*12,16,462 ਪੁਰਸ਼, 11,27,537 ਔਰਤਾਂ, 71 ਟਰਾਂਸਜੈਂਡਰ ਅਤੇ 471 ਐਨ.ਆਰ.ਆਈ ਵੋਟਰ ਸ਼ਾਮਲ*
ਲੁਧਿਆਣਾ, 12 ਅਕਤੂਬਰ:
ਭਾਰਤ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ)-2026 ਸਬੰਧੀ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 1 ਅਕਤੂਬਰ, 2026 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਅੱਜ 12 ਅਕਤੂਬਰ ਨੂੰ ਕਰ ਦਿੱਤੀ ਗਈ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਲੁਧਿਆਣਾ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਦੱਸਿਆ ਗਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ ਉਪਰੰਤ ਜ਼ਿਲ੍ਹਾ ਲੁਧਿਆਣਾ ਵਿੱਚ ਕੁੱਲ ਵੋਟਰਾਂ ਦੀ ਗਿਣਤੀ 23,44,070 ਹੋ ਗਈ ਹੈ। ਇਨ੍ਹਾਂ ਵਿੱਚ 12,16,462 ਪੁਰਸ਼, 11,27,537 ਔਰਤਾਂ, 71 ਟਰਾਂਸਜੈਂਡਰ ਅਤੇ 471 ਐਨ.ਆਰ.ਆਈ. ਵੋਟਰ ਸ਼ਾਮਲ ਹਨ। ਜ਼ਿਲ੍ਹੇ ਵਿੱਚ ਕੁੱਲ 3,031 ਪੋਲਿੰਗ ਬੂਥ ਹਨ, ਜਿਨ੍ਹਾਂ ਵਿੱਚ 1,528 ਸ਼ਹਿਰੀ ਅਤੇ 1,503 ਪੇਂਡੂ ਪੋਲਿੰਗ ਬੂਥ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ-2026 (ਬਿਨਾਂ ਫੋਟੋ) ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ
www.ludhiana.nic.in ’ਤੇ ਅਪਲੋਡ ਕਰ ਦਿੱਤੀ ਗਈ ਹੈ। ਵੋਟਰ ਇਸ ਵੈੱਬਸਾਈਟ ਰਾਹੀਂ ਆਪਣਾ ਨਾਮ ਅਤੇ ਵੋਟ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ, ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ ਜਾ ਕੇ ਵੀ ਵੋਟਰ ਸੂਚੀ ਵਿੱਚ ਆਪਣੇ ਵੇਰਵਿਆਂ ਦੀ ਪੁਸ਼ਟੀ ਕੀਤੀ ਜਾ ਸਕਦੀ ਹੈ।
ਉਨ੍ਹਾਂ ਦੱਸਿਆ ਕਿ ਕੋਈ ਵੀ ਯੋਗ ਵਿਅਕਤੀ, ਜਿਸ ਦੀ ਉਮਰ 1 ਅਕਤੂਬਰ, 2026 ਨੂੰ 18 ਸਾਲ ਪੂਰੀ ਹੋ ਗਈ ਹੈ ਅਤੇ ਜਿਸ ਦਾ ਨਾਮ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਦਰਜ ਨਹੀਂ ਹੈ, ਉਹ ਲਗਾਤਾਰ ਸੁਧਾਈ ਦੌਰਾਨ ਫਾਰਮ ਨੰਬਰ 6 ਭਰ ਕੇ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਅਰਜ਼ੀ ਦੇ ਸਕਦਾ ਹੈ। ਵਿਦੇਸ਼ਾਂ ਵਿੱਚ ਰਹਿ ਰਹੇ ਯੋਗ ਭਾਰਤੀ ਨਾਗਰਿਕ ਫਾਰਮ ਨੰਬਰ 6ਏ ਰਾਹੀਂ ਆਪਣੀ ਵੋਟ ਬਣਵਾਉਣ ਲਈ ਅਰਜ਼ੀ ਦੇ ਸਕਦੇ ਹਨ।
ਇਸੇ ਤਰ੍ਹਾਂ, ਕਿਸੇ ਵੋਟਰ ਦੀ ਮੌਤ ਹੋਣ ’ਤੇ ਉਸ ਦਾ ਨਾਮ ਵੋਟਰ ਸੂਚੀ ਵਿੱਚੋਂ ਕਟਵਾਉਣ ਲਈ ਫਾਰਮ ਨੰਬਰ 7 ਭਰਿਆ ਜਾ ਸਕਦਾ ਹੈ। ਵੋਟਰ ਸੂਚੀ ਜਾਂ ਵੋਟਰ ਸ਼ਨਾਖਤੀ ਕਾਰਡ ਵਿੱਚ ਦਰਜ ਵੇਰਵਿਆਂ ਦੀ ਦਰੁਸਤੀ, ਰਿਹਾਇਸ਼ ਦੀ ਤਬਦੀਲੀ ਜਾਂ ਡੁਪਲੀਕੇਟ ਵੋਟਰ ਸ਼ਨਾਖਤੀ ਕਾਰਡ ਬਣਵਾਉਣ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ।
ਇਹ ਫਾਰਮ ਸਬੰਧਤ ਪੋਲਿੰਗ ਬੂਥ ਦੇ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼), ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਜਾਂ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਕੋਲ ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਸ ਤੋਂ ਇਲਾਵਾ, ਭਾਰਤ ਚੋਣ ਕਮਿਸ਼ਨ ਦੇ ਪੋਰਟਲ
www.nvsp.in ਜਾਂ ECINET ਰਾਹੀਂ ਆਨਲਾਈਨ ਅਰਜ਼ੀ ਦੇ ਕੇ ਲੋੜੀਂਦੇ ਦਸਤਾਵੇਜ਼, ਜਿਵੇਂ ਬਿਨੈਕਾਰ ਦੀ ਫੋਟੋ ਅਤੇ ਉਮਰ ਤੇ ਰਿਹਾਇਸ਼ ਦੇ ਸਬੂਤ, ਵੀ ਅਪਲੋਡ ਕੀਤੇ ਜਾ ਸਕਦੇ ਹਨ।