ਲੁਧਿਆਣਾ। ਵਿਧਾਨ ਸਭਾ ਹਲਕਾ ਉੱਤਰੀ ਦੇ ਨਾਨਕ ਨਗਰ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ (ਖੱਡੀਆਂ ਵਾਲਾ ਸਰਕਾਰੀ ਸਕੂਲ) ਨੂੰ ਪੰਜਾਬ ਸਰਕਾਰ ਨੇ ਅਪਗ੍ਰੇਡ ਕਰਕੇ ਸੀਨੀਅਰ ਸੈਕੰਡਰੀ ਸਕੂਲ ਦਾ ਦਰਜਾ ਦੇਣ ਦਾ ਐਲਾਨ ਕੀਤਾ ਹੈ। ਇਸ ਸਕੂਲ ਨੂੰ ਅਪਗ੍ਰੇਡ ਕਰਵਾਉਣ ਲਈ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਪਿਛਲੇ ਚਾਰ ਸਾਲਾਂ ਤੋਂ ਯਤਨ ਕਰ ਰਹੇ ਸਨ। ਸਕੂਲ ਨੂੰ ਅਪਗ੍ਰੇਡ ਕਰਨ ਦੇ ਫੈਸਲੇ ’ਤੇ ਵਿਧਾਇਕ ਬੱਗਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਇਲਾਕੇ ਦੇ ਬੱਚਿਆਂ, ਖ਼ਾਸ ਕਰਕੇ ਲੜਕੀਆਂ ਨੂੰ ਆਪਣੇ ਘਰ ਦੇ ਨੇੜੇ ਹੀ ਬਿਨ੍ਹਾਂ ਕਿਸੇ ਮੁਸ਼ਕਲ ਦੇ ਉੱਚ ਸਿੱਖਿਆ ਹਾਸਲ ਕਰਨ ਦਾ ਮੌਕਾ ਮਿਲੇਗਾ।
ਪੰਜਾਬ ਸਰਕਾਰ ਵੱਲੋਂ ਖੱਡੀਆਂ ਵਾਲਾ ਸਰਕਾਰੀ ਸਕੂਲ ਅਪਗ੍ਰੇਡ ਕਰਨ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਬੱਗਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ), ਪੰਜਾਬ, ਐੱਸ.ਏ.ਐੱਸ. ਨਗਰ ਦੇ ਦਫ਼ਤਰ ਵੱਲੋਂ 6 ਅਕਤੂਬਰ 2026 ਨੂੰ ਪੱਤਰ ਨੰਬਰ 116/2026 ਜਾਰੀ ਕੀਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਹਦਾਇਤਾਂ 11/4/21-1ਐੱਸ6/381 ਦੇ ਮੱਦੇਨਜ਼ਰ ਅਤੇ ਵਿਦਿਆਰਥੀਆਂ ਦੀ ਵਧਦੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਲੁਧਿਆਣਾ ਦੇ ਉਕਤ ਸਰਕਾਰੀ ਹਾਈ ਸਕੂਲ ਨੂੰ ਤੁਰੰਤ ਪ੍ਰਭਾਵ ਨਾਲ ਸੀਨੀਅਰ ਸੈਕੰਡਰੀ ਪੱਧਰ ਤੱਕ ਅਪਗ੍ਰੇਡ ਕੀਤਾ ਗਿਆ ਹੈ।
ਵਿਧਾਇਕ ਬੱਗਾ ਨੇ ਕਿਹਾ ਕਿ ਇਲਾਕੇ ਦੇ ਮਾਪਿਆਂ ਅਤੇ ਵਿਦਿਆਰਥੀਆਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਸਕੂਲ ਨੂੰ ਅਪਗ੍ਰੇਡ ਕੀਤਾ ਜਾਵੇ। ਪ੍ਰਾਇਮਰੀ ਤੋਂ ਹਾਈ ਸਕੂਲ ਅਤੇ ਹੁਣ ਸੀਨੀਅਰ ਸੈਕੰਡਰੀ ਸਕੂਲ ਬਣਨ ਨਾਲ ਬੱਚਿਆਂ ਨੂੰ ਉੱਚ ਸਿਖਿਆ ਦੀ ਪੜ੍ਹਾਈ ਲਈ ਦੂਰ ਨਹੀਂ ਜਾਣਾ ਪਵੇਗਾ। ਇਸ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਵਿਚਾਲੇ ਛੱਡਣ ਦੀ ਦਰ ਨੂੰ ਘਟਾਉਣ ਵਿੱਚ ਵੀ ਮਦਦ ਮਿਲੇਗੀ।
ਖੱਡੀਆਂ ਵਾਲਾ ਸਰਕਾਰੀ ਸਕੂਲ ਨੂੰ ਅਪਗ੍ਰੇਡ ਕਰਨ ਦੇ ਸਰਕਾਰ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਇਲਾਕਾ ਵਾਸੀਆਂ ਨੇ ਇਸ ਫੈਸਲੇ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦਾ ਧੰਨਵਾਦ ਕੀਤਾ।