਆਪਕਾਂ ਦੀ ਮਿਹਨਤ ਸਦਕਾ ਹੀ ਸਕੂਲ ਸਿੱਖਿਆ ਵਿੱਚ ਪਹਿਲੇ ਸਥਾਨ ’ਤੇ ਪੁੱਜਾ ਪੰਜਾਬ: ਸਿੱਖਿਆ ਮੰਤਰੀ*
ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਵਿੱਚ ਸਿੱਖਿਆ ਦੀ ਨੁਹਾਰ ਬਦਲਣ ਵਾਲੇ ਅਧਿਆਪਕਾਂ ਨੂੰ ਮਾਣ ਸਨਮਾਨ ਦੀ ਵਚਨਬੱਧਤਾ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ ਮੌਕੇ 75 ਅਧਿਆਪਕਾਂ ਨੂੰ ਵੱਕਾਰੀ ਰਾਜ ਅਧਿਆਪਕ ਪੁਰਸਕਾਰ- 2026 ਨਾਲ ਸਨਮਾਨਿਤ ਕੀਤਾ ਜਾਵੇਗਾ।
ਸ. ਹਰਜੋਤ ਬੈਂਸ ਨੇ ਦੱਸਿਆ ਕਿ ਇਹ ਸਾਰੇ 75 ਅਧਿਆਪਕ ਰਾਜ ਅਧਿਆਪਕ ਪੁਰਸਕਾਰ ਨੀਤੀ ਅਨੁਸਾਰ ਪਾਰਦਰਸ਼ੀ ਢੰਗ ਨਾਲ ਯੋਗਤਾ ਦੇ ਆਧਾਰ ’ਤੇ ਚੁਣੇ ਗਏ ਹਨ। ਇਨ੍ਹਾਂ ‘ਚੋਂ 55 ਰਾਜ ਅਧਿਆਪਕ ਪੁਰਸਕਾਰ ਲਈ, 10 ਯੰਗ ਅਧਿਆਪਕ ਪੁਰਸਕਾਰ ਲਈ, 4 ਵਿਸ਼ੇਸ਼ ਅਧਿਆਪਕ ਪੁਰਸਕਾਰ ਲਈ ਅਤੇ 6 ਪ੍ਰਬੰਧਕੀ ਪੁਰਸਕਾਰ ਲਈ ਚੁਣੇ ਗਏ ਹਨ।
ਸ. ਬੈਂਸ ਨੇ ਕਿਹਾ ਕਿ ਸੂਬਾ ਸਰਕਾਰ ਅਧਿਆਪਕਾਂ ਦੇ ਵਡਮੁੱਲੇ ਯੋਗਦਾਨ ਨੂੰ ਸਨਮਾਨ ਦੇਣ ਵਿੱਚ ਬਹੁਤ ਮਾਣ ਮਹਿਸੂਸ ਕਰ ਰਹੀ ਹੈ ਕਿਉਂਕਿ ਅਧਿਆਪਕ ਨਾ ਸਿਰਫ਼ ਨੌਜਵਾਨਾਂ ਦੇ ਸੁਪਨਿਆਂ ਨੂੰ ਦਿਸ਼ਾ ਦਿੰਦੇ ਹਨ ਸਗੋਂ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਰਾਹਦਸੇਰੇ ਵੀ ਹੁੰਦੇ ਹਨ। ਇਨ੍ਹਾਂ 75 ਅਧਿਆਪਕਾਂ ਦੀ ਚੋਣ ਪੂਰੀ ਪਾਰਦਰਸ਼ੀ, ਯੋਗਤਾ-ਅਧਾਰਤ ਪ੍ਰਕਿਰਿਆ ਰਾਹੀਂ ਕੀਤੀ ਗਈ ਹੈ, ਜੋ ਇਹ ਯਕੀਨੀ ਬਣਾਉਂਦਾ ਹੈ ਕਿ ਇਸ ਵੱਕਾਰੀ ਸਨਮਾਨ ਲਈ ਉੱਤਮਤਾ ਅਤੇ ਸਮਰਪਣ ਹੀ ਇੱਕਲੌਤਾ ਮਾਪਦੰਡ ਹੈ।
ਸਿੱਖਿਆ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਐਵਾਰਡ ਸਿੱਖਿਆ ਖੇਤਰ ਵਿੱਚ ਅਧਿਆਪਕਾਂ ਨੂੰ ਮਾਣ ਦੇ ਕੇ ਉਨ੍ਹਾਂ ਨੂੰ ਅਗਾਂਹ ਲਈ ਹੋਰ ਮਿਹਨਤ ਲਈ ਪ੍ਰੇਰਨ ਅਤੇ ਉੱਤਮਤਾ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਪ੍ਰਤੀ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹਨ।
ਸ. ਬੈਂਸ ਨੇ ਕਿਹਾ,‘‘ਅਧਿਆਪਕ ਸਾਡੀ ਸਿੱਖਿਆ ਪ੍ਰਣਾਲੀ ਦਾ ਧੁਰਾ ਹਨ ਅਤੇ ਉਨ੍ਹਾਂ ਦੇ ਅਣਥੱਕ ਯਤਨਾਂ ਨੂੰ ਮਾਨਤਾ ਦੇਣਾ ਸਾਡਾ ਤਰਜੀਹੀ ਫਰਜ਼ ਹੈ। ਮੈਂ ਇਨ੍ਹਾਂ ਐਵਾਰਡਾਂ ਲਈ ਚੁਣੇ ਗਏ ਸਾਰੇ ਅਧਿਆਪਕਾਂ ਨੂੰ ਵਧਾਈ ਦਿੰਦਾ ਹਾਂ ਅਤੇ ਸਮੁੱਚੇ ਅਧਿਆਪਕ ਵਰਗ ਨੂੰ ਉੱਤਮਤਾ ਲਈ ਯਤਨਸ਼ੀਲ ਰਹਿਣ ਦੀ ਅਪੀਲ ਕਰਦਾ ਹਾਂ।’’
ਸਿੱਖਿਆ ਦੇ ਖੇਤਰ ਵਿੱਚ ਸਫ਼ਲਤਾ ਦਾ ਸਿਹਰਾ ਅਧਿਆਪਕਾਂ ਦੀ ਮਿਹਨਤ ਅਤੇ ਸਮਰਪਣ ਨੂੰ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੀਤੀ ਆਯੋਗ ਵੱਲੋਂ ਪੰਜਾਬ ਨੂੰ 2026-27 ਲਈ ਕਲਾਸਰੂਮ ਸਿੱਖਿਆ ਦੇ ਨਤੀਜਿਆਂ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਸੂਬੇ ਵਜੋਂ ਮਾਨਤਾ ਦਿੱਤੀ ਗਈ ਹੈ ਅਤੇ ਭਾਰਤ ਸਰਕਾਰ ਦੇ ਪਰਖ ਰਾਸ਼ਟਰੀ ਸਰਵੇਖਣ-2024 ਵਿੱਚ ਕੇਰਲਾ ਨੂੰ ਪਛਾੜ ਕੇ ਦੇਸ਼ ਵਿੱਚ ਪਹਿਲੇ ਸਥਾਨ ’ਤੇ ਰਿਹਾ ਹੈ।
-teachersday2026-punjabeducation-harjotsinghbains-stateteacherawards-punjabteachers
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)