- 831 ਪੋਲਿੰਗ ਸਟੇਸ਼ਨਾਂ 'ਤੇ 6 ਲੱਖ 96 ਹਜ਼ਾਰ 965 ਵੋਟਰ ਪਾਉਣਗੇ ਵੋਟ
- ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਦੀਆਂ 17 ਕੰਪਨੀਆਂ ਤਾਇਨਾਤ
- ਪਾਰਦਰਸ਼ੀ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ 100 ਫੀਸਦ ਲਾਈਵ ਵੈਬਕਾਸਟਿੰਗ ਅਤੇ ਸੀ.ਸੀ.ਟੀ.ਵੀ. ਦੀ ਸਹੂਲਤ
- 20 ਨਵੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ
- ਮੁੱਖ ਚੋਣ ਅਧਿਕਾਰੀ ਵੱਲੋਂ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣ ਅਮਲ ਨੂੰ ਨੇਪਰੇ ਚਾੜ੍ਹਨ ਲਈ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ ਦੀ ਜ਼ਿਮਨੀ ਚੋਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਸੁਰੱਖਿਅਤ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ ਪੰਜਾਬ ਪੁਲਸ ਦੇ 6481 ਜਵਾਨ ਤੇ ਅਧਿਕਾਰੀ ਅਤੇ ਕੇਂਦਰੀ ਹਥਿਆਰਬੰਦ ਸੈਨਿਕ ਬਲਾਂ ਦੀਆਂ 17 ਕੰਪਨੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਤੋਂ ਇਲਾਵਾ 3868 ਪੋਲਿੰਗ ਸਟਾਫ਼ ਚੋਣ ਪ੍ਰਬੰਧਾਂ ਨੂੰ ਨੇਪਰੇ ਚਾੜ੍ਹਨ ਲਈ ਡਿਊਟੀ ਨਿਭਾ ਰਿਹਾ ਹੈ।
ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਵਾਲੇ ਚਾਰ ਵਿਧਾਨ ਸਭਾ ਹਲਕਿਆਂ ਵਿੱਚੋਂ 10-ਡੇਰਾ ਬਾਬਾ ਨਾਨਕ ਵਿੱਚ ਕੱਲ 1 ਲੱਖ 93 ਹਜ਼ਾਰ 376 ਵੋਟਰ ਹਨ। ਜਦਕਿ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 241 ਹੈ। ਇੱਥੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 61 ਹੈ। ਡੇਰਾ ਬਾਬਾ ਨਾਨਕ ਵਿੱਚ ਚੋਣ ਡਿਊਟੀ ਨਿਭਾ ਰਹੇ ਅਮਲੇ ਦੀ ਗਿਣਤੀ 701 ਹੈ। ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ ਹੁਣ ਤੱਕ ਜ਼ਾਬਤੇ ਦੀ ਉਲੰਘਣਾ ਦੀਆਂ ਡੇਰਾ ਬਾਬਾ ਨਾਨਕ ਤੋਂ ਕੁੱਲ 19 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 17 ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਇਸ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੁਣ ਤੱਕ ਡੇਰਾ ਬਾਬਾ ਨਾਨਕ ਤੋਂ ਕੁੱਲ 25 ਕਰੋੜ 40 ਲੱਖ ਰੁਪਏ ਦੀ ਜ਼ਬਤੀ ਵੀ ਕੀਤੀ ਗਈ ਹੈ। ਸਿਬਿਨ ਸੀ ਨੇ ਦੱਸਿਆ ਕਿ 23 ਨਵੰਬਰ ਨੂੰ ਡੇਰਾ ਬਾਬਾ ਨਾਨਕ ਹਲਕੇ ਦੀਆਂ ਵੋਟਾਂ ਦੀ ਗਿਣਤੀ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ, ਇੰਜੀਨੀਅਰਿੰਗ ਵਿੰਗ, ਹਰਦੋਛੰਨੀ ਰੋਡ, ਗੁਰਦਾਸਪੁਰ ਵਿਖੇ 18 ਰਾਊਂਡਾਂ ਵਿੱਚ ਹੋਵੇਗੀ।
ਉੱਥੇ ਹੀ 44-ਚੱਬੇਵਾਲ (ਐਸ.ਸੀ) ਵਿੱਚ ਕੁੱਲ 1 ਲੱਖ 59 ਹਜ਼ਾਰ 432 ਵੋਟਰ ਹਨ। ਜਦਕਿ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 205 ਹੈ। ਇੱਥੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 50 ਹੈ। ਚੱਬੇਵਾਲ (ਐੱਸ.ਸੀ) ਵਿੱਚ ਚੋਣ ਡਿਊਟੀ ਨਿਭਾ ਰਹੇ ਅਮਲੇ ਦੀ ਗਿਣਤੀ 1044 ਹੈ। ਇੱਥੋਂ ਚੋਣ ਜ਼ਾਬਤੇ ਦੀ ਉਲੰਘਣਾ ਦੀਆਂ ਕੁੱਲ 35 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 30 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ। ਜਦਕਿ ਕੁੱਲ 60 ਹਜ਼ਾਰ ਰੁਪਏ ਦੀ ਜ਼ਬਤੀ ਕੀਤੀ ਗਈ ਹੈ। ਚੱਬੇਵਾਲ (ਐਸਸੀ) ਹਲਕੇ ਦੀਆਂ ਵੋਟਾਂ ਦੀ ਗਿਣਤੀ ਰਿਆਤ ਐਂਡ ਬਾਹਰਾ ਗਰੁੱਪ ਆਫ ਇੰਸਟੀਚਿਊਟ, ਚੰਡੀਗੜ੍ਹ ਰੋਡ ਹੁਸ਼ਿਆਰਪੁਰ ਵਿਖੇ 15 ਰਾਊਂਡਾਂ ਵਿੱਚ ਕੀਤੀ ਜਾਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ 84-ਗਿੱਦੜਬਾਹਾ ਵਿੱਚ ਕੁੱਲ 1 ਲੱਖ 66 ਹਜ਼ਾਰ 731 ਵੋਟਰ ਹਨ। ਜਦਕਿ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 173 ਹੈ। ਇੱਥੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 96 ਹੈ। ਗਿੱਦੜਬਾਹਾ ਵਿੱਚ ਚੋਣ ਡਿਊਟੀ ਨਿਭਾ ਰਹੇ ਅਮਲੇ ਦੀ ਗਿਣਤੀ 1148 ਹੈ। ਇੱਥੋਂ ਚੋਣ ਜ਼ਾਬਤੇ ਦੀ ਉਲੰਘਣਾਂ ਦੀਆਂ ਕੁੱਲ 24 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 11 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ। ਉੱਥੇ ਹੀ 4 ਲੱਖ 70 ਹਜ਼ਾਰ ਰੁਪਏ ਦੀ ਜ਼ਬਤੀ ਕੀਤੀ ਗਈ ਹੈ। ਗਿੱਦੜਬਾਹਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਗਿੱਦੜਬਾਹਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਭਾਰੂ ਰੋਡ ਵਿਖੇ 13 ਰਾਊਂਡਾਂ ਵਿੱਚ ਕੀਤੀ ਜਾਵੇਗੀ।
ਦੂਜੇ ਪਾਸੇ 103-ਬਰਨਾਲਾ ਵਿੱਚ ਕੁੱਲ 1 ਲੱਖ 77 ਹਜ਼ਾਰ 426 ਵੋਟਰ ਹਨ। ਜਦਕਿ ਪੋਲਿੰਗ ਸਟੇਸ਼ਨਾਂ ਦੀ ਕੁੱਲ ਗਿਣਤੀ 212 ਹੈ। ਇੱਥੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 37 ਹੈ। ਇੱਥੇ ਚੋਣ ਡਿਊਟੀ ਨਿਭਾ ਰਹੇ ਅਮਲੇ ਦੀ ਗਿਣਤੀ 975 ਹੈ। ਇਸ ਤੋਂ ਇਲਾਵਾ ਚੋਣ ਜ਼ਾਬਤੇ ਦੀ ਉਲੰਘਣਾਂ ਦੀਆਂ ਕੁੱਲ 7 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 5 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇੱਥੋਂ 55 ਲੱਖ 50 ਹਜ਼ਾਰ ਰੁਪਏ ਦੀ ਜ਼ਬਤੀ ਵੀ ਕੀਤੀ ਗਈ ਹੈ। ਬਰਨਾਲਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਐੱਸ.ਡੀ. ਕਾਲਜ ਆਫ ਐਜੂਕੇਸ਼ਨ, ਬਰਨਾਲਾ ਵਿਖੇ 16 ਰਾਊਂਡਾਂ ਵਿੱਚ ਕੀਤੀ ਜਾਵੇਗੀ।
ਸਿਬਿਨ ਸੀ ਨੇ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਦੀ ਨਿਗਰਾਨੀ ਸੀ.ਸੀ.ਟੀ.ਵੀ. ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਇਸਦੇ ਨਾਲ ਹੀ ਚੋਣ ਅਧਿਕਾਰੀਆਂ ਅਤੇ ਅਬਜ਼ਰਵਰਾਂ ਦੁਆਰਾ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦ ਲਾਈਵ ਵੈਬਕਾਸਟਿੰਗ ਯਕੀਨੀ ਬਣਾਈ ਗਈ ਹੈ।
ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਪੋਲਿੰਗ ਸਟਾਫ਼ ਦੀ ਸਹੂਲਤ ਲਈ ਪੋਲਿੰਗ ਸਟੇਸ਼ਨਾਂ ‘ਤੇ ਖਾਣ-ਪੀਣ, ਰਿਹਾਇਸ਼ ਦੇ ਉਚਿਤ ਪ੍ਰਬੰਧ ਅਤੇ ਵੱਧ ਰਹੀ ਠੰਢ ਤੋਂ ਬਚਾਉਣ ਲਈ ਲੋੜੀਂਦੇ ਉਪਾਅ ਕੀਤੇ ਗਏ ਹਨ। ਪੋਲਿੰਗ ਸਟੇਸ਼ਨਾਂ 'ਤੇ ਵੋਟਰਾਂ ਲਈ ਪੀਣ ਵਾਲੇ ਪਾਣੀ, ਵੇਟਿੰਗ ਏਰੀਆ, ਵਧੀਆ ਕੁਆਲਿਟੀ ਦੇ ਪਖਾਨਿਆਂ ਅਤੇ ਹੋਰ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਸਿਬਿਨ ਸੀ ਨੇ ਦੱਸਿਆ ਕਿ 20 ਨਵੰਬਰ (ਬੁੱਧਵਾਰ) ਨੂੰ ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ ਅਤੇ 23 ਨਵੰਬਰ (ਸ਼ਨਿੱਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਉਨ੍ਹਾਂ ਚਾਰੋਂ ਵਿਧਾਨ ਸਭਾ ਹਲਕਿਆਂ ਦੇ ਵੋਟਰਾਂ ਨੂੰ ਬਿਨਾਂ ਕਿਸੇ ਡਰ, ਲਾਲਚ ਤੇ ਭੈਅ ਤੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ।
Powered by Froala Editor
Punjab-Fully-Prepared-For-Bye-elections-Ceo-Sibin-C
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)