ਸੁਨਾਮ ਹਲਕਾ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਰਕਾਰੀ ਸਕੂਲਾਂ ’ਚ ਸੁਵਿਧਾਵਾਂ ਉਪਲਬਧ ਕਰਵਾਉਣ ਦੀਆਂ ਕੋਸ਼ਿਸ਼ਾਂ ਦੀ ਸਰਾਹਨਾ
ਸੁਨਾਮ ਊਧਮ ਸਿੰਘ ਵਾਲਾ, 24 ਫਰਵਰੀ (ਜਗਸੀਰ ਲੌਂਗੋਵਾਲ ) -
ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿਚ ਦਾਖਲੇ ਵਧਾਉਣ ਲਈ ਜਾਗਰੂਕਤਾ ਅਭਿਆਨ ਲਈ ਚਲਾਇਆ ਜਾ ਰਿਹਾ ਵਿਸ਼ੇਸ਼ ਵੈਨ ਵਿਧਾਨ ਸਭਾ ਹਲਕਾ ਸੁਨਾਮ ਪਹੁੰਚ ਗਈ ਹੈ ਜਿੱਥੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ’ਚ ਹਲਕਾ ਵਾਸੀਆਂ ਵੱਲੋਂ ਇਸਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਸ ਵੈਨ ਵੱਲੋਂ ਸਥਾਨਕ ਸ਼ਹਿਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਦੇ ਨਾਲ-ਨਾਲ ਪੀਰਾਂ ਵਾਲਾ ਗੇਟ ਅਤੇ ਸ਼ਿਵ ਨਿਕੇਤਨ ਚੌਂਕ ਦਾ ਦੌਰਾ ਕੀਤਾ ਗਿਆ ਜਿੱਥੇ ਲੋਕਾਂ ਨੂੰ ਸਰਕਾਰੀ ਸਕੂਲਾਂ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਿਆਂਦੀਆਂ ਗਈਆਂ ਤਬਦੀਲੀਆਂ ਬਾਰੇ ਜਾਗਰੂਕ ਕੀਤਾ ਗਿਆ।
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਸਰਕਾਰੀ ਸਕੂਲਾਂ ’ਚ ਲੋੜੀਂਦੀਆਂ ਸੁਵਿਧਾਵਾਂ ਉਪਲਬਧ ਕਰਵਾਉਣ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸਰਾਹਨਾ ਕਰਦਿਆਂ ਸਥਾਨਕ ਲੋਕਾਂ ਨੇ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਵਿਚ ਉਚ ਯੋਗਤਾ ਵਾਲੇ ਅਧਿਆਪਕ ਅਤੇ ਉੱਤਮ ਦਰਜੇ ਦਾ ਬੁਨਿਆਦੀ ਢਾਂਚਾ ਹੈ ਜਿੱਥੋਂ ਵਿਦਿਆਰਥੀ ਸਮੇਂ ਦੇ ਹਾਣ ਦੀ ਸਿੱਖਿਆ ਗ੍ਰਹਿਣ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਇਨ੍ਹਾਂ ਕੋਸ਼ਿਸ਼ਾਂ ਸਦਕਾ ਹੀ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਨਜ਼ਰੀਆ ਬਦਲਿਆ ਹੈ ਅਤੇ ਹੁਣ ਲੋਕ ਆਪਣੇ ਬੱਚਿਆਂ ਨੂੰ ਮੁੜ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ਵਿਚ ਰੁਚੀ ਲੈ ਰਹੇ ਹਨ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਸਿੱਖਿਆ ਇਕ ਤਰਜੀਹੀ ਖੇਤਰ ਹੈ ਅਤੇ ਇਸੇ ਤਹਿਤ ਹੀ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ’ਚ ਸੁਧਾਰ ਦੇ ਨਾਲ-ਨਾਲ ਸੂਬਾ ਸਰਕਾਰ ਵੱਲੋਂ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਵਿਸ਼ੇਸ਼ ਵੈਨ ਦੀ ਮਦਦ ਨਾਲ ਸਰਕਾਰੀ ਸਕੂਲਾਂ’ਚ ਵਿਦਿਆਰਥੀਆਂ ਨੂੰ ਮਿਲਦੀਆਂ ਸਹੁਲਤਾਂ ਦੀ ਜਾਣਕਾਰੀ ਲੋਕਾਂ ਨੂੰ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਦਾਖਲੇ ਲਈ ਨੇੜੇ ਦੇ ਸਕੂਲ ਦੇ ਨਾਲ-ਨਾਲ ਹੁਣ ਆਨਲਾਈਨ ਪੋਰਟਲ ’ਤੇ ਵੀ ਰਜਿਸਟਰ ਕਰਵਾਇਆ ਜਾ ਸਕਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਦਿਨੇਸ਼ ਕੁਮਾਰ, ਪ੍ਰਿੰਸੀਪਲ ਨੀਲਮ ਰਾਣੀ, ਬੀ.ਪੀ.ਈ.ਓ. ਅਭਿਨਵ ਜੈਦਕਾ, ਜਤਿੰਦਰ ਜੈਨ, ਬਲਾਕ ਪ੍ਰਧਾਨ ਮਨੀ ਸਰਾਓ, ਰਵੀ ਕਮਲ ਗੋਇਲ, ਧੀਰਜ ਕੁਮਾਰ, ਭੁਪਿੰਦਰ ਸਿੰਘ, ਰੁਪਿੰਦਰ ਸਿੰਘ, ਰਾਜੇਸ਼ ਕੁਮਾਰ ਅਤੇ ਸੁਖਵਿੰਦਰ ਸਿੰਘ ਹਾਜ਼ਰ ਸਨ।