ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਰਾਹਤ, ਗ੍ਰਿਫ਼ਤਾਰੀ ਤੇ ਰੋਕ
May29,2026
| Gurvinder Singh Mohali | Sas Nagar
ਵੈਬ ਸੀਰੀਜ਼ 'ਲੁੱਖੇ' ਵਿੱਚ ਔਰਤਾਂ ਖ਼ਿਲਾਫ਼ ਕਥਿਤ ਅਪਮਾਨਜਨਕ ਟਿੱਪਣੀ ਕਰਨ ਦੇ ਮਾਮਲੇ ਵਿੱਚ ਉਲਝੇ ਸਾਬਕਾ ਕ੍ਰਿਕਟਰ ਅਤੇ ਅਦਾਕਾਰ ਯੋਗਰਾਜ ਸਿੰਘ ਨੂੰ ਰਾਹਤ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਗਲੇ ਹੁਕਮਾਂ ਤੱਕ ਉਨ੍ਹਾਂ ਖ਼ਿਲਾਫ਼ ਗ੍ਰਿਫ਼ਤਾਰੀ ਸਮੇਤ ਕਿਸੇ ਵੀ ਤਰ੍ਹਾਂ ਦੀ ਸਖ਼ਤ ਕਾਰਵਾਈ ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਮਾਨਯੋਗ ਅਦਾਲਤ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕਰਕੇ ਇਸ ਮਾਮਲੇ ਵਿੱਚ ਆਪਣਾ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਯੋਗਰਾਜ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਹੇਠਲੀ ਅਦਾਲਤ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ। ਹਾਈ ਕੋਰਟ ਨੇ ਮਾਮਲੇ ਦੇ ਤੱਥਾਂ ਤੇ ਮੁਢਲੇ ਵਿਚਾਰ ਤੋਂ ਬਾਅਦ ਉਨ੍ਹਾਂ ਨੂੰ ਅੰਤਰਿਮ ਸੁਰੱਖਿਆ ਪ੍ਰਦਾਨ ਕੀਤੀ ਹੈ।
ਯੋਗਰਾਜ ਸਿੰਘ ਵਿਰੁੱਧ 14 ਮਈ, 2026 ਨੂੰ ਵਕੀਲ ਉਜਵਲ ਭਸੀਨ ਅਤੇ ਜਤਿਨ ਵਰਮਾ ਦੀ ਸ਼ਿਕਾਇਤ ਤੇ ਚੰਡੀਗੜ੍ਹ ਦੇ ਸੈਕਟਰ-36 ਪੁਲੀਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤ ਵਿੱਚ ਦਾਅਵਾ ਕੀਤਾ ਗਿਆ ਕਿ ਵੈਬ ਸੀਰੀਜ਼ ਦੇ ਇੱਕ ਵਾਇਰਲ ਸੀਨ ਵਿੱਚ ਯੋਗਰਾਜ ਸਿੰਘ ਦੇ ਕਿਰਦਾਰ ਦੁਆਰਾ ਬੋਲੇ ਗਏ ਸੰਵਾਦ ਕੰਮਕਾਜੀ ਔਰਤਾਂ ਦਾ ਅਪਮਾਨ ਕਰਦੇ ਹਨ, ਔਰਤਾਂ ਪ੍ਰਤੀ ਨਫ਼ਰਤ ਫੈਲਾਉਂਦੇ ਹਨ ਅਤੇ ਜਨਤਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ। ਉੱਥੇ ਹੀ ਅਦਾਲਤ ਵਿੱਚ ਆਪਣੇ ਵਕੀਲ ਰਾਹੀਂ ਪੱਖ ਰੱਖਦਿਆਂ ਯੋਗਰਾਜ ਸਿੰਘ ਨੇ ਦਲੀਲ ਦਿੱਤੀ ਸੀ ਕਿ ਉਹ ਵੈਬ ਸੀਰੀਜ਼ ਵਿੱਚ ਸਿਰਫ਼ ਇੱਕ ਕਿਰਦਾਰ ਨਿਭਾ ਰਹੇ ਸਨ ਅਤੇ ਉਹ ਪ੍ਰੋਡਕਸ਼ਨ ਨਾਲ ਹੋਏ ਇੱਕ ਸਮਝੌਤੇ ਵਿੱਚ ਬੱਝੇ ਹੋਏ ਸਨ।
Punjabi-Film-Actor-Yograj-Singh-Court-Arrest-Stay-