6 ਸਤੰਬਰ ਨੂੰ ਮੋਗਾ ਦੇ ਸਾਰੇ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ
Sep2,2026
| Jagrati Lahar Bureau | Moga
6 ਸਤੰਬਰ ਨੂੰ ਮੋਗਾ ਦੇ ਸਾਰੇ ਪੋਲਿੰਗ ਬੂਥਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ
ਵੋਟਰ ਸੂਚੀ ਦੀ ਜਾਂਚ ਤੋਂ ਲੈ ਕੇ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਤੱਕ ਮਿਲੇਗੀ ਚੋਣ ਸੇਵਾਵਾਂ ਦੀ ਸਹੂਲਤ
ਮੋਗਾ, 2 ਸਤੰਬਰ: ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਗਹਿਰੀ ਸੁਧਾਈ-2026 (SIR) ਤਹਿਤ ਜ਼ਿਲ੍ਹਾ ਮੋਗਾ ਦੇ ਸਾਰੇ ਪੋਲਿੰਗ ਬੂਥਾਂ ’ਤੇ 6 ਸਤੰਬਰ 2026, ਐਤਵਾਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਕੈਂਪ ਦੌਰਾਨ ਨਾਗਰਿਕ ਆਪਣੀ ਵੋਟਰ ਸੂਚੀ ਨਾਲ ਸਬੰਧਤ ਜਾਣਕਾਰੀ ਦੀ ਜਾਂਚ ਕਰਵਾ ਸਕਣਗੇ ਅਤੇ ਲੋੜ ਅਨੁਸਾਰ ਚੋਣ ਸੇਵਾਵਾਂ ਦਾ ਲਾਭ ਲੈ ਸਕਣਗੇ।
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਕੈਂਪ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸਾਰੇ ਪੋਲਿੰਗ ਬੂਥਾਂ ’ਤੇ ਲਗਾਏ ਜਾਣਗੇ। ਇਸ ਦੌਰਾਨ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਬੂਥਾਂ ’ਤੇ ਮੌਜੂਦ ਰਹਿ ਕੇ ਵੋਟਰਾਂ ਨੂੰ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕਰਨਗੇ।
ਕੈਂਪਾਂ ਵਿੱਚ ਫਾਰਮ-6, ਫਾਰਮ-6B ਅਤੇ ਫਾਰਮ-8 ਨਾਲ ਸਬੰਧਤ ਸਹਾਇਤਾ ਦਿੱਤੀ ਜਾਵੇਗੀ। ਨਵੇਂ ਯੋਗ ਨਾਗਰਿਕ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਲਈ ਅਰਜ਼ੀ ਦੇ ਸਕਣਗੇ, ਜਦਕਿ ਮੌਜੂਦਾ ਵੋਟਰ ਵੋਟਰ ਸੂਚੀ ਵਿੱਚ ਲੋੜੀਂਦੀ ਸੋਧ ਕਰਵਾਉਣ ਲਈ ਮਾਰਗਦਰਸ਼ਨ ਲੈ ਸਕਣਗੇ।
ਨੌਜਵਾਨਾਂ ਦੀ ਰਜਿਸਟ੍ਰੇਸ਼ਨ ’ਤੇ ਵਿਸ਼ੇਸ਼ ਧਿਆਨ
18-19 ਸਾਲ ਉਮਰ ਵਰਗ ਦੇ ਨੌਜਵਾਨਾਂ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਦਿਵਿਆਂਗ ਵੋਟਰਾਂ ਨੂੰ ਵੋਟਰ ਸੂਚੀ ਵਿੱਚ ਮਾਰਕ ਕਰਨ ਲਈ ਫਾਰਮ-8 ਸਬੰਧੀ ਵੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਪਾਂ ਦੌਰਾਨ ਕਿਸੇ ਵੀ ਵੋਟਰ ਨੂੰ ਮੁਸ਼ਕਲ ਪੇਸ਼ ਨਾ ਆਵੇ ਅਤੇ ਹਰ ਯੋਗ ਨਾਗਰਿਕ ਨੂੰ ਚੋਣ ਸੇਵਾਵਾਂ ਦਾ ਲਾਭ ਮਿਲੇ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 6 ਸਤੰਬਰ ਨੂੰ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਪਹੁੰਚ ਕੇ ਆਪਣਾ ਨਾਮ ਅਤੇ ਵੋਟਰ ਸੂਚੀ ਨਾਲ ਸਬੰਧਤ ਵੇਰਵਿਆਂ ਦੀ ਜਾਂਚ ਜ਼ਰੂਰ ਕਰਨ ਅਤੇ ਲੋੜ ਪੈਣ ’ਤੇ ਮੌਕੇ ’ਤੇ ਹੀ ਚੋਣ ਸੇਵਾਵਾਂ ਲਈ ਸਹਾਇਤਾ ਲੈਣ।
-moganews-punjabnews-voterlist-election2026-sir2026