ਮਾਲੇਰਕੋਟਲਾ ਵਿੱਚ ਐਸ.ਆਈ.ਆਰ.-2026 ਦੀ ਪ੍ਰਕਿਰਿਆ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਕਰਵਾਉਣ ਲਈ ਰੋਲ ਆਬਜ਼ਰਵਰ ਵੱਲੋਂ ਸਮੀਖਿਆ
Sep2,2026
| Jagrati Lahar Bureau | Malerkotla
6 ਸਤੰਬਰ ਨੂੰ ਜ਼ਿਲ੍ਹੇ ਦੇ 406 ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਵਿਸ਼ੇਸ਼ ਕੈਂਪ; ਯੋਗ ਨਾਗਰਿਕ 12 ਸਤੰਬਰ ਤੱਕ ਨਵੀਂ ਵੋਟ ਲਈ ਕਰ ਸਕਦੇ ਹਨ ਅਰਜ਼ੀ
ਮਾਲੇਰਕੋਟਲਾ, 2 ਸਤੰਬਰ — ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਸ.ਆਈ.ਆਰ.-2026 ਦੀ ਪ੍ਰਕਿਰਿਆ ਨੂੰ ਸੁਚੱਜੇ, ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਾਲੇਰਕੋਟਲਾ ਜ਼ਿਲ੍ਹੇ ਦੇ ਰੋਲ ਆਬਜ਼ਰਵਰ ਗੁਰਪ੍ਰੀਤ ਸਿੰਘ ਖਹਿਰਾ, ਆਈ.ਏ.ਐਸ. ਨੇ ਪਹਿਲਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਡਿਪਟੀ ਕਮਿਸ਼ਨਰ, ਈ.ਆਰ.ਓਜ਼ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਮੀਖਿਆ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਐਸ.ਆਈ.ਆਰ.-2026 ਦੇ ਨੋਟਿਸ ਪੜਾਅ, ਦਾਅਵਿਆਂ ਤੇ ਇਤਰਾਜ਼ਾਂ, ਉਨ੍ਹਾਂ ਦੇ ਨਿਪਟਾਰੇ ਅਤੇ ਵੋਟਰ ਸੂਚੀਆਂ ਦੀ ਤਸਦੀਕ ਸਬੰਧੀ ਹੁਣ ਤੱਕ ਹੋਈ ਕਾਰਵਾਈ ਦਾ ਜਾਇਜ਼ਾ ਲਿਆ ਗਿਆ। ਰੋਲ ਆਬਜ਼ਰਵਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਵਾਂਝਾ ਨਾ ਰਹੇ ਅਤੇ ਕਿਸੇ ਅਯੋਗ ਵਿਅਕਤੀ ਦਾ ਨਾਮ ਸੂਚੀ ਵਿੱਚ ਦਰਜ ਨਾ ਹੋਵੇ।
ਉਨ੍ਹਾਂ ਦੱਸਿਆ ਕਿ 6 ਸਤੰਬਰ 2026 ਨੂੰ ਜ਼ਿਲ੍ਹੇ ਦੇ ਸਾਰੇ 406 ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਦੌਰਾਨ ਬੀ.ਐਲ.ਓਜ਼ ਪੋਲਿੰਗ ਸਟੇਸ਼ਨਾਂ ’ਤੇ ਮੌਜੂਦ ਰਹਿ ਕੇ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ।
ਉਨ੍ਹਾਂ ਕਿਹਾ ਕਿ 1 ਅਕਤੂਬਰ 2026 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਨਵੀਂ ਵੋਟ ਬਣਵਾਉਣ ਦੇ ਯੋਗ ਨਾਗਰਿਕ 12 ਸਤੰਬਰ ਤੱਕ ਫਾਰਮ-6 ਅਤੇ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਐਨ.ਆਰ.ਆਈ. ਵੋਟਰਾਂ ਲਈ ਫਾਰਮ-6ਏ, ਨਾਮ ਕਟਵਾਉਣ ਲਈ ਫਾਰਮ-7 ਅਤੇ ਵੋਟਰ ਸੂਚੀ ਵਿੱਚ ਸੋਧ ਜਾਂ ਪਤਾ ਬਦਲਣ ਲਈ ਫਾਰਮ-8 ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਹ ਫਾਰਮ ਆਨਲਾਈਨ ਵੋਟਰ ਪੋਰਟਲ ਅਤੇ ECINET ਐਪ ਰਾਹੀਂ ਵੀ ਭਰੇ ਜਾ ਸਕਦੇ ਹਨ।
ਰੋਲ ਆਬਜ਼ਰਵਰ ਨੇ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ 2026 ਤੱਕ ਕੀਤਾ ਜਾਵੇਗਾ, ਜਦਕਿ ਅੰਤਿਮ ਵੋਟਰ ਸੂਚੀ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਵੱਧ ਨਵੀਆਂ ਵੋਟਾਂ ਜਾਂ ਵੱਧ ਨਾਮ ਕਟੌਤੀ ਵਾਲੇ ਪੋਲਿੰਗ ਸਟੇਸ਼ਨਾਂ ਦੀ ਮੁੜ ਤਸਦੀਕ ਕਰਨ ਦੇ ਵੀ ਨਿਰਦੇਸ਼ ਦਿੱਤੇ।
ਉਨ੍ਹਾਂ 7,240 ਮੈਪਿੰਗ ਤੋਂ ਵਾਂਝੇ ਵੋਟਰਾਂ ਅਤੇ ਹੋਰ ਕਮੀਆਂ-ਪੇਸ਼ੀਆਂ ਵਾਲੇ 50,264 ਵੋਟਰਾਂ ਸਬੰਧੀ ਜਾਰੀ ਕੀਤੇ ਜਾ ਰਹੇ ਕੁੱਲ 57,503 ਨੋਟਿਸਾਂ ਦੀ ਕਾਰਵਾਈ ਦਾ ਵੀ ਜਾਇਜ਼ਾ ਲਿਆ ਅਤੇ ਨਿਰਧਾਰਤ ਸਮਾਂ-ਸੀਮਾ ਅੰਦਰ ਇਨ੍ਹਾਂ ਦਾ ਨਿਪਟਾਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਸ.ਆਈ.ਆਰ.-2026 ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਪੂਰਾ ਕਰਨ ਲਈ ਵਚਨਬੱਧ ਹੈ।
-malerkotlanews-sir2026-voterlist-electioncommission-punjabnews