• ਸੇਫ਼ ਸਕੂਲ ਵਾਹਨ ਪਾਲਿਸੀ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਸਕੂਲ ਪ੍ਰਬੰਧਕ-ਕਰਨਬੀਰ ਸਿੰਘ ਛੀਨਾ
• ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਮਾਲਕਾਂ ਅਤੇ ਚਾਲਕਾਂ ਖ਼ਿਲਾਫ਼ ਹੋਵੇਗੀ ਸਖ਼ਤ ਕਾਨੂੰਨੀ ਕਾਰਵਾਈ
ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਰੀਜਨਲ ਟਰਾਂਸਪੋਰਟ ਅਫ਼ਸਰ ਕਰਨਬੀਰ ਸਿੰਘ ਛੀਨਾ ਵੱਲੋਂ ਚੈਕਿੰਗ ਮੁਹਿੰਮ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 02 ਸਕੂਲੀ ਬੱਸਾਂ ਅਤੇ 07 ਓਵਰਲੋਡ ਟਰੱਕਾਂ ਨੂੰ ਜ਼ਬਤ ਕੀਤਾ ਗਿਆ।ਇਸ ਤੋਂ ਇਲਾਵਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਵੀ ਕੱਟੇ ਗਏ ।
ਰੀਜਨਲ ਟਰਾਂਸਪੋਰਟ ਅਫ਼ਸਰ ਛੀਨਾ ਨੇ ਸਮੂਹ ਸਕੂਲ ਪ੍ਰਬੰਧਕਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਸੇਫ਼ ਸਕੂਲ ਵਾਹਨ ਪਾਲਿਸੀ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ। ਸਕੂਲੀ ਬੱਸਾਂ ਦੇ ਫਿਟਨੈੱਸ ਸਰਟੀਫਿਕੇਟ, ਪਰਮਿਟ, ਬੀਮਾ, ਪ੍ਰਦੂਸ਼ਣ ਸਰਟੀਫਿਕੇਟ ਅਤੇ ਚਾਲਕਾਂ ਦੇ ਡਰਾਈਵਿੰਗ ਲਾਇਸੈਂਸ ਵੈਧ ਹੋਣੇ ਲਾਜ਼ਮੀ ਹਨ। ਬੱਸਾਂ ਵਿੱਚ ਫਾਇਰ ਸੇਫ਼ਟੀ ਉਪਕਰਨ, ਫਸਟ ਏਡ ਬਾਕਸ, ਐਮਰਜੈਂਸੀ ਐਗਜ਼ਿਟ ਅਤੇ ਹੋਰ ਨਿਰਧਾਰਤ ਸੁਰੱਖਿਆ ਸਹੂਲਤਾਂ ਕਾਰਜਸ਼ੀਲ ਹੋਣੀਆਂ ਚਾਹੀਦੀਆਂ ਹਨ। ਨਿਰਧਾਰਤ ਸਮਰੱਥਾ ਤੋਂ ਵੱਧ ਬੱਚੇ ਬਿਠਾਉਣ ਦੀ ਸਖ਼ਤ ਮਨਾਹੀ ਹੈ। ਉਨ੍ਹਾਂ ਟਰੱਕ ਮਾਲਕਾਂ ਅਤੇ ਟਰਾਂਸਪੋਰਟਰਾਂ ਨੂੰ ਚਿਤਾਵਨੀ ਦਿੱਤੀ ਕਿ ਨਿਰਧਾਰਤ ਭਾਰ ਸਮਰੱਥਾ ਤੋਂ ਵੱਧ ਮਾਲ ਲੱਦਣ ਵਾਲੇ ਵਾਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਵਾਹਨਾਂ ਵਿੱਚ ਲੱਦੇ ਮਾਲ ਦਾ ਭਾਰ ਨਿਰਧਾਰਤ ਹੱਦ ਅੰਦਰ ਰੱਖਿਆ ਜਾਵੇ ਅਤੇ ਸਾਰੇ ਲੋੜੀਂਦੇ ਦਸਤਾਵੇਜ਼ ਮੁਕੰਮਲ ਹੋਣ।
ਛੀਨਾ ਨੇ ਸਪੱਸ਼ਟ ਕੀਤਾ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ, ਓਵਰਲੋਡਿੰਗ ਅਤੇ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਹੋਵੇਗੀ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਮੋਟਰ ਵਾਹਨ ਐਕਟ ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਸਾਰੇ ਵਾਹਨ ਮਾਲਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ।