ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਸੰਗਰੂਰ ਜ਼ਿਲ੍ਹੇ ਵਿੱਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ਵਿਚ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ ਕਰਮਚਾਰੀਆਂ ਵਿੱਚੋਂ ਜੇਕਰ ਕੋਈ ਰਾਜਸਥਾਨ ਅਤੇ ਜੰਮੂ-ਕਸ਼ਮੀਰ ਦਾ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ 19 ਅਪ੍ਰੈਲ (ਸ਼ੁੱਕਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਉਹਨਾਂ ਦੱਸਿਆ ਕਿ ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹੇ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰ ਨੂੰ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 19 ਅਪ੍ਰੈਲ ਨੂੰ ਅਦਾਇਗੀ ਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।